ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਡੀਐੱਸਪੀ (ਜੇਲ੍ਹਾਂ) ਅਮਰ ਸਿੰਘ ਤੇ ਉਸ ਦੇ ਪਰਿਵਾਰ ਨੂੰ ਤੰਗ ਪਰੇਸ਼ਾਨ ਕਰਨ ਦਾ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਅਤੇ ਡੀਜੀਪੀ (ਜੇਲ੍ਹਾਂ) ਨੂੰ 23 ਮਈ ਨੂੰ ਤਲਬ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਪੰਜਾਬ ਪੁਲਿਸ ਨੂੰ ਸੁਣਵਾਈ ਦੀ ਤਰੀਕ ਤੋਂ ਪਹਿਲਾਂ ਤਾਜ਼ਾ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਦਿੱਤੀ ਸ਼ਿਕਾਇਤ ਵਿਚ ਡੀਐੱਸਪੀ (ਜੇਲ੍ਹਾਂ) ਅਮਰ ਸਿੰਘ ਨੇ ਕਿਹਾ ਉਹ ਆਪਣੀ ਡਿਊਟੀ ਕਰ ਰਿਹਾ ਸੀ ਤਾਂ ਡੀਆਈਜੀ ਸੁਰਿੰਦਰ ਸਿੰਘ ਸੈਣੀ ਅਤੇ ਏਡੀਜੀਪੀ ਪੀਕੇ ਸਿਨਹਾ ਨੇ ਉਸ ਦੀ ਤਰੱਕੀ ਰੋਕਣ ਲਈ ਉਨ੍ਹਾਂ ਵਿਰੁੱਧ ਦੋ ਝੂਠੀਆਂ ਐੱਫਆਈਆਰ ਦਰਜ ਕਰਵਾਈਆਂ। ਸ਼ਿਕਾਇਤਕਰਤਾ ਨੇ ਕਿਹਾ ਕਿ ਉਨ੍ਹਾਂ ਇਹ ਮਾਮਲਾ ਕਮਿਸ਼ਨ (ਚੰਡੀਗੜ੍ਹ ਦਫ਼ਤਰ) ਕੋਲ ਵੀ ਉਠਾਇਆ ਸੀ, ਜਿਨ੍ਹਾਂ ਨੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ, ਪੰਜਾਬ ਨੂੰ ਨਿਰਪੱਖ ਜਾਂਚ ਕਰ ਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ, ਪਰ ਅਜੇ ਤੱਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਸ਼ਿਕਾਇਤਕਰਤਾ ਅਨੁਸਾਰ 5 ਮਈ ਨੂੰ ਪੰਜਾਬ ਪੁਲਿਸ ਦੇ ਇਕ ਐੱਸਐੱਚਓ ਨੇ ਉਸ ਦੇ ਘਰ ਛਾਪਾ ਮਾਰਿਆ ਅਤੇ ਉਸ ਦੀ ਪਤਨੀ ਤੇ ਭਰਾ ਨਾਲ ਦੁਰਵਿਹਾਰ ਕੀਤਾ। ਪੁਲਿਸ ਨੇ ਉਸ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਵੀ ਦਿੱਤੀ। ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਸਬੰਧਤ ਫਾਈਲਾਂ, ਕੇਸ ਡਾਇਰੀ ਆਦਿ ਸਮੇਤ ਸਾਰੇ ਸਬੰਧਤ ਦਸਤਾਵੇਜ਼ਾਂ ਦੇ ਨਾਲ ਇਕ ਨਵੀਨਤਮ ਕਾਰਵਾਈ ਦੀ ਰਿਪੋਰਟ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।