ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਚਿੱਠੀ ਲਿਖ ਕੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ 20 ਸਤੰਬਰ ਨੂੰ ਭਾਰਤ ਸਰਕਾਰ ਵਿਰੁੱਧ ਮੁਜ਼ਾਹਰਾ ਕਰਨ ਲਈ ਦਿੱਲੀ ਜਾ ਰਹੇ ਕਾਂਗਰਸੀ ਵਰਕਰਾਂ ਨੂੰ ਹਰਿਆਣਾ ਸਰਕਾਰ ਵੱਲੋਂ ਰੋਕੇ ਜਾਣ 'ਤੇ ਰੋਸ ਪ੍ਰਗਟਾਇਆ ਹੈ।

ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗ਼ੈਰ ਸੰਵਿਧਾਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਮੇਸ਼ਾ ਹੀ ਛੋਟੇ ਅਤੇ ਵੱਡੇ ਭਰਾ ਵਾਂਗ ਵਿਚਰਦੇ ਰਹੇ ਹਨ ਅਤੇ ਹਰਿਆਣਾ ਸਰਕਾਰ ਨੂੰ ਇਸ ਤਰ੍ਹਾਂ ਦਾ ਵਿਹਾਰ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੇ ਇਸ ਵਿਹਾਰ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਲੱਗਾ ਹੈ।

ਜਾਖੜ ਨੇ ਖੱਟਰ ਨੂੰ ਯਾਦ ਕਰਵਾਇਆ ਕਿ ਇਨ੍ਹਾਂ ਕਾਲੇ ਬਿੱਲਾਂ ਦਾ ਸਭ ਤੋਂ ਵੱਧ ਅਸਰ ਤਾਂ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਕਿਸਾਨਾਂ 'ਤੇ ਹੀ ਪੈਣਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਲਿਖਿਆ ਕਿ ਇਸ ਦੇਸ਼ ਦਾ ਸੰਵਿਧਾਨ ਸਮੂਹ ਨਾਗਰਿਕਾਂ ਨੂੰ ਬਿਨਾਂ ਰੋਕ-ਟੋਕ ਦੇਸ਼ ਵਿਚ ਕਿਤੇ ਵੀ ਆਉਣ-ਜਾਣ ਦੀ ਮਨਜ਼ੂਰੀ ਦਿੰਦਾ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਕੇ ਹਰਿਆਣਾ ਸਰਕਾਰ ਨੇ ਸੰਵਿਧਾਨ ਦਾ ਅਪਮਾਨ ਕੀਤਾ ਹੈ।