ਮਾਰਕੀਟਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਪੰਜਾਬ ਸਰਕਾਰ ਵੱਲੋਂ ਮਾਰਕੀਟਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ,
Publish Date: Mon, 03 Aug 2026 05:48 PM (IST)
Updated Date: Tue, 04 Aug 2026 04:02 AM (IST)
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਕਿਹਾ- ਵਪਾਰੀਆਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਫ਼ੈਸਲਾ ਛੇਤੀ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਛੋਟੇ ਵਪਾਰੀਆਂ/ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਜਲਦ ਵਿਚਾਰ ਕਰਕੇ ਫ਼ੈਸਲਾ ਲਿਆ ਜਾਵੇਗਾ। ਅਨਿਲ ਠਾਕੁਰ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ’ਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ’ਚ ਆਧੁਨਿਕ ਪਖ਼ਾਨਿਆਂ ਦੀ ਉਸਾਰੀ ਤੇ ਮੁਰੰਮਤ, ਸੜਕਾਂ ਦੀ ਉਸਾਰੀ ਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਤੇ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ’ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ। ਕਮਿਸ਼ਨ ਦੇ ੳੱਪ ਚੇਅਰਮੈਨ ਨੇ ਦੱਸਿਆ ਕਿ ਮੁਹਾਲੀ ਤੇ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ’ਚ ਵਪਾਰੀਆਂ ਨਾਲ 800 ਤੋਂ ਵੱਧ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬਾ ਪੱਧਰ ’ਤੇ ਵੀ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ। ਇਨ੍ਹਾਂ ਬੈਠਕਾਂ ਦੌਰਾਨ ਵਪਾਰੀਆਂ ਵੱਲੋਂ ਬੁਨਿਆਦੀ ਢਾਂਚੇ ’ਚ ਸੁਧਾਰ ਸਬੰਧੀ ਚੁੱਕੀਆਂ ਗਈਆਂ ਮੰਗਾਂ ਨੂੰ ਧਿਆਨ ’ਚ ਰੱਖਦਿਆਂ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਤੇ ਬਾਜ਼ਾਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਉਸੇ ਦਿਸ਼ਾ ’ਚ ਇਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਸਾਬਤ ਹੋਵੇਗਾ।