
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਆਪਣੀ ਇਕਜੁੱਟਤਾ ਅਤੇ ਹਮਾਇਤ ਜ਼ਾਹਰ ਕਰਦਿਆਂ ਵੜਿੰਗ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਕਰਨਾ ਮੁਲਾਜ਼ਮਾਂ ਦਾ ਹੱਕ ਹੈ ਅਤੇ ਇਸ ਤੋਂ ਵੀ ਵੱਧ ਗੱਲ ਇਹ ਹੈ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ।

ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡੀਏ ਦੀ ਅਦਾਇਗੀ ਦੀ ਮੰਗ ਕਰ ਰਹੇ ਹੜਤਾਲੀ ਮੁਲਾਜ਼ਮਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੇ ਟਕਰਾਅ ਵਾਲੇ ਰਵੱਈਏ ਦੀ ਨਿੰਦਾ ਕੀਤੀ ਹੈ।
ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਮੀਟਿੰਗ ਰੱਦ ਕਰਨ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਸਬੰਧੀ ਆਈਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਇਹ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦੇ ਤਾਨਾਸ਼ਾਹੀ ਨੂੰ ਦਰਸਾਉਂਦਾ ਹੈ।
ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਆਪਣੀ ਇਕਜੁੱਟਤਾ ਅਤੇ ਹਮਾਇਤ ਜ਼ਾਹਰ ਕਰਦਿਆਂ ਵੜਿੰਗ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਕਰਨਾ ਮੁਲਾਜ਼ਮਾਂ ਦਾ ਹੱਕ ਹੈ ਅਤੇ ਇਸ ਤੋਂ ਵੀ ਵੱਧ ਗੱਲ ਇਹ ਹੈ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਸ਼ਾਇਦ ਇਹ ਪੂਰੇ ਦੇਸ਼ ਵਿੱਚ ਇੱਕੋ ਜਿਹਾ ਮਾਮਲਾ ਹੋਵੇਗਾ ਕਿ ਇੱਕ ਸੂਬਾ ਸਰਕਾਰ ਨਾ ਸਿਰਫ਼ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਦੀ ਅਦਾਇਗੀ ਤੋਂ ਵਾਂਝਾ ਰੱਖ ਰਹੀ ਹੈ, ਸਗੋਂ ਜਦੋਂ ਉਹ ਆਪਣਾ ਬਣਦੇ ਹੱਕ ਦੀ ਮੰਗ ਰਹੇ ਹਨ ਤਾਂ ਉਨ੍ਹਾਂ ਖ਼ਿਲਾਫ਼ ਦੰਡਾਤਮਿਕ ਕਾਰਵਾਈ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ।
ਵੜਿੰਗ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਹਰ ਥਾਂ ਕਿਸੇ ਵੀ ਸਰਕਾਰ ਦੇ ਕੰਮਕਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਤੋਂ ਵਾਂਝਾ ਨਾ ਰੱਖਿਆ ਜਾਵੇ।