ਪੰਜਾਬ ਸਰਕਾਰ ਦਾ ਵੱਡਾ ਫੈਸਲਾ: 26 ਮਈ ਨੂੰ ਪੂਰੇ ਸੂਬੇ ’ਚ ਜਨਰਲ ਛੁੱਟੀ ਦਾ ਐਲਾਨ, ਚੋਣਾਂ ਦੇ ਮੱਦੇਨਜ਼ਰ ਲਿਆ ਫੈਸਲਾ
ਪੰਜਾਬ ਵਿੱਚ ਲਗਾਤਾਰ ਵਧ ਰਹੀ ਭਿਆਨਕ ਗਰਮੀ ਦਰਮਿਆਨ ਭਗਵੰਤ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਰਾਜ ਸਰਕਾਰ ਨੇ 25 ਮਈ ਸੋਮਵਾਰ ਤੋਂ ਅਗਲੇ ਹੁਕਮਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ਦਾ ਸਮਾਂ ਬਦਲ ਦਿੱਤਾ ਹੈ।
Publish Date: Sun, 24 May 2026 03:08 PM (IST)
Updated Date: Sun, 24 May 2026 04:17 PM (IST)

ਰੋਹਿਤ ਕੁਮਾਰ, ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਵਿੱਚ ਲਗਾਤਾਰ ਵਧ ਰਹੀ ਭਿਆਨਕ ਗਰਮੀ ਦਰਮਿਆਨ ਭਗਵੰਤ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਰਾਜ ਸਰਕਾਰ ਨੇ 25 ਮਈ ਸੋਮਵਾਰ ਤੋਂ ਅਗਲੇ ਹੁਕਮਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ਦਾ ਸਮਾਂ ਬਦਲ ਦਿੱਤਾ ਹੈ।
ਹੁਣ ਸਰਕਾਰੀ ਦਫ਼ਤਰ ਅਤੇ ਸਕੂਲ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ। ਉੱਥੇ ਹੀ, 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ ਜਨਰਲ ਛੁੱਟੀ (General Holiday) ਦਾ ਐਲਾਨ ਕਰ ਦਿੱਤਾ ਗਿਆ ਹੈ।
ਵਧਦੀ ਗਰਮੀ ਕਾਰਨ ਲਿਆ ਗਿਆ ਇਹ ਫੈਸਲਾ
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵਧਦੀ ਗਰਮੀ ਅਤੇ ਲੂ ਵਰਗੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਬੰਧਕੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਦਿੱਤੇ ਗਏ ਹਨ। ਸਰਕਾਰ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਸੂਬੇ ਦੇ ਲੱਖਾਂ ਮੁਲਾਜ਼ਮਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਵੇਰੇ ਜਲਦੀ ਕੰਮਕਾਜ ਨਿਪਟਾਉਣਾ ਪਵੇਗਾ। ਦੁਪਹਿਰ ਵੇਲੇ ਪੈ ਰਹੀ ਤੇਜ਼ ਧੁੱਪ ਅਤੇ ਲੂ ਤੋਂ ਰਾਹਤ ਦੇਣ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਗਿਆ ਹੈ। ਮੌਸਮ ਵਿਭਾਗ ਵੱਲੋਂ ਵੀ ਪੰਜਾਬ ਵਿੱਚ ਤਾਪਮਾਨ ਲਗਾਤਾਰ 44 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਸਾਲ 2023 ’ਚ ਵੀ ਕੀਤਾ ਗਿਆ ਸੀ ਸਮੇਂ ’ਚ ਬਦਲਾਅ
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸਾਲ 2023 ਵਿੱਚ ਵੀ ਪੰਜਾਬ ਸਰਕਾਰ ਨੇ ਗਰਮੀ ਕਾਰਨ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਬਦਲਿਆ ਸੀ। ਕਰੀਬ ਤਿੰਨ ਸਾਲਾਂ ਬਾਅਦ ਇੱਕ ਵਾਰ ਫਿਰ ਮਾਨ ਸਰਕਾਰ ਨੂੰ ਭਿਆਨਕ ਗਰਮੀ ਕਾਰਨ ਇਹ ਫੈਸਲਾ ਲੈਣਾ ਪਿਆ ਹੈ। ਉਸ ਸਮੇਂ ਵੀ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਰਾਹਤ ਦੇਣ ਲਈ ਸਵੇਰ ਦਾ ਸਮਾਂ ਲਾਗੂ ਕੀਤਾ ਗਿਆ ਸੀ।
ਚੋਣਾਂ ਕਾਰਨ 26 ਮਈ ਨੂੰ ਰਹੇਗੀ ਜਨਰਲ ਛੁੱਟੀ
ਇਧਰ, ਰਾਜ ਸਰਕਾਰ ਨੇ 26 ਮਈ, ਮੰਗਲਵਾਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਦੇਖਦੇ ਹੋਏ ਪੂਰੇ ਪੰਜਾਬ ਵਿੱਚ ਜਨਰਲ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀ ਪੰਜਾਬ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਤੇ ਲਾਗੂ ਹੋਵੇਗੀ। ਸਰਕਾਰ ਨੇ ਇਸ ਨੂੰ ਨੇਗੋਸ਼ੀਏਬਲ ਇੰਸਟਰੂਮੈਂਟ ਐਕਟ-1881 (Negotiable Instruments Act, 1881) ਤਹਿਤ ਨੋਟੀਫਾਈ ਕੀਤਾ ਹੈ, ਤਾਂ ਜੋ ਲੋਕ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਹ ਫੈਸਲਾ ਲਿਆ ਗਿਆ ਹੈ। ਸਥਾਨਕ ਚੋਣਾਂ ਦੇ ਚਲਦਿਆਂ ਸ਼ਰਾਬ ਦੇ ਠੇਕੇ ਵੀ ਸਵੇਰੇ 5 ਵਜੇ ਤੋਂ ਸ਼ਾਮ 6:00 ਵਜੇ ਤੱਕ ਬੰਦ ਰਹਿਣਗੇ, ਇਸ ਸਬੰਧੀ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ।