Punjab News : ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤੋਂ ਬਾਅਦ ਚਾਰ ਮੁਲਾਜ਼ਮਾਂ ਖਿ਼ਲਾਫ਼ ਕਾਰਵਾਈ, ਵਿੱਤ ਮੰਤਰੀ ਨੇ ਲੇਖਾ ਤੇ ਖਜ਼ਾਨਾ ਸ਼ਾਖਾ ਦਾ ਸੁਪਰਡੈਂਟ ਕੀਤਾ ਬਰਖ਼ਾਸਤ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2022 ਦੇ ਅੱਧ ਵਿਚ ਖ਼ਜ਼ਾਨਾ ਅਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਅਤੇ ਵੱਖ-ਵੱਖ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿਚ ਤਾਇਨਾਤ ਚਾਰ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਵਿਭਾਗ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ।
Publish Date: Tue, 13 Jan 2026 07:38 PM (IST)
Updated Date: Tue, 13 Jan 2026 07:41 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2022 ਦੇ ਅੱਧ ਵਿਚ ਖ਼ਜ਼ਾਨਾ ਅਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਅਤੇ ਵੱਖ-ਵੱਖ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿਚ ਤਾਇਨਾਤ ਚਾਰ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਵਿਭਾਗ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ। ਇਨ੍ਹਾਂ ਚਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਮਾਮਲਾ ਡੂੰਘਾਈ ਨਾਲ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ।
ਵਿੱਤ ਮੰਤਰੀ ਨੇ ਦੱਸਿਆ ਕਿ ਮੁਕੰਮਲ ਜਾਂਚ ਤੋਂ ਬਾਅਦ ਦਸੰਬਰ 2025 ਵਿਚ ਨਿਰਣਾਇਕ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੁਪਰਡੈਂਟ ਗ੍ਰੇਡ-2 ਦੇ ਅਹੁਦੇ ’ਤੇ ਤਾਇਨਾਤ ਯਸ਼ਪਾਲ ਮਕੋਲ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਤਿੰਨ ਕਰਮਚਾਰੀਆਂ ਨੂੰ ਸੇਵਾ ਨਿਯਮਾਂ ਅਨੁਸਾਰ ਸਖ਼ਤ ਸਜ਼ਾ ਦਿੱਤੀ ਗਈ।
ਚੀਮਾ ਨੇ ਦੱਸਿਆ ਕਿ ਕਾਨੂੰਨੀ ਕਾਰਵਾਈ ਨੂੰ ਵੀ ਤਰਕਪੂਰਨ ਅੰਤ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵੱਲੋਂ ਬਰਖ਼ਾਸਤ ਕੀਤੇ ਸੁਪਰਡੈਂਟ ਗ੍ਰੇਡ-2 ਵਿਰੁੱਧ ਐੱਫਆਈਆਰ ਨੰਬਰ 1/2026 ਦਰਜ ਕੀਤੀ ਗਈ। ਉਕਤ ਮੁਲਜ਼ਮ ਨੂੰ 11 ਜਨਵਰੀ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਸ਼ੁਰੂਆਤੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ 12 ਜਨਵਰੀ 2026 ਨੂੰ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ, ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅਗਲੇਰੀ ਪੁੱਛਗਿੱਛ ਲਈ ਮੁਲਜ਼ਮ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
ਚੀਮਾ ਨੇ ਖੁਲਾਸਾ ਕੀਤਾ ਕਿ ਚਾਰ ਮੁਲਜ਼ਮਾਂ ਦਾ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਦੀ ਜਾਂਚ ਦੌਰਾਨ 22 ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਬੰਧਤ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਇਨ੍ਹਾਂ ਲੈਣ-ਦੇਣ ਦੀ ਜਾਂਚ ਸੇਵਾਮੁਕਤ ਜੱਜ ਤੋਂ ਕਰਵਾਈ ਗਈ। ਇਸ ਨਿਰਪੱਖ ਜਾਂਚ ਦੇ ਆਧਾਰ ’ਤੇ ਹੁਣ ਇਨ੍ਹਾਂ ਸਾਰੇ 22 ਅਧਿਕਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।