- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Punjab Government ਵੱਲੋਂ ਜਾਰੀ ਹੁਕਮ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਨਵੀਂ 50 ਪ੍ਰਤੀਸ਼ਤ DA ਦਰ 1 ਸਤੰਬਰ 2026 ਤੋਂ ਲਾਗੂ ਹੈ ਤੇ ਇਸ ਦਾ ਭੁਗਤਾਨ ਸਤੰਬਰ 2026 ਦੀ ਤਨਖਾਹ ਨਾਲ ਕੀਤਾ ਜਾਵੇਗਾ। ਇਸ ਤਰ੍ਹਾਂ ਮੁਲਾਜ਼ਮਾਂ ਨੂੰ ਅਕਤੂਬਰ 'ਚ ਮਿਲਣ ਵਾਲੀ ਸਤੰਬਰ ਦੀ ਤਨਖਾਹ 'ਚ ਵਧੇ ਹੋਏ ਮਹਿੰਗਾਈ ਭੱਤੇ ਦਾ ਲਾਭ ਮਿਲੇਗਾ।

ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਸਰਕਾਰ (Punjab Government) ਨੇ ਆਪਣੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (DA) 'ਚ 8 ਫੀਸਦੀ ਵਾਧਾ ਦੇਣ ਦਾ ਫੈਸਲਾ ਕੀਤਾ ਹੈ। ਵਿੱਤ ਵਿਭਾਗ ਵੱਲੋਂ ਅੱਜ ਜਾਰੀ ਪੱਤਰ ਅਨੁਸਾਰ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ 42 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਹੋਵੇਗਾ ਤੇ ਸਤੰਬਰ ਮਹੀਨੇ ਦੀ ਤਨਖਾਹ ਨਾਲ ਭੁਗਤਾਨਯੋਗ ਹੋਵੇਗਾ।
ਵਿੱਤ ਵਿਭਾਗ ਦੇ ਫਾਇਨਾਂਸ ਪਰਸੋਨਲ-1 ਬ੍ਰਾਂਚ ਵੱਲੋਂ 23 ਸਤੰਬਰ ਨੂੰ ਜਾਰੀ ਹੁਕਮ 'ਚ ਕਿਹਾ ਗਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਸਰਕਾਰ ਦੇ ਸਾਰੇ ਮੁਲਾਜ਼ਮਾਂ ਲਈ 8 ਫੀਸਦੀ ਮਹਿੰਗਾਈ ਭੱਤਾ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਮੌਜੂਦਾ 42 ਫੀਸਦੀ ਦੀ ਦਰ ਵਧ ਕੇ 50 ਫੀਸਦੀ ਹੋ ਗਈ ਹੈ।
ਹੁਕਮ ਮੁਤਾਬਕ, ਇਹ ਫੈਸਲਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ’ਤੇ ਲਾਗੂ ਹੋਵੇਗਾ। ਇਸ ਸਬੰਧੀ ਹੁਕਮ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਅਤੇ ਸੈਸ਼ਨ ਜੱਜਾਂ, ਪੰਜਾਬ ਵਿਧਾਨ ਸਭਾ ਦੇ ਸਕੱਤਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੇ ਗਏ ਹਨ।
ਵਿੱਤ ਵਿਭਾਗ ਨੇ ਮਹਿੰਗਾਈ ਭੱਤੇ 'ਚ ਵਾਧੇ ਸਬੰਧੀ ਜਾਣਕਾਰੀ ਪੰਜਾਬ ਦੇ ਅਕਾਊਂਟੈਂਟ ਜਨਰਲ (ਆਡਿਟ ਅਤੇ ਏਅਰ ਐਂਡ ਈ), ਜ਼ਿਲ੍ਹਾ ਖਜ਼ਾਨਾ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਵੀ ਭੇਜੀ ਹੈ, ਤਾਂ ਜੋ ਇਸ ਅਨੁਸਾਰ ਤਨਖਾਹ ਦੀ ਅਦਾਇਗੀ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਪੰਜਾਬ ਦੀਆਂ ਯੂਨੀਵਰਸਿਟੀਆਂ—ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ, ਬਾਬਾ ਫਰੀਦ ਮੈਡੀਕਲ ਸਾਇੰਸਿਜ਼ ਯੂਨੀਵਰਸਿਟੀ ਫਰੀਦਕੋਟ ਅਤੇ ਗੁਰੂ ਰਵਿਦਾਸ ਆਯੁਰਵੇਦਿਕ ਯੂਨੀਵਰਸਿਟੀ ਹੁਸ਼ਿਆਰਪੁਰ—ਦੇ ਰਜਿਸਟਰਾਰਾਂ ਨੂੰ ਵੀ ਹੁਕਮ ਦੀ ਕਾਪੀ ਭੇਜੀ ਗਈ ਹੈ।
ਸਤੰਬਰ ਦੀ ਤਨਖਾਹ ਨਾਲ ਮਿਲੇਗਾ ਲਾਭ: ਹੁਕਮ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਨਵੀਂ 50 ਫੀਸਦੀ DA ਦਰ 1 ਸਤੰਬਰ 2026 ਤੋਂ ਪ੍ਰਭਾਵੀ ਹੈ ਅਤੇ ਇਸ ਦਾ ਭੁਗਤਾਨ ਸਤੰਬਰ 2026 ਦੀ ਤਨਖਾਹ ਨਾਲ ਕੀਤਾ ਜਾਵੇਗਾ। ਇਸ ਤਰ੍ਹਾਂ ਮੁਲਾਜ਼ਮਾਂ ਨੂੰ ਅਕਤੂਬਰ ਵਿੱਚ ਮਿਲਣ ਵਾਲੀ ਸਤੰਬਰ ਦੀ ਤਨਖਾਹ ਵਿੱਚ ਵਧੇ ਹੋਏ ਮਹਿੰਗਾਈ ਭੱਤੇ ਦਾ ਲਾਭ ਮਿਲੇਗਾ।