ਵਾਰਦਾਤਾਂ ਕਾਰਨ ਕਾਨੂੰਨ ਵਿਵਸਥਾ ’ਤੇ ਸਵਾਲੀਆ ਚਿੰਨ੍ਹ : ਸ਼ਰਮਾ
ਪੰਜਾਬ ਵਿਚ ਹੋਰ ਰਹੀਆਂ ਵਾਰਦਾਤਾਂ ਕਾਰਨ ਕਾਨੂੰਨ ਵਿਵਸਥਾ ’ਤੇ ਸਵਾਲੀਆ ਚਿੰਨ੍ਹ : ਸ਼ਰਮਾ
Publish Date: Tue, 31 Mar 2026 08:28 PM (IST)
Updated Date: Wed, 01 Apr 2026 04:17 AM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਵਿਚ ਰੋਜ਼ਾਨਾ ਵਾਪਰ ਰਹੀਆਂ ਕਤਲੋ-ਗਾਰਤ ਦੀਆਂ ਵਾਰਦਾਤਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਤੇ ਵੱਡਾ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ। ਗੁੰਡਾ ਅਨਸਰ ਦਿਨ ਦਿਹਾੜੇ ਸ਼ਰੇਆਮ ਆਮ ਲੋਕਾਂ ਨੂੰ ਗੋਲ਼ੀਆਂ ਨਾਲ ਭੁੰਨ ਕੇ ਫ਼ਰਾਰ ਹੋ ਜਾਂਦੇ ਹਨ, ਜਿਸ ਕਾਰਨ ਆਮ ਸ਼ਹਿਰੀਆਂ ਦੇ ਮਨਾਂ ਅੰਦਰ ਭਾਰੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਹ ਗੱਲ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਆਖੀ। ਹਰਕੇਸ਼ ਚੰਦ ਸ਼ਰਮਾ ਨੇ ਬੀਤੇ ਦਿਨੀਂ ਮਾਛੀਵਾੜਾ ਵਿਖੇ ਕਤਲ ਕੀਤੇ ਗਏ ਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਰੋਜ਼ਾਨਾ ਹੀ ਮਾੜੀਆਂ ਖ਼ਬਰਾਂ ਅਖਬਾਰਾਂ ਦੀਆਂ ਸੁਰਖੀਆਂ ਦਾ ਸ਼ਿੰਗਾਰ ਬਣ ਰਹੀਆਂ ਹਨ ਪਰ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਸਥਿਤੀ ਨੂੰ ਕਾਬੂ ਵਿਚ ਰੱਖਣ ਵਿਚ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਸਥਿਤੀ ਇਹੋ ਜਿਹੀ ਬਣਦੀ ਜਾ ਰਹੀ ਹੈ ਕਿ ਆਮ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਵਿਚ ਵੀ ਡਰ ਰਹੇ ਹਨ ਕਿਉਂਕਿ ਨੌਸਰਬਾਜ਼ ਬਿਨ੍ਹਾਂ ਕਿਸੇ ਡਰ ਭੈਅ ਤੋਂ ਸ਼ਰੇਆਮ ਬਾਜ਼ਾਰਾਂ ਵਿਚ ਲੋਕਾਂ ਨੂੰ ਕਤਲ ਕਰ ਦਿੰਦੇ ਹਨ।