- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ ਸੂਬੇ ਵਿੱਚ ਗਊਸ਼ਾਲਾਵਾਂ ਦੇ ਸੰਚਾਲਨ ਅਤੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਲਈ 100 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਹੈ। ਇਸ ਰਾਸ਼ੀ ਨਾਲ ਸੂਬੇ ਦੀਆਂ ਕਰੀਬ 500 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡ ਨੂੰ ਆਰਥਿਕ ਸਹਾਇਤਾ ਮਿਲੇਗੀ। ਸਰਕਾਰ ਦੇ ਇਸ ਫ਼ੈਸਲੇ ਨਾਲ ਖ਼ਾਸ ਤੌਰ 'ਤੇ ਪੇਂਡੂ ਇਲਾਕਿਆਂ ਦੀਆਂ ਗਊਸ਼ਾਲਾਵਾਂ ਨੂੰ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੁਣ ਤੱਕ ਸਰਕਾਰੀ ਫੰਡ ਦਾ ਲਾਭ ਨਹੀਂ ਮਿਲ ਰਿਹਾ ਸੀ। ਇਸ ਯੋਜਨਾ ਤਹਿਤ ਕਰੀਬ 2.20 ਲੱਖ ਪਸ਼ੂਆਂ ਲਈ ਚਾਰੇ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਸਕੇਗਾ।

ਰਮਨਜੀਤ ਸਿੰਘ ਮਣਕੂ, ਚੰਡੀਗੜ੍ਹ - ਪੰਜਾਬ ਸਰਕਾਰ ਨੇ ਸੂਬੇ ਵਿੱਚ ਗਊਸ਼ਾਲਾਵਾਂ ਦੇ ਸੰਚਾਲਨ ਅਤੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਲਈ 100 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਹੈ। ਇਸ ਰਾਸ਼ੀ ਨਾਲ ਸੂਬੇ ਦੀਆਂ ਕਰੀਬ 500 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡ ਨੂੰ ਆਰਥਿਕ ਸਹਾਇਤਾ ਮਿਲੇਗੀ। ਸਰਕਾਰ ਦੇ ਇਸ ਫ਼ੈਸਲੇ ਨਾਲ ਖ਼ਾਸ ਤੌਰ 'ਤੇ ਪੇਂਡੂ ਇਲਾਕਿਆਂ ਦੀਆਂ ਗਊਸ਼ਾਲਾਵਾਂ ਨੂੰ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੁਣ ਤੱਕ ਸਰਕਾਰੀ ਫੰਡ ਦਾ ਲਾਭ ਨਹੀਂ ਮਿਲ ਰਿਹਾ ਸੀ। ਇਸ ਯੋਜਨਾ ਤਹਿਤ ਕਰੀਬ 2.20 ਲੱਖ ਪਸ਼ੂਆਂ ਲਈ ਚਾਰੇ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਸਕੇਗਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਗਊਸ਼ਾਲਾਵਾਂ ਦਾ ਸੰਚਾਲਨ ਕਰਨ ਵਾਲੀਆਂ ਸੰਸਥਾਵਾਂ ਨੂੰ ਪਸ਼ੂਆਂ ਦੀ ਦੇਖਭਾਲ ਲਈ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਇਹ ਰਾਸ਼ੀ ਮਨਜ਼ੂਰ ਕੀਤੀ ਹੈ। ਉਨ੍ਹਾਂ ਕਿਹਾ ਕਿ ਫੰਡ ਜਲਦੀ ਹੀ ਜ਼ਿਲ੍ਹਾ ਪੱਧਰ ਤੋਂ ਗਊਸ਼ਾਲਾਵਾਂ ਤੱਕ ਪਹੁੰਚਾਇਆ ਜਾਵੇਗਾ।
ਅਰੋੜਾ ਮੁਤਾਬਕ, ਪਹਿਲਾਂ ਸਰਕਾਰੀ ਸਹਾਇਤਾ ਦਾ ਲਾਭ ਮੁੱਖ ਤੌਰ 'ਤੇ ਸ਼ਹਿਰੀ ਖੇਤਰਾਂ ਦੀਆਂ ਗਊਸ਼ਾਲਾਵਾਂ ਨੂੰ ਹੀ ਮਿਲ ਰਿਹਾ ਸੀ। ਸੂਬੇ ਦੀਆਂ 228 ਗਊਸ਼ਾਲਾਵਾਂ ਨੂੰ ਫੰਡ ਮੁਹੱਈਆ ਕਰਵਾਇਆ ਜਾ ਰਿਹਾ ਸੀ, ਜਦਕਿ 272 ਗਊਸ਼ਾਲਾਵਾਂ ਇਸ ਤੋਂ ਵਾਂਝੀਆਂ ਸਨ। ਸ਼ਹਿਰੀ ਖੇਤਰਾਂ ਵਿੱਚ ਨਗਰ ਨਿਗਮਾਂ ਅਤੇ ਹੋਰ ਸਥਾਨਕ ਸਰਕਾਰੀ ਸੰਸਥਾਵਾਂ ਰਾਹੀਂ ਆਰਥਿਕ ਮਦਦ ਮਿਲ ਜਾਂਦੀ ਸੀ, ਪਰ ਪੇਂਡੂ ਗਊਸ਼ਾਲਾਵਾਂ ਕੋਲ ਪਸ਼ੂਆਂ ਦੀ ਦੇਖਭਾਲ ਲਈ ਲੋੜੀਂਦੇ ਸਾਧਨ ਨਹੀਂ ਸਨ। ਇਸ ਸਮੱਸਿਆ ਨੂੰ ਦੇਖਦਿਆਂ ਸਰਕਾਰ ਨੇ ਪੇਂਡੂ ਗਊਸ਼ਾਲਾਵਾਂ ਨੂੰ ਵੀ ਵਿੱਤੀ ਸਹਾਇਤਾ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਹੈ।
ਮੰਤਰੀ ਨੇ ਦੱਸਿਆ ਕਿ ਹਰੇਕ ਪਸ਼ੂ ਲਈ 4538 ਰੁਪਏ ਦੀ ਦਰ ਨਾਲ ਰਾਸ਼ੀ ਦਿੱਤੀ ਜਾਵੇਗੀ। ਇਸ ਫੰਡ ਦੀ ਵਰਤੋਂ ਮੁੱਖ ਤੌਰ 'ਤੇ ਚਾਰੇ ਅਤੇ ਦਵਾਈਆਂ ਦੀ ਖਰੀਦ ਲਈ ਕੀਤੀ ਜਾਵੇਗੀ। ਸ਼ਹਿਰੀ ਗਊਸ਼ਾਲਾਵਾਂ ਨੂੰ ਨਗਰ ਨਿਗਮਾਂ ਅਤੇ ਹੋਰ ਸਥਾਨਕ ਸਰਕਾਰੀ ਸੰਸਥਾਵਾਂ ਰਾਹੀਂ, ਜਦਕਿ ਪੇਂਡੂ ਗਊਸ਼ਾਲਾਵਾਂ ਨੂੰ ਸਬੰਧਤ ਡਿਪਟੀ ਕਮਿਸ਼ਨਰ ਦੇ ਜ਼ਰੀਏ ਰਾਸ਼ੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਪਹਿਲਾਂ ਹੀ ਮੁਆਫ਼ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਦਾ ਪਿਛਲਾ ਬਕਾਇਆ ਵੀ ਮੁਆਫ਼ ਕਰ ਦਿੱਤਾ ਗਿਆ ਹੈ। ਹੁਣ 100 ਕਰੋੜ ਰੁਪਏ ਦੀ ਨਵੀਂ ਵਿੱਤੀ ਸਹਾਇਤਾ ਮਿਲਣ ਨਾਲ ਗਊਸ਼ਾਲਾਵਾਂ ਦੇ ਸੰਚਾਲਨ ਅਤੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਘੱਟ ਹੋਣਗੀਆਂ।