‘ਪੰਜਾਬ ਦਾ ਕਰੋੜਪਤੀ’ ਕੁਇਜ਼ ਲਈ ਸਕੂਲਾਂ 'ਤੇ ਫੋਕਸ, ਹਰ ਸਕੂਲ 'ਚ ਨਿਯੁਕਤ ਹੋਵੇਗਾ ਨੋਡਲ ਅਧਿਕਾਰੀ; 28 ਨਵੰਬਰ ਤਕ ਰਜਿਸਟ੍ਰੇਸ਼ਨ ਕਰਵਾਉਣ ਦੇ ਨਿਰਦੇਸ਼
ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਸਕੂਲਾਂ ਨੂੰ ਰਜਿਸਟ੍ਰੇਸ਼ਨ ਲਿੰਕ ਅਤੇ QR ਕੋਡ ਹਰੇਕ ਕਲਾਸ ਇੰਚਾਰਜ, ਸਕੂਲ ਦੇ ਵ੍ਹਟਸਐਪ ਗਰੁੱਪ ਅਤੇ ਹੋਰ ਅਧਿਕਾਰਤ ਸੰਚਾਰ ਮਾਧਿਅਮਾਂ ਰਾਹੀਂ ਵਿਦਿਆਰਥੀਆਂ ਤੱਕ ਪਹੁੰਚਾਉਣਾ ਹੋਵੇਗਾ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਸੂਚਨਾ ਜਾਰੀ ਕਰਨਾ ਕਾਫ਼ੀ ਨਹੀਂ ਹੋਵੇਗਾ, ਸਗੋਂ ਯੋਗ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਕੂਲ ਪੱਧਰ 'ਤੇ ਯਤਨ ਕਰਨੇ ਪੈਣਗੇ।
Publish Date: Sat, 14 Nov 2026 04:08 PM (IST)
Updated Date: Sat, 14 Nov 2026 04:14 PM (IST)
Punjab Da Crorepati Quiz Competition : ਰੋਹਿਤ ਕੁਮਾਰ, ਚੰਡੀਗੜ੍ਹ : ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ 'ਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਸਰਗਰਮ ਕਰ ਦਿੱਤਾ ਹੈ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਸਿੱਖਿਆ) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧੀਨ ਆਉਣ ਵਾਲੇ ਸਕੂਲਾਂ ਦੇ ਮੁਖੀਆਂ ਰਾਹੀਂ ਯੋਗ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਇਸ ਲਈ ਹਰੇਕ ਸਕੂਲ 'ਚ ਇਕ ਅਧਿਆਪਕ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ, ਜੋ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ 'ਚ ਮਦਦ ਕਰਨ ਦੇ ਨਾਲ-ਨਾਲ ਪੂਰੀ ਪ੍ਰਕਿਰਿਆ ਦਾ ਤਾਲਮੇਲ ਵੀ ਕਰੇਗਾ।
ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਸਕੂਲਾਂ ਨੂੰ ਰਜਿਸਟ੍ਰੇਸ਼ਨ ਲਿੰਕ ਅਤੇ QR ਕੋਡ ਹਰੇਕ ਕਲਾਸ ਇੰਚਾਰਜ, ਸਕੂਲ ਦੇ ਵ੍ਹਟਸਐਪ ਗਰੁੱਪ ਅਤੇ ਹੋਰ ਅਧਿਕਾਰਤ ਸੰਚਾਰ ਮਾਧਿਅਮਾਂ ਰਾਹੀਂ ਵਿਦਿਆਰਥੀਆਂ ਤੱਕ ਪਹੁੰਚਾਉਣਾ ਹੋਵੇਗਾ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਸੂਚਨਾ ਜਾਰੀ ਕਰਨਾ ਕਾਫ਼ੀ ਨਹੀਂ ਹੋਵੇਗਾ, ਸਗੋਂ ਯੋਗ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਕੂਲ ਪੱਧਰ 'ਤੇ ਯਤਨ ਕਰਨੇ ਪੈਣਗੇ।
