- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਵੱਖ-ਵੱਖ ਠੇਕੇਦਾਰਾਂ ਅਤੇ ਏਜੰਸੀਆਂ ਅਧੀਨ ਕੰਮ ਕਰ ਰਹੇ ਲਗਭਗ 2300 ਕਰਮਚਾਰੀਆਂ ਨੂੰ ਬੋਰਡ ਅਧੀਨ ਠੇਕੇ ’ਤੇ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਗਿਆ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਵੱਖ-ਵੱਖ ਠੇਕੇਦਾਰਾਂ ਅਤੇ ਏਜੰਸੀਆਂ ਅਧੀਨ ਕੰਮ ਕਰ ਰਹੇ ਲਗਭਗ 2300 ਕਰਮਚਾਰੀਆਂ ਨੂੰ ਬੋਰਡ ਅਧੀਨ ਠੇਕੇ ’ਤੇ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਅੱਜ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਦਫ਼ਤਰ, ਸੈਕਟਰ-27, ਚੰਡੀਗੜ੍ਹ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕੀਤੀ।
ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੀ ਗਈ ਨੀਤੀ ਤਹਿਤ ਵੱਖ-ਵੱਖ ਏਜੰਸੀਆਂ ਅਤੇ ਠੇਕੇਦਾਰਾਂ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਬੋਰਡ ਅਧੀਨ ਠੇਕੇ ਅਧੀਨ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਇਸ ਸਬੰਧੀ ਲੋੜੀਂਦੇ ਏਜੰਡਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਅਨੁਸਾਰ ਜ਼ਰੂਰੀ ਏਜੰਡੇ ਅਗਲੀ ਲੋੜੀਂਦੀ ਕਾਰਵਾਈ ਲਈ ਪ੍ਰਸੋਨਲ ਵਿਭਾਗ, ਪੰਜਾਬ ਸਰਕਾਰ ਨੂੰ ਭੇਜ ਦਿੱਤੇ ਗਏ ਹਨ।
ਡਾ. ਆਹਲੂਵਾਲੀਆ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ 10 ਦਿਨਾਂ ਦੇ ਅੰਦਰ ਬੋਰਡ ਆਫ਼ ਡਾਇਰੈਕਟਰਜ਼ ਦੀ ਮੁੜ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਪ੍ਰਸੋਨਲ ਵਿਭਾਗ ਤੋਂ ਪ੍ਰਾਪਤ ਕਾਰਵਾਈ ਦੇ ਆਧਾਰ ’ਤੇ ਅਗਲੇ ਕਦਮਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਵੱਖ-ਵੱਖ ਠੇਕੇਦਾਰਾਂ ਅਤੇ ਏਜੰਸੀਆਂ ਅਧੀਨ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਬੋਰਡ ਅਧੀਨ ਕੌਂਟਰੈਕਟ ’ਤੇ ਲਿਆਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਵੱਲੋਂ ਲਿਆਂਦੀ ਗਈ ਨੀਤੀ ਅਨੁਸਾਰ ਹੁਣ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਾਂ ਅਤੇ ਨੀਤੀ ਅਨੁਸਾਰ ਇਹ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਅਗਲੀ ਕਾਰਵਾਈ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।