- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲ ਸਰੋਤਾਂ ਨੇੜੇ ਇਕੱਠੇ ਹੋਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕਰਨ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀ ਗਿਣਤੀ ਵਿੱਚ ਲਾਈਫ਼ਗਾਰਡ ਤਾਇਨਾਤ ਕੀਤੇ ਜਾਣ। ਇਸ ਦੇ ਨਾਲ ਹੀ ਬੈਰੀਕੇਡਿੰਗ, ਰੱਸੀਆਂ, ਪਬਲਿਕ ਐਡਰੈੱਸ ਸਿਸਟਮ ਅਤੇ ਲੋੜੀਂਦੀ ਪੁਲਿਸ ਫੋਰਸ ਦਾ ਪ੍ਰਬੰਧ ਹੋਵੇ ਤਾਂ ਜੋ ਭੀੜ ਨੂੰ ਕੰਟਰੋਲ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਵਿੱਚ ਮਦਦ ਮਿਲ ਸਕੇ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਛੱਠ ਪੂਜਾ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਸ਼ਨਾਖ਼ਤ ਕੀਤੇ 104 ਸਥਾਨਾਂ ’ਤੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਸ਼ਰਧਾਲੂ ਪੂਰੀ ਸ਼ਰਧਾ ਅਤੇ ਸ਼ਾਂਤੀ ਨਾਲ ਤਿਉਹਾਰ ਮਨਾ ਸਕਣ।
ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਛੱਠ ਪੂਜਾ ਧਾਰਮਿਕ ਸ਼ਰਧਾ ਅਤੇ ਸੱਭਿਆਚਾਰਕ ਮਹੱਤਤਾ ਵਾਲਾ ਤਿਉਹਾਰ ਹੈ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਇਸ ਮੌਕੇ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਔਰਤਾਂ ਅਤੇ ਬਜ਼ੁਰਗਾਂ ਦੀ ਸਹੂਲਤ ਦਾ ਧਿਆਨ ਰੱਖਣ ਲਈ ਕਿਹਾ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿੱਥੇ ਲੋੜ ਹੋਵੇ, ਨਿਰਧਾਰਤ ਜਲ ਸਰੋਤਾਂ ਵਿੱਚ ਤਾਜ਼ਾ ਪਾਣੀ ਪਾਇਆ ਜਾਵੇ। ਵੱਡੇ ਸ਼ਹਿਰਾਂ ਵਿੱਚ ਸ਼ਰਧਾਲੂਆਂ ਲਈ ਢੁਕਵੇਂ ਘਾਟ ਤਿਆਰ ਕੀਤੇ ਜਾਣ। ਸਾਰੇ ਸ਼ਨਾਖ਼ਤ ਕੀਤੇ ਸਥਾਨਾਂ ’ਤੇ ਸਫ਼ਾਈ ਦੀਆਂ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣ ਅਤੇ ਰੌਸ਼ਨੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਹੋਰ ਅਮਲੇ ਦੀਆਂ ਡਿਊਟੀਆਂ ਸਮੇਂ ਸਿਰ ਲਾਈਆਂ ਜਾਣ ਅਤੇ ਹਰੇਕ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।
ਜਲ ਸਰੋਤਾਂ ਨੇੜੇ ਇਕੱਠੇ ਹੋਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕਰਨ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀ ਗਿਣਤੀ ਵਿੱਚ ਲਾਈਫ਼ਗਾਰਡ ਤਾਇਨਾਤ ਕੀਤੇ ਜਾਣ। ਇਸ ਦੇ ਨਾਲ ਹੀ ਬੈਰੀਕੇਡਿੰਗ, ਰੱਸੀਆਂ, ਪਬਲਿਕ ਐਡਰੈੱਸ ਸਿਸਟਮ ਅਤੇ ਲੋੜੀਂਦੀ ਪੁਲਿਸ ਫੋਰਸ ਦਾ ਪ੍ਰਬੰਧ ਹੋਵੇ ਤਾਂ ਜੋ ਭੀੜ ਨੂੰ ਕੰਟਰੋਲ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਵਿੱਚ ਮਦਦ ਮਿਲ ਸਕੇ।
ਉਨ੍ਹਾਂ ਐਮਰਜੈਂਸੀ ਪ੍ਰਬੰਧ ਮਜ਼ਬੂਤ ਕਰਨ ਲਈ ਲੋੜ ਅਨੁਸਾਰ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ (ਐੱਨਡੀਆਰਐੱਫ) ਅਤੇ ਸੂਬਾਈ ਆਫ਼ਤ ਰਿਸਪਾਂਸ ਫੋਰਸ (ਐੱਸਡੀਆਰਐੱਫ) ਦੀਆਂ ਵਿਸ਼ੇਸ਼ ਟੀਮਾਂ ਦੀ ਮਦਦ ਲੈਣ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਅਣਹੋਣੀ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਲਈ ਹੰਗਾਮੀ ਸੇਵਾਵਾਂ ਤਿਆਰ ਰਹਿਣੀਆਂ ਚਾਹੀਦੀਆਂ ਹਨ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਸਾਰੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨ ਅਤੇ ਸਬੰਧਤ ਵਿਭਾਗਾਂ ਨਾਲ ਨਜ਼ਦੀਕੀ ਤਾਲਮੇਲ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਸਰਕਾਰ ਦਾ ਫ਼ਰਜ਼ ਹੈ ਅਤੇ ਪੰਜਾਬ ਵਿੱਚ ਸਾਰੇ ਤਿਉਹਾਰ ਆਪਸੀ ਸਦਭਾਵਨਾ ਤੇ ਭਾਈਚਾਰਕ ਸਾਂਝ ਨਾਲ ਮਨਾਏ ਜਾਣੇ ਚਾਹੀਦੇ ਹਨ।
ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਵਿਸ਼ੇਸ਼ ਡੀਜੀਪੀ ਪੀ.ਕੇ. ਸਿਨਹਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।