ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 24 ਸਤੰਬਰ ਨੂੰ 48 ਘੰਟਿਆਂ ਲਈ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਇਹ ਫ਼ੈਸਲਾ ਕੀਤਾ ਕਿ 24 ਤੋਂ 26 ਸਤੰਬਰ ਤਕ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।

ਇਸਦੇ ਨਾਲ ਹੀ ਉਨ੍ਹਾਂ ਤਾਲਮੇਲ ਕਮੇਟੀ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਵੀ ਸਮਰਥਨ ਕੀਤਾ। ਕੋਰ ਕਮੇਟੀ ਨੇ ਬਾਦਲ ਪਿੰਡ ਅਤੇ ਪਟਿਆਲੇ ਵਿਚ ਲੱਗੇ ਧਰਨਿਆਂ 'ਚ 20 ਸਤੰਬਰ ਨੂੰ ਕਿਸਾਨਾਂ ਦੇ ਜਥੇ ਭੇਜਣ ਦਾ ਵੀ ਫ਼ੈਸਲਾ ਕੀਤਾ ਹੈ। ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਵਿਚ ਆਰਡੀਨੈਂਸਾਂ ਨੂੰ ਲੈ ਕੇ ਰੋਸ ਵੱਧਦਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 250 ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਭਰਪੂਰ ਸਮਰਥਨ ਦਿੱਤਾ ਜਾਵੇਗਾ ਤੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ, ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਪੰਜਾਬ ਬੰਦ ਦੇ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਾਦਲ ਪਿੰਡ ਤੇ ਪਟਿਆਲੇ ਵਿਚ ਲੱਗੇ ਮੋਰਚਿਆਂ ਦੀ ਪੁਰਜ਼ੋਰ ਹਮਾਇਤ ਕੀਤੀ ਗਈ ਹੈ।

Posted By: Jagjit Singh