- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਭ੍ਰਿਸ਼ਟਾਚਾਰ ਦੀ ਖੇਡ ਖਤਮ ਹੋਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਉਨ੍ਹਾਂ ਦੇ ਗੁਰਗਿਆਂ ਵੱਲੋਂ ਕਥਿਤ ਤੌਰ ’ਤੇ ਕੀਤੀ ਜਾ ਰਹੀ ਲੁੱਟ ਤੋਂ ਪੰਜਾਬ ਨੂੰ ਮੁਕਤੀ ਮਿਲੇਗੀ।

ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਭ੍ਰਿਸ਼ਟਾਚਾਰ ਦੀ ਖੇਡ ਖਤਮ ਹੋਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਉਨ੍ਹਾਂ ਦੇ ਗੁਰਗਿਆਂ ਵੱਲੋਂ ਕਥਿਤ ਤੌਰ ’ਤੇ ਕੀਤੀ ਜਾ ਰਹੀ ਲੁੱਟ ਤੋਂ ਪੰਜਾਬ ਨੂੰ ਮੁਕਤੀ ਮਿਲੇਗੀ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿਆਸੀ ਸਫ਼ਰ ਦੇ 25 ਸਾਲ ਪੂਰੇ ਹੋਣ ’ਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਸੰਕਲਪ, “ਨਾ ਖਾਵਾਂਗਾ, ਨਾ ਖਾਣ ਦੇਵਾਂਗਾ,” ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ।
ਭਾਜਪਾ ਦਫ਼ਤਰ ’ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਾਖੜ ਨੇ ਸੀਬੀਆਈ ਦੀ ਛਾਪੇਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਆਪ ਆਗੂਆਂ ਦੇ ਵਿਰੋਧ ਅਤੇ ਵਿਰਲਾਪ ’ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਭਾਰਤ ਸਰਕਾਰ ਦੇ ਹੁਕਮਾਂ ’ਤੇ ਨਹੀਂ, ਸਗੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਨੇ ਆਪ ਸਰਕਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਖੁਦ ਜਾਂਚ ਕਰਨ ਦੇ ਵਾਰ-ਵਾਰ ਮੌਕੇ ਦਿੱਤੇ, ਪਰ ਆਪਣੇ ਗੁਰਗਿਆਂ ਨੂੰ ਬਚਾਉਂਦੇ-ਬਚਾਉਂਦੇ ਮੁੱਖ ਮੰਤਰੀ ਇਸ ਅੱਗ ਦਾ ਸੇਕ ਆਪਣੇ ਘਰ ਤੱਕ ਲੈ ਆਏ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਨੇ ਨਿਰਪੱਖ ਜਾਂਚ ਕੀਤੀ ਹੁੰਦੀ ਤਾਂ ਮੁੱਖ ਮੰਤਰੀ ਨੂੰ ਇਹ ਦਿਨ ਨਾ ਵੇਖਣੇ ਪੈਂਦੇ।
ਜਾਖੜ ਨੇ ਦੋਸ਼ ਲਾਇਆ ਕਿ ਦਿੱਲੀ ਵਿਚ ਆਪ ਦੀ ਹਾਰ ਅਤੇ ਉੱਥੇ ਸੱਤਾ ਤੋਂ ਬਾਹਰ ਹੋਏ ਆਗੂਆਂ ਵੱਲੋਂ ਪੰਜਾਬ ਸਰਕਾਰ ’ਤੇ ਕਬਜ਼ਾ ਕਰਨ ਤੋਂ ਬਾਅਦ ਪੰਜਾਬ ਦੇ ਖਜ਼ਾਨੇ ਦੀ ਲੁੱਟ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਸਵਾਲ ਉਠਾਇਆ ਕਿ ਇਸ ਸਮੇਂ ਦੌਰਾਨ ਕੈਬਨਿਟ ਦੀਆਂ ਮੀਟਿੰਗਾਂ ਸਕੱਤਰੇਤ ਦੀ ਬਜਾਏ ਇੱਕ ਖਾਸ ਕੋਠੀ ਵਿਚ ਕਿਉਂ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਭੂਮਿਕਾ ਮੀਟਿੰਗਾਂ ਵਿਚ ਸਿਰਫ਼ ਤਸਵੀਰਾਂ ਖਿਚਵਾਉਣ ਤੱਕ ਸੀਮਤ ਹੈ, ਜਦਕਿ ਸਾਰੇ ਫੈਸਲੇ ਮਨੀਸ਼ ਸਿਸੋਦੀਆ ਲੈਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਦੇ ਗੈਂਗ ਨੇ ਪੰਜਾਬ ਨੂੰ ਲੁੱਟਣ ਦੀ ਇੱਕ ਯੋਜਨਾਬੱਧ ਸਾਜ਼ਿਸ਼ ਰਚੀ ਅਤੇ ਜਿਹੜੇ ਲੋਕ ਉਸ ਦੇ ਮੋਹਰੇ ਬਣੇ, ਉਹੀ ਹੁਣ ਸਭ ਤੋਂ ਵੱਧ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੀਤੇ ਦਾ ਹਿਸਾਬ ਦੇਣਾ ਪਵੇਗਾ।
ਜਾਖੜ ਨੇ ਪੰਜ ਕਰੋੜ ਰੁਪਏ ਦੇ ਰਿਸ਼ਵਤ ਮਾਮਲੇ ਵਿੱਚ ਜਾਂਚ ਅੱਗੇ ਨਾ ਵਧਣ ਨੂੰ ਲੈ ਕੇ ਵੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਆਪ ’ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਹਾਲਾਤ ਹੁਣ ਇੱਥੋਂ ਤੱਕ ਪਹੁੰਚ ਗਏ ਹਨ ਕਿ ਪਾਰਟੀ ਦੇ ਵੱਡੇ ਆਗੂ ਸਰਕਾਰੀ ਗਵਾਹ ਬਣਨ ਬਾਰੇ ਵਿਚਾਰ ਕਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਨੂੰ ਲੁੱਟ ਦਾ ਸਿਰਫ਼ ਕੁਝ ਹਿੱਸਾ ਹੀ ਮਿਲਿਆ ਹੈ, ਜਦਕਿ ਦਿੱਲੀ ਦਾ ਗੈਂਗ ਇਸ ਲੁੱਟ ਦਾ ਵੱਡਾ ਹਿੱਸਾ ਲੈ ਗਿਆ।
ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਮਾਨਦਾਰ ਅਫ਼ਸਰਾਂ ਨੂੰ ਡਰਨ ਦੀ ਲੋੜ ਨਹੀਂ ਹੈ, ਪਰ ਜਿਸ ਨੇ ਵੀ ਭ੍ਰਿਸ਼ਟਾਚਾਰ ਦੇ ਇਸ ਸਾਗਰ ਵਿੱਚ ਆਪਣੇ ਹੱਥ ਰੰਗੇ ਹਨ, ਉਸ ਨੂੰ ਅੰਜਾਮ ਭੁਗਤਣਾ ਪਵੇਗਾ।