
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

13 ਲੱਖ ਰੁਪਏ ਦੀ ਕਥਿਤ ਰਿਸ਼ਵਤਖੋਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਦੇ ਇੰਸਪੈਕਟਰ ਓਪੀ ਰਾਣਾ ਦੀ ਨਿਯਮਤ ਜ਼ਮਾਨਤ ਅਰਜ਼ੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰੱਦ ਕਰ ਦਿੱਤੀ ਹੈ। ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਓਪੀ ਰਾਣਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : 13 ਲੱਖ ਰੁਪਏ ਦੀ ਕਥਿਤ ਰਿਸ਼ਵਤਖੋਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਦੇ ਇੰਸਪੈਕਟਰ ਓਪੀ ਰਾਣਾ ਦੀ ਨਿਯਮਤ ਜ਼ਮਾਨਤ ਅਰਜ਼ੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰੱਦ ਕਰ ਦਿੱਤੀ ਹੈ। ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਓਪੀ ਰਾਣਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ।
ਸੀਬੀਆਈ ਨੇ ਅਦਾਲਤ ਵਿੱਚ ਜਵਾਬ ਦਾਖ਼ਲ ਕਰਦਿਆਂ ਜ਼ਮਾਨਤ ਦਾ ਵਿਰੋਧ ਕੀਤਾ। ਜਾਂਚ ਏਜੰਸੀ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਅਜੇ ਅਹਿਮ ਪੜਾਅ ’ਤੇ ਹੈ। ਜੇਕਰ ਮੁਲਜ਼ਮ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਜਾਂਚ ਅਤੇ ਮਾਮਲੇ ਦੀ ਕਾਰਵਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਲਈ ਸੀਬੀਆਈ ਨੇ ਅਦਾਲਤ ਤੋਂ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਕੀਤੀ। ਸੁਣਵਾਈ ਦੌਰਾਨ ਸੀਬੀਆਈ ਵੱਲੋਂ ਕਿਹਾ ਗਿਆ ਕਿ ਮਾਮਲੇ ਨਾਲ ਜੁੜੇ ਕਈ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਮੁਲਜ਼ਮ ਨੂੰ ਰਾਹਤ ਮਿਲਣ ਨਾਲ ਜਾਂਚ ’ਤੇ ਅਸਰ ਪੈਣ ਦਾ ਖਦਸ਼ਾ ਹੈ। ਦੂਜੇ ਪਾਸੇ ਓਪੀ ਰਾਣਾ ਦੇ ਵਕੀਲ ਨੇ ਅਦਾਲਤ ਵਿੱਚ ਜ਼ਮਾਨਤ ਦੇਣ ਦੇ ਹੱਕ ਵਿੱਚ ਦਲੀਲਾਂ ਪੇਸ਼ ਕੀਤੀਆਂ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।
13 ਲੱਖ ਰੁਪਏ ਤੇ ਮਹਿੰਗਾ ਮੋਬਾਈਲ ਲੈਂਦੇ ਫੜੇ ਗਏ ਸਨ
ਮਾਮਲਾ ਸੀਬੀਆਈ ਵੱਲੋਂ ਚੰਡੀਗੜ੍ਹ ਅਤੇ ਮੁਹਾਲੀ ’ਚ ਕੀਤੀ ਗਈ ਟ੍ਰੈਪ ਕਾਰਵਾਈ ਨਾਲ ਸਬੰਧਤ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਸੀਬੀਆਈ ਨੇ ਕਾਰਵਾਈ ਕਰਦਿਆਂ ਕਥਿਤ ਵਿਚੋਲਿਆਂ ਅੰਕਿਤ ਵਧਵਾ, ਰਾਘਵ ਗੋਇਲ ਅਤੇ ਵਿਕਾਸ ਗੋਇਲ ਨੂੰ ਸ਼ਿਕਾਇਤਕਰਤਾ ਤੋਂ 13 ਲੱਖ ਰੁਪਏ ਨਕਦ ਅਤੇ ਇੱਕ ਮਹਿੰਗਾ ਮੋਬਾਈਲ ਫੋਨ ਲੈਂਦੇ ਹੋਏ ਕਾਬੂ ਕੀਤਾ ਸੀ।
ਗ੍ਰਿਫ਼ਤਾਰੀ ਤੋਂ ਬਾਅਦ ਸੀਬੀਆਈ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ। ਜਾਂਚ ਦੌਰਾਨ ਪੰਜਾਬ ਵਿਜੀਲੈਂਸ ਦੇ ਇੰਸਪੈਕਟਰ ਓਪੀ ਰਾਣਾ ਦਾ ਨਾਮ ਵੀ ਸਾਹਮਣੇ ਆਇਆ। ਇਸ ਤੋਂ ਬਾਅਦ ਓਪੀ ਰਾਣਾ ਨੇ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ ਅਤੇ ਉਹ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ।
ਸੀਬੀਆਈ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਅਤੇ ਮੁੱਢਲੀ ਜਾਂਚ ਦੌਰਾਨ ਓਪੀ ਰਾਣਾ ਦੀ ਕਥਿਤ ਭੂਮਿਕਾ ਸਾਹਮਣੇ ਆਈ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਰਿਸ਼ਵਤ ਦੀ ਮੰਗ ਅਤੇ ਪੂਰੀ ਸਾਜ਼ਿਸ਼ ਵਿੱਚ ਉਸ ਦੀ ਭੂਮਿਕਾ ਹੋਣ ਦੇ ਸੰਕੇਤ ਮਿਲੇ ਹਨ।