- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਦੀਆਂ ਚੋਣ ਕਮੇਟੀਆਂ ਵਿਚ ਬਦਲਾਅ ਨੂੰ ਲੈ ਕੇ ਪੁੱਛੇ ਗਏ ਸਵਾਲ ’ਤੇ ਗੁਪਤਾ ਨੇ ਹਾਈਕਮਾਨ ਦੇ ਫੈਸਲੇ ਸਬੰਧੀ ਸਥਿਤੀ ਸਪੱਸ਼ਟ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਇਕ ਵਾਰ ਜੋ ਫੈਸਲਾ ਲੈਂਦਾ ਹੈ, ਉਸ ਵਿਚ ਬਦਲਾਅ ਨਹੀਂ ਕੀਤਾ ਜਾਂਦਾ। ਇਸ ਤੋਂ ਸੰਕੇਤ ਮਿਲਦਾ ਹੈ ਕਿ ਪਾਰਟੀ ਹੁਣ ਚੋਣੀ ਸੰਗਠਨ ਨੂੰ ਅੰਤਿਮ ਰੂਪ ਦੇ ਕੇ ਸਿੱਧੇ ਚੋਣ ਮੈਦਾਨ ਵਿਚ ਉਤਰਨ ਦੀ ਤਿਆਰੀ ਕਰ ਰਹੀ ਹੈ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕਾਂਗਰਸ ਆਗੂ ਰਾਹੁਲ ਗਾਂਧੀ ਅਗਲੇ 10 ਦਿਨਾਂ ਦੇ ਅੰਦਰ ਪੰਜਾਬ ਦੇ ਦੌਰੇ ’ਤੇ ਆਉਣਗੇ। ਉਨ੍ਹਾਂ ਦੇ ਦੌਰੇ ਦਾ ਸ਼ਡਿਊਲ ਲਗਪਗ ਤਿਆਰ ਹੋ ਚੁੱਕਾ ਹੈ ਅਤੇ ਅਗਲੇ ਕੁਝ ਦਿਨਾਂ ਵਿਚ ਇਸ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਦੌਰੇ ’ਤੇ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਦੇ ਕਈ ਹੋਰ ਵੱਡੇ ਆਗੂ ਵੀ ਸ਼ਿਰਕਤ ਕਰਨਗੇ।
ਰਾਹੁਲ ਗਾਂਧੀ ਦੇ ਦੌਰੇ ਦੀਆਂ ਤਿਆਰੀਆਂ ਨੂੰ ਲੈ ਕੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ 'ਚ ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਮੀਡੀਆ ਕੋਆਰਡੀਨੇਸ਼ਨ ਟੀਮ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ AICC ਦੇ ਨੈਸ਼ਨਲ ਮੀਡੀਆ ਕੋਆਰਡੀਨੇਟਰ ਹਰਿਸ਼ੰਕਰ ਗੁਪਤਾ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਾਸ਼ਟਰੀ ਪੱਧਰ ਦੀ ਟੀਮ ਨੂੰ ਵੀ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਤਾਂ ਜੋ ਚੋਣੀ ਤਿਆਰੀਆਂ ਅਤੇ ਪਾਰਟੀ ਦੀ ਮੀਡੀਆ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿਚ ਮੀਡੀਆ ਕੋਆਰਡੀਨੇਸ਼ਨ ਲਈ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਗੁਪਤਾ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅਗਲੇ 10 ਦਿਨਾਂ ਵਿਚ ਹੋਵੇਗਾ। ਦੌਰੇ ਦਾ ਪ੍ਰੋਗਰਾਮ ਲਗਪਗ ਫਾਈਨਲ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਦੀ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਏਗੀ। ਦੌਰੇ ਦੌਰਾਨ ਪੰਜਾਬ ਕਾਂਗਰਸ ਦੇ ਸਾਰੇ ਪ੍ਰਮੁੱਖ ਆਗੂ ਅਤੇ ਸੂਬੇ ਨਾਲ ਜੁੜੇ ਸੀਨੀਅਰ ਆਗੂ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ। ਪਾਰਟੀ ਦੀ ਕੋਸ਼ਿਸ਼ ਹੈ ਕਿ ਰਾਹੁਲ ਗਾਂਧੀ ਦੇ ਦੌਰੇ ਰਾਹੀਂ ਚੋਣੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਦਿੱਤੀ ਜਾਵੇ।
ਪੰਜਾਬ ਕਾਂਗਰਸ 'ਚ ਗੁੱਟਬਾਜ਼ੀ ਦੇ ਸਵਾਲ ’ਤੇ ਗੁਪਤਾ ਨੇ ਕਿਹਾ ਕਿ ਚੋਣ ਰਾਹੁਲ ਗਾਂਧੀ ਦੀ ਅਗਵਾਈ ਵਿਚ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸਿਆਸੀ ਦਲਾਂ ਵਿਚ ਮਤਭੇਦ ਅਤੇ ਗੁੱਟਬਾਜ਼ੀ ਹੁੰਦੀ ਹੈ, ਇਹ ਕੋਈ ਨਵੀਂ ਗੱਲ ਨਹੀਂ ਹੈ। ਹਾਲਾਂਕਿ ਉਨ੍ਹਾਂ ਮੰਨਿਆ ਕਿ ਇਸ ਤਰ੍ਹਾਂ ਦੇ ਮਤਭੇਦਾਂ ਨਾਲ ਕਿਸੇ ਵੀ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਸਾਰੇ ਆਗੂਆਂ ਨੂੰ ਨਾਲ ਲੈ ਕੇ ਚੋਣ ਮੈਦਾਨ ਵਿਚ ਉਤਰਨਾ ਹੈ।
ਹਰਿਸ਼ੰਕਰ ਗੁਪਤਾ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਨਸ਼ੇ ਦੀ ਸਮੱਸਿਆ, ਸਿੱਖਿਆ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਸੁਰੱਖਿਆ ਵਰਗੇ ਮੁੱਦੇ ਕਾਂਗਰਸ ਦੇ ਪ੍ਰਮੁੱਖ ਏਜੰਡੇ ਵਿਚ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਲੋਕਾਂ ਵਿਚ ਪ੍ਰਮੁੱਖਤਾ ਨਾਲ ਉਠਾਏਗੀ। ਉੱਥੇ ਹੀ, ਪੰਜਾਬ ਕਾਂਗਰਸ ਦੀਆਂ ਚੋਣ ਕਮੇਟੀਆਂ ਵਿਚ ਬਦਲਾਅ ਨੂੰ ਲੈ ਕੇ ਪੁੱਛੇ ਗਏ ਸਵਾਲ ’ਤੇ ਗੁਪਤਾ ਨੇ ਹਾਈਕਮਾਨ ਦੇ ਫੈਸਲੇ ਸਬੰਧੀ ਸਥਿਤੀ ਸਪੱਸ਼ਟ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਇਕ ਵਾਰ ਜੋ ਫੈਸਲਾ ਲੈਂਦਾ ਹੈ, ਉਸ ਵਿਚ ਬਦਲਾਅ ਨਹੀਂ ਕੀਤਾ ਜਾਂਦਾ। ਇਸ ਤੋਂ ਸੰਕੇਤ ਮਿਲਦਾ ਹੈ ਕਿ ਪਾਰਟੀ ਹੁਣ ਚੋਣ ਸੰਗਠਨ ਨੂੰ ਅੰਤਿਮ ਰੂਪ ਦੇ ਕੇ ਸਿੱਧੇ ਚੋਣ ਮੈਦਾਨ ਵਿਚ ਉਤਰਨ ਦੀ ਤਿਆਰੀ ਕਰ ਰਹੀ ਹੈ।