- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੋਸ਼ ਲਗਾਇਆ ਕਿ ਬੇਅਦਬੀ ਮਾਮਲਿਆਂ ’ਚ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣਾ ਤੇ ਪੀੜਤਾਂ ਨੂੰ ਇਨਸਾਫ਼ ਤੋਂ ਵਾਂਝਾ ਰੱਖਣਾ ‘ਆਪ’ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ, ਕੋਟਕਪੂਰਾ ਤੇ ਬਰਗਾੜੀ ਬੇਅਦਬੀ ਮਾਮਲਿਆਂ ’ਚ ਮਜ਼ਬੂਤੀ ਨਾਲ ਪੈਰਵੀ ਕਰਨ ਦੀ ਬਜਾਏ ਸਰਕਾਰ ਨੇ ਸਾਰੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਵਾ ਦਿੱਤੇ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਾਂਗਰਸੀ ਵਿਧਾਇਕਾਂ ਨੇ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਖਿਲਾਫ਼ ਬੇਅਦਬੀ ਮਾਮਲਿਆਂ ’ਚ ਇਨਸਾਫ਼ ’ਚ ਦੇਰੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਵਿੰਦਰ ਕੋਟਲੀ, ਬਲਵਿੰਦਰ ਸਿੰਘ ਧਾਲੀਵਾਲ, ਬਰਿੰਦਰਮੀਤ ਸਿੰਘ ਪਾਹੜਾ, ਅਰੁਣਾ ਚੌਧਰੀ, ਬਿਕਰਮ ਸਿੰਘ ਚੌਧਰੀ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਕਾਲਾ ਢਿੱਲੋਂ ਨੇ ਬੇਅਦਬੀ ਮਾਮਲਿਆਂ ’ਚ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਏ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ’ਚ ਪ੍ਰਵੇਸ਼ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਬੇਅਦਬੀ ਮਾਮਲਿਆਂ ’ਚ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣਾ ਤੇ ਪੀੜਤਾਂ ਨੂੰ ਇਨਸਾਫ਼ ਤੋਂ ਵਾਂਝਾ ਰੱਖਣਾ ‘ਆਪ’ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ, ਕੋਟਕਪੂਰਾ ਤੇ ਬਰਗਾੜੀ ਬੇਅਦਬੀ ਮਾਮਲਿਆਂ ’ਚ ਮਜ਼ਬੂਤੀ ਨਾਲ ਪੈਰਵੀ ਕਰਨ ਦੀ ਬਜਾਏ ਸਰਕਾਰ ਨੇ ਸਾਰੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਵਾ ਦਿੱਤੇ।
ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਸਰਕਾਰ ਨੇ ਬੇਅਦਬੀ ਮਾਮਲਿਆਂ ’ਚ ਜਲਦੀ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਨਾ ਤਾਂ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ ਤੇ ਨਾ ਹੀ ਜਾਂਚ ਦੀ ਸਪੱਸ਼ਟ ਸਥਿਤੀ ਲੋਕਾਂ ਸਾਹਮਣੇ ਰੱਖੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਦੀ ਪੂਰੀ ਪ੍ਰਗਤੀ ਵਿਧਾਨ ਸਭਾ ’ਚ ਸਾਂਝੀ ਕੀਤੀ ਜਾਵੇ, ਦੋਸ਼ੀਆਂ ਖ਼ਿਲਾਫ਼ ਜਲਦ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਤੇ ਪੀੜਤ ਪਰਿਵਾਰਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਇਨਸਾਫ਼ ਦਿੱਤਾ ਜਾਵੇ।
ਪਰਗਟ ਸਿੰਘ ਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ’ਚ ਇਨਸਾਫ਼ ’ਚ ਹੋ ਰਹੀ ਦੇਰੀ ਕਾਰਨ ਲੋਕਾਂ ਦਾ ਕਾਨੂੰਨ-ਵਿਵਸਥਾ ਤੇ ਸਰਕਾਰ ਦੋਵਾਂ ’ਤੇ ਭਰੋਸਾ ਕਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿਧਾਨ ਸਭਾ ਅੰਦਰ ਬੇਅਦਬੀ ਮਾਮਲਿਆਂ ਦੀ ਜਾਂਚ ਦੀ ਮੌਜੂਦਾ ਸਥਿਤੀ ਸਪੱਸ਼ਟ ਤੌਰ 'ਤੇ ਸਦਨ ਤੇ ਪੰਜਾਬ ਦੇ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਿੱਖ ਵਿਰੋਧੀ ਹੈ। ਇਸ ਦੀਆਂ ਨੀਤੀਆਂ ਤੇ ਕਾਰਜਸ਼ੈਲੀ ਸਿੱਖ ਭਾਵਨਾਵਾਂ ਦੇ ਅਨੁਕੂਲ ਨਹੀਂ ਦਿਸਦੀਆਂ।