ਵਿਭਾਗ ਨੇ ਉਨ੍ਹਾਂ ਵਿਦਿਆਰਥੀਆਂ ਦੀ ਮਦਦ ਕਰਨ 'ਤੇ ਵੀ ਜ਼ੋਰ ਦਿੱਤਾ ਹੈ, ਜੋ ਤਕਨੀਕੀ ਜਾਣਕਾਰੀ ਜਾਂ ਡਿਜੀਟਲ ਸਹੂਲਤਾਂ ਦੀ ਘਾਟ ਕਾਰਨ ਖ਼ੁਦ ਰਜਿਸਟ੍ਰੇਸ਼ਨ ਨਹੀਂ ਕਰ ਸਕਦੇ। ਅਜਿਹੇ ਵਿਦਿਆਰਥੀਆਂ ਨੂੰ ਸਕੂਲ 'ਚ ਉਪਲਬਧ ਡਿਜੀਟਲ ਸਰੋਤਾਂ ਰਾਹੀਂ ਅਰਜ਼ੀ ਦੇਣ 'ਚ ਮਦਦ ਕੀਤੀ ਜਾਵੇਗੀ। ਸਕੂਲਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਅਗਲੇ ਪੜਾਵਾਂ 'ਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕਰਨਾ ਹੋਵੇਗਾ।
ਘੱਟ ਰਜਿਸਟ੍ਰੇਸ਼ਨ ਵਾਲੇ ਸਕੂਲਾਂ 'ਤੇ ਰਹੇਗੀ ਨਜ਼ਰ
ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਕਰਨਗੇ। ਉਨ੍ਹਾਂ ਨੂੰ ਆਪਣੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੀ ਸਕੂਲਵਾਰ ਰਜਿਸਟ੍ਰੇਸ਼ਨ ਪ੍ਰਗਤੀ ਦੀ ਨਿਯਮਿਤ ਸਮੀਖਿਆ ਕਰਨੀ ਹੋਵੇਗੀ। ਜਿਨ੍ਹਾਂ ਸਕੂਲਾਂ 'ਚ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੀ ਗਿਣਤੀ ਘੱਟ ਹੋਵੇਗੀ, ਉਨ੍ਹਾਂ ਨਾਲ ਤੁਰੰਤ ਸੰਪਰਕ ਕਰਕੇ ਲੋੜੀਂਦੇ ਕਦਮ ਚੁੱਕਣੇ ਹੋਣਗੇ। ਵਿਭਾਗ ਦਾ ਜ਼ੋਰ ਇਸ ਗੱਲ 'ਤੇ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਜਾਂ ਤਕਨੀਕੀ ਮਦਦ ਦੀ ਘਾਟ ਕਾਰਨ ਮੁਕਾਬਲੇ 'ਚ ਹਿੱਸਾ ਲੈਣ ਦੇ ਮੌਕੇ ਤੋਂ ਵਾਂਝਾ ਨਾ ਰਹਿ ਜਾਵੇ।
17 ਨਵੰਬਰ ਨੂੰ ਸਕੂਲ ਮੁਖੀਆਂ ਨੂੰ ਦਿੱਤੀ ਜਾਵੇਗੀ ਜਾਣਕਾਰੀ
ਵਿਭਾਗ ਵੱਲੋਂ 17 ਨਵੰਬਰ ਨੂੰ ਸਵੇਰੇ 10 ਵਜੇ ਯੂਟਿਊਬ ਲਾਈਵ ਓਰੀਐਂਟੇਸ਼ਨ ਸੈਸ਼ਨ ਵੀ ਕਰਵਾਇਆ ਜਾਵੇਗਾ। ਇਸ 'ਚ ਸਕੂਲ ਮੁਖੀਆਂ ਨੂੰ ਮੁਕਾਬਲੇ ਦੇ ਫਾਰਮੈਟ, ਵਿਦਿਆਰਥੀਆਂ ਦੀ ਯੋਗਤਾ, ਰਜਿਸਟ੍ਰੇਸ਼ਨ ਪ੍ਰਕਿਰਿਆ ਅਤੇ ਸਕੂਲਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਰਜਿਸਟ੍ਰੇਸ਼ਨ 14 ਨਵੰਬਰ ਤੋਂ ਸ਼ੁਰੂ ਹੋ ਕੇ 28 ਨਵੰਬਰ ਤਕ ਚੱਲੇਗੀ। 1 ਜਨਵਰੀ 2027 ਨੂੰ 15 ਤੋਂ 30 ਸਾਲ ਦੀ ਉਮਰ ਵਾਲੇ ਪੰਜਾਬ ਦੇ ਵਸਨੀਕ ਜਾਂ ਪੰਜਾਬ ਦੇ ਵਿੱਦਿਅਕ ਅਦਾਰਿਆਂ 'ਚ ਪੜ੍ਹਨ ਵਾਲੇ ਵਿਦਿਆਰਥੀ ਇਸ ਮੁਕਾਬਲੇ 'ਚ ਹਿੱਸਾ ਲੈਣ ਦੇ ਯੋਗ ਹੋਣਗੇ। ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਾਰੇ ਨਿਰਦੇਸ਼ਾਂ ਦੀ ਤੈਅ ਸਮਾਂ-ਸੀਮਾ ਅੰਦਰ ਪਾਲਣਾ ਯਕੀਨੀ ਬਣਾਉਣ ਅਤੇ ਇਸ ਕੰਮ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਲਈ ਕਿਹਾ ਹੈ।