ਪੰਜਾਬੀ ਵਿਦਿਆਰਥੀਆਂ ਦੀ ਮੁਸ਼ਕਲ: ਸੁਨੀਲ ਜਾਖੜ ਨੇ ਕੈਨੇਡਾ ਸਰਕਾਰ ਨੂੰ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਨਿਯਮਾਂ 'ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ
ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕੈਨੇਡਾ ਸਰਕਾਰ ਵੱਲੋਂ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (ਪੀਜੀਡਬਲਿਊਪੀ) ਦੇ ਨਿਯਮਾਂ ਵਿੱਚ ਕੀਤੀਆਂ ਤਾਜ਼ਾ ਤਬਦੀਲੀਆਂ 'ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਕਾਰਨ ਸੈਂਕੜੇ ਭਾਰਤੀ ਵਿਦਿਆਰਥੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬ ਦੇ ਵਿਦਿਆਰਥੀਆਂ ਦੀ ਹੈ, ਅਨਿਸ਼ਚਿਤਤਾ ਅਤੇ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ।
Publish Date: Sat, 01 Aug 2026 09:34 AM (IST)
Updated Date: Sat, 01 Aug 2026 09:35 AM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਕੈਨੇਡਾ ਸਰਕਾਰ ਵੱਲੋਂ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (ਪੀਜੀਡਬਲਿਊਪੀ) ਦੇ ਨਿਯਮਾਂ ਵਿੱਚ ਕੀਤੀਆਂ ਤਾਜ਼ਾ ਤਬਦੀਲੀਆਂ 'ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਕਾਰਨ ਸੈਂਕੜੇ ਭਾਰਤੀ ਵਿਦਿਆਰਥੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬ ਦੇ ਵਿਦਿਆਰਥੀਆਂ ਦੀ ਹੈ, ਅਨਿਸ਼ਚਿਤਤਾ ਅਤੇ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ।
ਬਿਆਨ ਜਾਰੀ ਕਰਦਿਆਂ ਜਾਖੜ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਉਸ ਸਮੇਂ ਕੈਨੇਡਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਲਿਆ ਸੀ, ਜਦੋਂ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਨਾਲ ਸਬੰਧਤ ਨਿਯਮ ਵੱਖਰੇ ਸਨ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਉਸੇ ਨੀਤੀ ਦੇ ਆਧਾਰ 'ਤੇ ਆਪਣੇ ਭਵਿੱਖ ਦੀ ਯੋਜਨਾ ਬਣਾਈ ਅਤੇ ਲੱਖਾਂ ਰੁਪਏ ਦਾ ਨਿਵੇਸ਼ ਕੀਤਾ ਸੀ। ਹੁਣ ਅਚਾਨਕ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਨਾਲ ਉਨ੍ਹਾਂ ਦੇ ਭਵਿੱਖ 'ਤੇ ਸਵਾਲ ਖੜ੍ਹੇ ਹੋ ਗਏ ਹਨ।
ਜਾਖੜ ਨੇ ਕਿਹਾ ਕਿ ਨੀਤੀਆਂ ਵਿੱਚ ਤਬਦੀਲੀ ਕਰਨਾ ਹਰ ਦੇਸ਼ ਦਾ ਅਧਿਕਾਰ ਹੈ, ਪਰ ਜਿਨ੍ਹਾਂ ਵਿਦਿਆਰਥੀਆਂ ਨੇ ਪਹਿਲਾਂ ਤੋਂ ਲਾਗੂ ਨਿਯਮਾਂ ਦੇ ਆਧਾਰ 'ਤੇ ਦਾਖ਼ਲਾ ਲਿਆ ਹੈ, ਉਨ੍ਹਾਂ ਨੂੰ ਇਸ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਵਿਦਿਆਰਥੀਆਂ ਲਈ ਰਾਹਤ ਜਾਂ ਤਬਦੀਲੀ ਸਬੰਧੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਏ ਅਤੇ ਕੂਟਨੀਤਕ ਪੱਧਰ 'ਤੇ ਅਜਿਹਾ ਹੱਲ ਕੱਢਿਆ ਜਾਵੇ, ਜਿਸ ਨਾਲ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਦੇ ਜਾਇਜ਼ ਹਿੱਤਾਂ ਦੀ ਰੱਖਿਆ ਹੋ ਸਕੇ।