ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਵਿਕਾਸ ਕਾਰਜ 10 ਤੱਕ ਸ਼ੁਰੂ ਕੀਤੇ ਜਾਣ : ਚੀਮਾ
ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕੀਤੇ ਜਾਣ -ਚੀਮਾ
Publish Date: Fri, 05 Jun 2026 06:31 PM (IST)
Updated Date: Sat, 06 Jun 2026 04:05 AM (IST)

ਫੋਟੋ ਸਮਾਚਾਰ * ਦੋ ਦਿਨ ’ਚ ਪ੍ਰਸਤਾਵ ਜਮ੍ਹਾਂ ਨਾ ਕਰਵਾਉਣ ਵਾਲੇ ਖੇਤਰਾਂ ਲਈ ਤੀਜੇ ਪੜਾਅ ਦੀ ਫੰਡਿੰਗ ਰੋਕਣ ਦੀ ਚਿਤਾਵਨੀ ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਤੇ 31 ਜੁਲਾਈ ਤੱਕ ਹਰ ਹਾਲ ’ਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਗਲੇ ਦੋ ਦਿਨਾਂ ਅੰਦਰ ਪ੍ਰਸਤਾਵ ਜਮ੍ਹਾਂ ਨਾ ਕਰਵਾਉਣ ਵਾਲੇ ਖੇਤਰਾਂ ਲਈ ਤੀਜੇ ਪੜਾਅ ਦੀ ਫੰਡਿੰਗ ਪੂਰੀ ਤਰ੍ਹਾਂ ਰੋਕ ਦਿੱਤੀ ਜਾਵੇਗੀ। ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਕੀਮ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਸਬੰਧਤ ਪ੍ਰੋਜੈਕਟ ਇਸ ਸਮੇਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ, ਤੀਜੇ ਪੜਾਅ ਦੇ ਪ੍ਰਸਤਾਵਾਂ ਲਈ ਦੋ ਦਿਨਾਂ ਦਾ ਸਮਾਂ ਆਖਰੀ ਹੈ ਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ। ਜੇਕਰ ਤੀਜੇ ਪੜਾਅ ਦੇ ਪ੍ਰਸਤਾਵ ਦੋ ਦਿਨਾਂ ਅੰਦਰ ਜਮ੍ਹਾਂ ਨਾ ਕੀਤੇ ਗਏ ਤਾਂ ਸਬੰਧਤ ਖੇਤਰਾਂ ਦੀਆਂ ਵਿਕਾਸ ਗ੍ਰਾਂਟਾਂ ਬਿਨਾਂ ਵਜ੍ਹਾ ਦੇਰੀ ਕਾਰਨ ਰੋਕ ਦਿੱਤੀਆਂ ਜਾਣਗੀਆਂ। ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਉਣ ਵਾਲੇ ਬਰਸਾਤ ਦੇ ਮੌਸਮ ਨੂੰ ਵਿਸ਼ੇਸ਼ ਤੌਰ ਤੇ ਧਿਆਨ ’ਚ ਰੱਖਦੇ ਹੋਏ ਇਨ੍ਹਾਂ ਕੰਮਾਂ ਦੀ ਰਣਨੀਤੀ ਬਣਾਉਣ ਤੇ ਇਨ੍ਹਾਂ ਨੂੰ ਨੇਪਰੇ ਚਾੜ੍ਹਨ ਤਾਂ ਜੋ ਚੱਲ ਰਹੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ’ਚ ਮੌਸਮ ਕਾਰਨ ਕੋਈ ਵਿਘਨ ਜਾਂ ਦੇਰੀ ਨਾ ਹੋਵੇ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਵਿੱਤੀ ਬਿੱਲਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ। ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਪ੍ਰਸ਼ਾਸਨਿਕ ਦੇਰੀ ਦੀ ਪੂਰੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਸਬੰਧਤ ਕਾਰਜਕਾਰੀ ਏਜੰਸੀ ਸਿਰ ਮੜ੍ਹੀ ਜਾਵੇਗੀ ਤੇ ਕੋਤਾਹੀ ਵਰਤਣ ਵਾਲਿਆਂ ਖ਼ਿਲਾਫ਼ ਤੁਰੰਤ ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਪਹਿਲਾਂ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਬਕਾਇਆ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਸਥਾਈ ਤੇ ਸਮਾਂ-ਬੱਧ ਪ੍ਰਣਾਲੀ ਸਥਾਪਤ ਕਰਨ ਤਾਂ ਜੋ ਭਵਿੱਖ ’ਚ ਸਾਰੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕੀਤੇ ਜਾ ਸਕਣ ਤੇ ਪੰਜਾਬ ਭਰ ’ਚ ਵਿਕਾਸ ਫੰਡਾਂ ਦਾ ਪ੍ਰਵਾਹ ਨਿਰਵਿਘਨ ਜਾਰੀ ਰਹੇ।