- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ। ਪਾਰਟੀ ਵੱਲੋਂ ਕਈ ਥਾਵਾਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਗਏ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਕਿ ਸੀਬੀਆਈ ਦੀ ਛਾਪੇਮਾਰੀ ਦੌਰਾਨ ਕੁਝ ਨਹੀਂ ਮਿਲਿਆ ਅਤੇ ਇਸ ਨੂੰ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੱਸਿਆ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਵੀਰ ਸਿੰਘ ਘੁੰਮਣ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਸੀਬੀਆਈ ਵੱਲੋਂ ਕੇਸ ਦਰਜ ਕਰਨ ਅਤੇ ਮੁੱਖ ਮੰਤਰੀ ਦੇ ਕੈਂਪ ਆਫਿਸ (ਕੋਠੀ ਨੰਬਰ 50) ’ਚ ਛਾਪੇਮਾਰੀ ਮਗਰੋਂ ਪੰਜਾਬ ਦੀ ਸਿਆਸਤ ਭਖ ਗਈ ਹੈ। ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਨੇ ਇਕ-ਦੂਜੇ ਖ਼ਿਲਾਫ਼ ਤਿੱਖੇ ਹਮਲੇ ਕਰਦਿਆਂ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ।
‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ। ਪਾਰਟੀ ਵੱਲੋਂ ਕਈ ਥਾਵਾਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਗਏ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਕਿ ਸੀਬੀਆਈ ਦੀ ਛਾਪੇਮਾਰੀ ਦੌਰਾਨ ਕੁਝ ਨਹੀਂ ਮਿਲਿਆ ਅਤੇ ਇਸ ਨੂੰ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੱਸਿਆ। ਲੋਕ ਸਭਾ ਮੈਂਬਰ ਮੀਤ ਹੇਅਰ ਨੇ ਦੋਸ਼ ਲਾਇਆ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਈਡੀ ਤੇ ਸੀਬੀਆਈ ਨੂੰ ਆਪਣੇ ਵਿੰਗ ਵਜੋਂ ਵਰਤ ਰਹੀ ਹੈ। ਵਿਧਾਇਕ ਜੀਵਨਜੋਤ ਕੌਰ ਤੇ ਦਲਜੀਤ ਸਿੰਘ ਨੇ ਵੀ ਕੇਂਦਰ ਅਤੇ ਭਾਜਪਾ ’ਤੇ ਨਿਸ਼ਾਨਾ ਸੇਧਿਆ।
ਦੂਜੇ ਪਾਸੇ ਭਾਜਪਾ ਆਗੂਆਂ ਨੇ ‘ਆਪ’ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਜਾਂਚ ਏਜੰਸੀ ਕਾਨੂੰਨੀ ਪ੍ਰਕਿਰਿਆ ਤਹਿਤ ਕਾਰਵਾਈ ਕਰ ਰਹੀ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਮੁਹਾਲੀ ’ਚ ਪ੍ਰਦਰਸ਼ਨ ਕੀਤਾ ਅਤੇ ‘ਆਪ’ ਸਰਕਾਰ ਦੀ ਅਰਥੀ ਫੂਕੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੜਬੜੀ ਨਹੀਂ ਹੋਈ ਤਾਂ ਸਰਕਾਰ ਨੂੰ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੀਬੀਆਈ ਦੀ ਕਾਰਵਾਈ ਭਾਜਪਾ ਜਾਂ ਕੇਂਦਰ ਦੇ ਕਹਿਣ ’ਤੇ ਨਹੀਂ, ਸਗੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਹੋਈ ਹੈ।
ਇਸ ਦੌਰਾਨ ਸਿਆਸੀ ਹਲਕਿਆਂ ’ਚ ਚਰਚਾ ਹੈ ਕਿ ਸੀਬੀਆਈ ਦੀ ਕਾਰਵਾਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਧਿਰਾਂ ਵਿਚਕਾਰ ਟਕਰਾਅ ਦਾ ਨਵਾਂ ਮੁੱਦਾ ਬਣ ਸਕਦੀ ਹੈ। ਉਧਰ, ਰਾਜਵੀਰ ਸਿੰਘ ਘੁੰਮਣ ਵੱਲੋਂ ਸੀਬੀਆਈ ਦੀ ਕਾਰਵਾਈ ਨੂੰ ਲੈ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਸਬੰਧੀ ਪਟੀਸ਼ਨ ਦਾਇਰ ਕਰਨ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।