- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦਾ ਪ੍ਰਸ਼ਾਸਨਿਕ ਢਾਂਚਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਿਆ ਹੈ। ਹਲਕਾ ਇੰਚਾਰਜਾਂ ਦੀ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਰਗੇ ਹਾਲਾਤ ਪਹਿਲਾਂ ਕਦੇ ਨਹੀਂ ਦੇਖੇ ਗਏ, ਜਿੱਥੇ ਪੁਲਿਸ ਮ੍ਰਿਤਕ ਦੇਹ ਪਰਿਵਾਰ ਤੋਂ ਜਬਰੀ ਲੈ ਗਈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ 2027 ਦੀਆਂ ਚੋਣਾਂ ਵਿੱਚ ਲੋਕਾਂ ਵੱਲੋਂ ਨਕਾਰ ਦਿੱਤੇ ਜਾਣ ਦਾ ਅਹਿਸਾਸ ਹੋ ਗਿਆ ਹੈ, ਜਿਸ ਕਾਰਨ ਉਹ ਮੈਦਾਨ ਛੱਡ ਕੇ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦਾ ਪ੍ਰਸ਼ਾਸਨਿਕ ਢਾਂਚਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਿਆ ਹੈ।
ਹਲਕਾ ਇੰਚਾਰਜਾਂ ਦੀ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਰਗੇ ਹਾਲਾਤ ਪਹਿਲਾਂ ਕਦੇ ਨਹੀਂ ਦੇਖੇ ਗਏ, ਜਿੱਥੇ ਪੁਲਿਸ ਮ੍ਰਿਤਕ ਦੇਹ ਪਰਿਵਾਰ ਤੋਂ ਜਬਰੀ ਲੈ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਈ ਜਵਾਬਦੇਹ ਕਮਾਂਡ ਨਾ ਹੋਣ ਕਾਰਨ ਪੁਲਿਸ ਆਪਣੀ ਮਰਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਦੀ ਹਮਾਇਤ ਕਰਨ ਦਾ ਮਨ ਬਣਾ ਚੁੱਕੇ ਹਨ ਅਤੇ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਕੋਈ ਅਸਰ ਨਹੀਂ ਪਵੇਗਾ।
ਗਠਜੋੜ ਬਾਰੇ ਸਵਾਲ ’ਤੇ ਬਾਦਲ ਨੇ ਕਿਹਾ ਕਿ ਅਕਾਲੀ ਦਲ ਉਨ੍ਹਾਂ ਪਾਰਟੀਆਂ ਨਾਲ ਗਠਜੋੜ ਲਈ ਤਿਆਰ ਹੈ, ਜੋ ਇਸ ਦੀ ਵਿਚਾਰਧਾਰਾ ਤੇ ਨੀਤੀਆਂ ਨਾਲ ਸਹਿਮਤ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਕੀਤਾ ਜਾਵੇਗਾ, ਪਰ ਹੋਰ ਪ੍ਰਸਤਾਵਾਂ ’ਤੇ ਵਿਚਾਰ ਕੀਤਾ ਜਾ ਸਕਦਾ ਹੈ।
ਮੀਟਿੰਗ ਮਗਰੋਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਪੰਜਾਬ ਯਾਤਰਾ ਹੁਣ 10 ਦੀ ਬਜਾਏ 15 ਨਵੰਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਰੁੱਝੇਵਿਆਂ ਕਾਰਨ ਤਾਰੀਖ਼ ਬਦਲੀ ਗਈ ਹੈ। ਯਾਤਰਾ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਕਰਨਗੇ।
ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮੁਲਾਕਾਤ ਲਈ ਵਿਸ਼ੇਸ਼ ਪ੍ਰੋਗਰਾਮ ਵੀ ਸ਼ੁਰੂ ਕਰਨਗੇ। ਇਸ ਤਹਿਤ 12 ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਜਾਵੇਗਾ ਅਤੇ ਪਹਿਲੀਆਂ ਮੀਟਿੰਗਾਂ ਸੰਗਰੂਰ ਤੇ ਬਰਨਾਲਾ ਵਿੱਚ ਹੋਣਗੀਆਂ।
ਉਨ੍ਹਾਂ ਇਹ ਵੀ ਦੱਸਿਆ ਕਿ ਅਕਾਲੀ ਦਲ ਦਾ ਵਫ਼ਦ ਜਲਦੀ ਹੀ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਮਿਲ ਕੇ ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਜਬਰੀ ਲਿਜਾਣ ਅਤੇ ਪਰਿਵਾਰ ਨਾਲ ਕਥਿਤ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕਰੇਗਾ।
ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸੂਬਾ ਸਿੰਘ ਡੱਬਵਾਲੀ ਅਤੇ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਵੀ ਦੁੱਖ ਪ੍ਰਗਟ ਕੀਤਾ ਗਿਆ।