- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Punjab Government ਨੇ ਮਾਮਲੇ 'ਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ ਜਦਕਿ ਸਬੰਧਤ DSP ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਉਠਾਏ ਜਾ ਰਹੇ ਸਵਾਲਾਂ ਅਤੇ ਕਾਰਵਾਈ ਦੇ ਵਧਦੇ ਦਬਾਅ ਵਿਚਕਾਰ ਸਰਕਾਰ ਦੀ ਇਹ ਕਾਰਵਾਈ ਸਾਹਮਣੇ ਆਈ ਹੈ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਨਸ਼ਿਆਂ ਖ਼ਿਲਾਫ਼ ਵਿਰੋਧ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ 'ਚ ਕਥਿਤ ਦੁਰਵਿਹਾਰ ਦਾ ਮਾਮਲਾ ਲਗਾਤਾਰ ਤੂਲ ਫੜਨ ਤੋਂ ਬਾਅਦ ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਹੈ। ਸਰਕਾਰ ਨੇ ਮਾਮਲੇ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕੀਤਾ ਹੈ ਜਦਕਿ ਸਬੰਧਤ DSP ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਉਠਾਏ ਜਾ ਰਹੇ ਸਵਾਲਾਂ ਅਤੇ ਕਾਰਵਾਈ ਦੇ ਵਧਦੇ ਦਬਾਅ ਵਿਚਕਾਰ ਸਰਕਾਰ ਦੀ ਇਹ ਕਾਰਵਾਈ ਸਾਹਮਣੇ ਆਈ ਹੈ।
ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਨੀਵਾਰ ਨੂੰ ਸੰਗਰੂਰ ਪਹੁੰਚੇ ਅਤੇ ਹਸਪਤਾਲ 'ਚ ਦਾਖ਼ਲ ਮੋਹਨਜੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵੜਿੰਗ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਫੋਨ ’ਤੇ ਮੋਹਨਜੀਤ ਦੀ ਗੱਲਬਾਤ ਵੀ ਕਰਵਾਈ। ਰਾਹੁਲ ਗਾਂਧੀ ਨੇ ਫੋਨ ’ਤੇ ਮੋਹਨਜੀਤ ਦਾ ਹਾਲ-ਚਾਲ ਪੁੱਛਿਆ ਅਤੇ ਪੂਰੇ ਘਟਨਾਕ੍ਰਮ ਬਾਰੇ ਜਾਣਕਾਰੀ ਲਈ।
ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਦੌਰੇ ਦੌਰਾਨ ਮੋਹਨਜੀਤ ਸਿੰਘ ਨੇ ਨਸ਼ਿਆਂ ਖ਼ਿਲਾਫ਼ ਵਿਰੋਧ ਜਤਾਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਹੈ ਕਿ ਹਿਰਾਸਤ ਦੌਰਾਨ ਉਸ ਨਾਲ ਮਾੜਾ ਵਿਵਹਾਰ ਕੀਤਾ ਗਿਆ ਅਤੇ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਸਰਕਾਰ ਅਤੇ ਪੁਲਿਸ ’ਤੇ ਸਵਾਲ ਉਠਾਉਂਦਿਆਂ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।
ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਸਮੇਤ ਵੱਖ-ਵੱਖ ਆਗੂਆਂ ਨੇ ਮਾਮਲੇ ਦੀ ਨਿੰਦਾ ਕੀਤੀ ਸੀ। ਮਾਮਲੇ ਨੂੰ ਲੈ ਕੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਪੱਤਰ ਭੇਜਿਆ ਗਿਆ ਹੈ। ਲਗਾਤਾਰ ਵਧਦੇ ਸਿਆਸੀ ਦਬਾਅ ਵਿਚਕਾਰ ਹੁਣ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰਨ ਅਤੇ DSP ਦੇ ਤਬਾਦਲੇ ਦੀ ਕਾਰਵਾਈ ਨੂੰ ਸਰਕਾਰ ਦੇ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।