ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਫਲਾਈਓਵਰਾਂ ਦੇ ਕੰਮ ਜਲਦ ਪੂਰੇ ਕਰਨ ਦਾ ਭਰੋਸਾ ਦਿੱਤਾ, ਜਿਸ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਫ਼ਾਇਦਾ ਹੋਣ ਦੀ ਸੰਭਾਵਨਾ ਹੈ।

ਪੰਜਾਬੀ ਜਾਗਰਣ ਕੇਂਦਰ, ਨਵੀਂ ਦਿੱਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਅਹਿਮ ਮੀਟਿੰਗ ਕਰਕੇ ਪੰਜਾਬ ਦੇ ਲੰਬੇ ਸਮੇਂ ਤੋਂ ਲਟਕ ਰਹੇ ਸੜਕ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ ਦੀ ਮੰਗ ਉਠਾਈ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਫਲਾਈਓਵਰਾਂ ਦੇ ਕੰਮ ਜਲਦ ਪੂਰੇ ਕਰਨ ਦਾ ਭਰੋਸਾ ਦਿੱਤਾ, ਜਿਸ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਫ਼ਾਇਦਾ ਹੋਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਵੱਲ੍ਹਾ ਫਲਾਈਓਵਰ ਪ੍ਰਾਜੈਕਟ ਵਿੱਚ ਹੋ ਰਹੀ ਦੇਰੀ ਦਾ ਮਾਮਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸ੍ਰੀ ਹਰਿਮੰਦਰ ਸਾਹਿਬ ਅਤੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਜੋੜਦਾ ਹੈ, ਜਿਸ ਕਾਰਨ ਇੱਥੇ ਰੋਜ਼ਾਨਾ ਭਾਰੀ ਆਵਾਜਾਈ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਨੂੰ ਸਤੰਬਰ 2023 ਤੱਕ ਮੁਕੰਮਲ ਹੋਣਾ ਸੀ, ਪਰ ਕਈ ਵਾਰ ਸਮਾਂ ਵਧਾਉਣ ਦੇ ਬਾਵਜੂਦ ਅਜੇ ਤੱਕ ਕੰਮ ਪੂਰਾ ਨਹੀਂ ਹੋ ਸਕਿਆ। ਮੁੱਖ ਮੰਤਰੀ ਨੇ ਕਿਹਾ ਕਿ ਦੇਰੀ ਕਾਰਨ ਲੋਕਾਂ ਨੂੰ ਭਾਰੀ ਭੀੜ-ਭੜੱਕੇ ਅਤੇ ਸੁਰੱਖਿਆ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੀਟਿੰਗ ਦੌਰਾਨ ਫਿਰੋਜ਼ਪੁਰ-ਫਾਜ਼ਿਲਕਾ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਅਤੇ ਚਾਰ ਮਾਰਗੀ ਕਰਨ ਦੀ ਮੰਗ ਵੀ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੜਕ ਪਾਕਿਸਤਾਨ ਸਰਹੱਦ ਦੇ ਨੇੜੇ ਹੋਣ ਕਾਰਨ ਰਣਨੀਤਿਕ ਅਤੇ ਸੁਰੱਖਿਆ ਪੱਖੋਂ ਬਹੁਤ ਮਹੱਤਵਪੂਰਨ ਹੈ। ਇਸ ਤੋਂ ਇਲਾਵਾ ਭਵਾਨੀਗੜ੍ਹ-ਕੋਟਸ਼ਮੀਰ, ਬਰਨਾਲਾ-ਬਾਜਾਖਾਨਾ ਅਤੇ ਮਾਲੇਰਕੋਟਲਾ-ਬਰਨਾਲਾ ਸੜਕਾਂ ਨੂੰ ਵੀ ਚਾਰ ਮਾਰਗੀ ਬਣਾਉਣ ’ਤੇ ਸਹਿਮਤੀ ਬਣੀ।
ਮੁੱਖ ਮੰਤਰੀ ਨੇ ਜਲੰਧਰ-ਹੁਸ਼ਿਆਰਪੁਰ-ਮਨਾਲੀ ਰੋਡ ਨੂੰ ਵੀ ਚਾਰ ਮਾਰਗੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਸੜਕ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਅਤੇ ਸੈਰ-ਸਪਾਟਾ ਸਥਾਨਾਂ ਨਾਲ ਪੰਜਾਬ ਨੂੰ ਜੋੜਦੀ ਹੈ। ਇਸੇ ਤਰ੍ਹਾਂ ਚੰਡੀਗੜ੍ਹ-ਲਾਂਡਰਾਂ-ਚੁੰਨੀ-ਸਰਹਿੰਦ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਵੀ ਮੰਗ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ, ਗਿੱਦੜਬਾਹਾ ਅਤੇ ਹੋਰ ਸ਼ਹਿਰਾਂ ਵਿੱਚ ਵਧ ਰਹੀ ਆਵਾਜਾਈ ਅਤੇ ਹਾਦਸਿਆਂ ਨੂੰ ਦੇਖਦਿਆਂ ਨਵੇਂ ਫਲਾਈਓਵਰ ਅਤੇ ਐਲੀਵੇਟਿਡ ਕੋਰੀਡੋਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਬਕਾਇਆ ਫੰਡ ਜਲਦ ਜਾਰੀ ਕਰਨ ਦੀ ਮੰਗ ਵੀ ਕੀਤੀ।
ਮੀਟਿੰਗ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਸ਼ੁਰੂ ਕੀਤੀ ‘ਸੜਕ ਸੁਰਖਿਆ ਫੋਰਸ’ ਦੀ ਵੀ ਖੁੱਲ੍ਹ ਕੇ ਸ਼ਲਾਘਾ ਕੀਤੀ।