ਬਹਿਬਲ ਕਲਾਂ ਮਾਮਲੇ 'ਚ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ; ਰਵਨੀਤ ਬਿੱਟੂ 'ਤੇ ਬੋਲੇ- 'ਪੰਜਾਬ ਦੀ ਸਿਆਸਤ 'ਚ ਹੁਣ ਉਨ੍ਹਾਂ ਦੀ ਕੋਈ ਅਹਿਮੀਅਤ ਨਹੀਂ'
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਕਾਨੂੰਨ ਤਾਂ ਬਣਾ ਦਿੱਤਾ ਗਿਆ ਹੈ ਪਰ ਬਹਿਬਲ ਕਲਾਂ ਗੋਲੀਕਾਂਡ 'ਚ ਆਖ਼ਰ ਇਨਸਾਫ਼ ਕਦੋਂ ਮਿਲੇਗਾ?
Publish Date: Thu, 11 Jun 2026 01:01 PM (IST)
Updated Date: Thu, 11 Jun 2026 01:02 PM (IST)

ਰੋਹਿਤ ਕੁਮਾਰ, ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਕਾਨੂੰਨ ਤਾਂ ਬਣਾ ਦਿੱਤਾ ਗਿਆ ਹੈ ਪਰ ਬਹਿਬਲ ਕਲਾਂ ਗੋਲੀਕਾਂਡ 'ਚ ਆਖ਼ਰ ਇਨਸਾਫ਼ ਕਦੋਂ ਮਿਲੇਗਾ?
ਰਾਜਾ ਵੜਿੰਗ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤ ਪਰਿਵਾਰ ਅੱਜ ਵੀ ਨਿਆਂ ਦੀ ਉਡੀਕ ਕਰ ਰਹੇ ਹਨ ਅਤੇ ