ਪੰਜਾਬ ਦੀ ਮਹਿਲਾ IAS ਅਧਿਕਾਰੀ ਬਣੇ ਕੇਂਦਰੀ ਮੰਤਰਾਲੇ ’ਚ ਡਾਇਰੈਕਟਰ, ਪੰਜ ਸਾਲ ਰਹੀ ਨਿਯੁਕਤੀ
ਉਨ੍ਹਾਂ ਦੀ ਇਸ ਨਿਯੁਕਤੀ ਨੂੰ ਉਨ੍ਹਾਂ ਦੇ ਪ੍ਰਸ਼ਾਸਕੀ ਕਰੀਅਰ ’ਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੂੰ ਪੰਜਾਬ ਦੇ ਸਭ ਤੋਂ ਵੱਡੇ ਜ਼ਿਲ੍ਹੇ ਲੁਧਿਆਣਾ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਉਣ ਦਾ ਮਾਣ ਪ੍ਰਾਪਤ ਹੈ।
Publish Date: Mon, 06 Apr 2026 08:53 AM (IST)
Updated Date: Mon, 06 Apr 2026 08:57 AM (IST)
ਚੰਡੀਗੜ੍ਹ : ਪੰਜਾਬ ਕੇਡਰ ਦੀ 2012 ਬੈਚ ਦੀ ਆਈਏਐੱਸ ਅਧਿਕਾਰੀ ਸੁਰਭੀ ਮਲਿਕ ਨੂੰ ਕੇਂਦਰੀ ਸਟਾਫਿੰਗ ਸਕੀਮ ਅਧੀਨ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ’ਚ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਉਨ੍ਹਾਂ ਦੇ ਚਾਰਜ ਸੰਭਾਲਣ ਦੀ ਤਰੀਕ ਤੋਂ ਪੰਜ ਸਾਲ ਦੇ ਕਾਰਜਕਾਲ ਜਾਂ ਅਗਲੇ ਹੁਕਮਾਂ ਤੱਕ ਹੋਵੇਗੀ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਉਨ੍ਹਾਂ ਦੇ ਪ੍ਰਸ਼ਾਸਕੀ ਕਰੀਅਰ ’ਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੂੰ ਪੰਜਾਬ ਦੇ ਸਭ ਤੋਂ ਵੱਡੇ ਜ਼ਿਲ੍ਹੇ ਲੁਧਿਆਣਾ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਉਣ ਦਾ ਮਾਣ ਪ੍ਰਾਪਤ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਲੁਧਿਆਣਾ ਨਗਰ ਨਿਗਮ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਵਧੀਕ ਕਮਿਸ਼ਨਰ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ ਉਹ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ, ਰੂਪਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਤੇ ਨੰਗਲ ਦੇ ਉਪ-ਮੰਡਲ ਮੈਜਿਸਟਰੇਟ ਵਰਗੇ ਪ੍ਰਮੁੱਖ ਅਹੁਦਿਆਂ ’ਤੇ ਵੀ ਰਹੇ ਹਨ। ਉਨ੍ਹਾਂ ਨੇ ਪਟਿਆਲਾ ਸੁਧਾਰ ਟਰੱਸਟ ਦੀ ਚੇਅਰਪਰਸਨ ਤੇ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਵਜੋਂ ਵੀ ਸੇਵਾ ਨਿਭਾਈ ਹੈ।