- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀਆਂ ਦੇ ਇਸ ਵਫ਼ਦ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਉੱਚ ਪੱਧਰੀ ਮੀਟਿੰਗ ਹੋਈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ’ਤੇ ਅਧਾਰਤ ਮੰਤਰੀਆਂ ਦੇ ਸਮੂਹ ਨੇ ਕਿਸਾਨ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੰਤਰੀਆਂ ਦੇ ਇਸ ਵਫ਼ਦ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੱਲਬਾਤ ਬਹੁਤ ਹੀ ਸੁਖਾਵੇਂ ਮਾਹੌਲ ’ਚ ਹੋਈ ਅਤੇ ਇਸ ਦੇ ਨਤੀਜੇ ਵਜੋਂ ਕਈ ਅਹਿਮ ਮਸਲਿਆਂ ’ਤੇ ਮਜ਼ਬੂਤ ਸਹਿਮਤੀ ਬਣੀ ਹੈ। ਕਿਸਾਨਾਂ ਨੂੰ ਪੰਜਾਬ ਦੀ ਖੇਤੀਬਾੜੀ ਅਤੇ ਸਮੁੱਚੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਮੰਨਦਿਆਂ ਵਿੱਤ ਮੰਤਰੀ ਨੇ ਕਿਸਾਨਾਂ ਪ੍ਰਤੀ ਦ੍ਰਿੜ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਯੂਨੀਅਨ ਦੀਆਂ ਮੰਗਾਂ ਦੇ ਮਸਲਿਆਂ ਦੇ ਯੋਜਨਾਬੱਧ ਤੇ ਸਮਾਂਬੱਧ ਹੱਲ ਨੂੰ ਯਕੀਨੀ ਬਣਾਉਣ ਲਈ ਆਪਸੀ ਸਹਿਮਤੀ ਨਾਲ ਇੱਕ ਤੋਂ ਦੋ ਮਹੀਨਿਆਂ ਦਾ ਸਮਾਂ ਤੈਅ ਕੀਤਾ ਹੈ। ਪਿਛਲੇ ਅੰਦੋਲਨਾਂ ਦੌਰਾਨ ਕਿਸਾਨਾਂ ’ਤੇ ਦਰਜ ਬਕਾਇਆ ਐੱਫਆਈਆਰਜ਼ ਨਾਲ ਸਬੰਧਤ ਵਿਸ਼ੇਸ਼ ਮੰਗ ’ਤੇ ਬੋਲਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਵੱਡੀ ਗਿਣਤੀ ਕੇਸ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਰੱਦ ਕੀਤੇ ਜਾ ਚੁੱਕੇ ਹਨ। ਵੱਖ-ਵੱਖ ਅਦਾਲਤਾਂ ਵਿੱਚ ਬਕਾਇਆ ਪਏ ਲਗਪਗ 13 ਤੋਂ 16 ਮਾਮਲਿਆਂ ਲਈ, ਸਰਕਾਰ ਨੇ ਇਨ੍ਹਾਂ ਨੂੰ ਜਲਦੀ ਵਾਪਸ ਲੈਣ ਲਈ ਇੱਕ ਰਣਨੀਤਕ, ਪੜਾਅਵਾਰ ਕਾਨੂੰਨੀ ਢਾਂਚਾ ਤਿਆਰ ਕੀਤਾ ਹੈ। ਵਿੱਤ ਮੰਤਰੀ ਨੇ ਨੁਮਾਇੰਦਿਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ ਹਨ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ, ਹਰਵਿੰਦਰ ਕੌਰ ਬਿੰਦੂ, ਕਮਲਜੀਤ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ।