ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ, ਹੜਤਾਲ ਮੁਲਤਵੀ; ਟਰਾਂਸਪੋਰਟ ਸਕੱਤਰ ਨਾਲ ਗੱਲਬਾਤ ਤੋਂ ਬਾਅਦ ਬਣੀ ਸਹਿਮਤੀ
Strike Postponed : ਮੀਟਿੰਗ 'ਚ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ 'ਤੇ ਸਹਿਮਤੀ ਬਣਨ ਤੋਂ ਬਾਅਦ ਯੂਨੀਅਨ ਨੇ ਮੰਗਲਵਾਰ ਤੋਂ ਹੋਣ ਵਾਲਾ ਚੱਕਾ ਜਾਮ ਟਾਲ ਦਿੱਤਾ ਹੈ। ਅਜਿਹੇ 'ਚ 22 ਸਤੰਬਰ ਨੂੰ ਪੰਜਾਬ ਰੋਡਵੇਜ਼ ਅਤੇ ਹੋਰ ਸਰਕਾਰੀ ਬੱਸ ਸੇਵਾਵਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਰਾਹਤ ਮਿਲੀ ਹੈ।
Publish Date: Mon, 21 Sep 2026 05:11 PM (IST)
Updated Date: Mon, 21 Sep 2026 05:27 PM (IST)
ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ 22 ਸਤੰਬਰ ਨੂੰ ਪ੍ਰਸਤਾਵਿਤ ਅਣਮਿੱਥੇ ਸਮੇਂ ਦੀ ਹੜਤਾਲ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਸੋਮਵਾਰ ਨੂੰ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਟਰਾਂਸਪੋਰਟ ਸਕੱਤਰ ਅਨੁਰਾਗ ਵਰਮਾ ਨਾਲ ਮੁੱਖ ਸਕੱਤਰੇਤ 'ਚ ਹੋਈ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਮੀਟਿੰਗ 'ਚ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ 'ਤੇ ਸਹਿਮਤੀ ਬਣਨ ਤੋਂ ਬਾਅਦ ਯੂਨੀਅਨ ਨੇ ਮੰਗਲਵਾਰ ਤੋਂ ਹੋਣ ਵਾਲਾ ਚੱਕਾ ਜਾਮ ਟਾਲ ਦਿੱਤਾ ਹੈ। ਅਜਿਹੇ 'ਚ 22 ਸਤੰਬਰ ਨੂੰ ਪੰਜਾਬ ਰੋਡਵੇਜ਼ ਅਤੇ ਹੋਰ ਸਰਕਾਰੀ ਬੱਸ ਸੇਵਾਵਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਰਾਹਤ ਮਿਲੀ ਹੈ।
ਮੁਲਾਜ਼ਮ ਆਗੂ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ 'ਤੇ ਕਰਨ ਅਤੇ ਸਰਵਿਸ ਰੂਲਜ਼ ਨੂੰ ਅੰਤਿਮ ਰੂਪ ਦੇਣ ਸਮੇਤ ਕਈ ਮੁੱਦਿਆਂ 'ਤੇ ਸਕਾਰਾਤਮਕ ਚਰਚਾ ਹੋਈ। ਸਰਕਾਰ ਵੱਲੋਂ ਮੰਗਾਂ 'ਤੇ ਅੱਗੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਯੂਨੀਅਨ ਨੇ ਫਿਲਹਾਲ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ 24 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਨਾਲ ਮੁਲਾਜ਼ਮਾਂ ਦੀ ਮੀਟਿੰਗ ਤੈਅ ਹੋਈ ਹੈ। ਇਸ ਮੀਟਿੰਗ 'ਚ ਉਨ੍ਹਾਂ ਦੀਆਂ ਲੰਬਿਤ ਮੰਗਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਹੀ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਹੋਵੇਗੀ।
ਨਿਯਮਿਤ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤਾ ਸੀ ਹੜਤਾਲ ਦਾ ਐਲਾਨ
ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਜਥੇਬੰਦੀਆਂ ਨੇ ਰੈਗੂਲਰਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ 22 ਸਤੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ ਕੀਤਾ ਸੀ। ਯੂਨੀਅਨ ਦਾ ਦਾਅਵਾ ਸੀ ਕਿ ਹੜਤਾਲ ਕਾਰਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਕਰੀਬ 2700 ਬੱਸਾਂ ਦਾ ਸੰਚਾਲਨ ਪ੍ਰਭਾਵਿਤ ਹੋ ਸਕਦਾ ਹੈ ਅਤੇ ਲਗਭਗ 5500 ਡਰਾਈਵਰ-ਕੰਡਕਟਰ ਅੰਦੋਲਨ 'ਚ ਸ਼ਾਮਲ ਹੋਣ ਵਾਲੇ ਸਨ। ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ 'ਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨਾ ਤੇ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਤੇ ਸਹੂਲਤਾਂ ਦੇਣਾ ਸ਼ਾਮਲ ਹੈ। ਹੁਣ 24 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਦੇ ਨਤੀਜੇ ਦੇ ਆਧਾਰ 'ਤੇ ਮੁਲਾਜ਼ਮ ਅੱਗੇ ਦਾ ਫ਼ੈਸਲਾ ਲੈਣਗੇ।