
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

Raja Warring ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੁੱਪੀ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੈਣੀ ਨੂੰ ਇਸ ਪੂਰੀ ਘਟਨਾ ਬਾਰੇ ਸਿੱਖਾਂ ਤੇ ਪੰਜਾਬੀਆਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸੈਣੀ ਨੂੰ ਯਾਦ ਕਰਵਾਇਆ ਕਿ ਉਹ ਅਕਸਰ ਪੰਜਾਬ ਆਉਂਦੇ ਹਨ, ਜਿੱਥੇ ਉਨ੍ਹਾਂ ਦਾ ਸਿੱਖੀ ਭਾਵਨਾ ਤੇ ਪੰਜਾਬੀ ਪਰੰਪਰਾ ਅਨੁਸਾਰ ਪੂਰੇ ਸਤਿਕਾਰ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਂਦਾ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਬਾਲਾ ਵਿਖ਼ੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਪ੍ਰਦਰਸ਼ਨਕਾਰੀ ਸਿੱਖ ਨੌਜਵਾਨਾਂ ਦੀ ਰਿਹਾਈ ਤੇ ਉਨ੍ਹਾਂ ਲੋਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਸਨ, ਜਿਨ੍ਹਾਂ ਨੇ ਲੋਕਾਂ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਸੀ। ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੁੱਪੀ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੈਣੀ ਨੂੰ ਇਸ ਪੂਰੀ ਘਟਨਾ ਬਾਰੇ ਸਿੱਖਾਂ ਤੇ ਪੰਜਾਬੀਆਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸੈਣੀ ਨੂੰ ਯਾਦ ਕਰਵਾਇਆ ਕਿ ਉਹ ਅਕਸਰ ਪੰਜਾਬ ਆਉਂਦੇ ਹਨ, ਜਿੱਥੇ ਉਨ੍ਹਾਂ ਦਾ ਸਿੱਖੀ ਭਾਵਨਾ ਤੇ ਪੰਜਾਬੀ ਪਰੰਪਰਾ ਅਨੁਸਾਰ ਪੂਰੇ ਸਤਿਕਾਰ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਮੁੱਖ ਭੜਕਾਊ ਭੂਮਿਕਾ ਨਿਭਾਉਣ ਵਾਲਾ ਵਿਅਕਤੀ ਲੁਧਿਆਣਾ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਉਸ ਵਿਅਕਤੀ ਦੀ ਪਛਾਣ ਵਿਵਾਦਤ ਤੇ ਭੜਕਾਊ ਬਿਆਨ ਜਾਰੀ ਕਰ ਕੇ ਸਰਕਾਰੀ ਸੁਰੱਖਿਆ ਹਾਸਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਜੋਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਮੇਂ ਸਿਰ ਸੂਝ-ਬੂਝ ਨਾਲ ਕੰਮ ਕਰਨਾ ਚਾਹੀਦਾ ਹੈ ਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਤੁਰੰਤ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਤੋਂ ਦੋਵੇਂ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਮਾਮਲੇ ਵਾਪਸ ਲੈਣ ਦੀ ਵੀ ਮੰਗ ਕੀਤੀ।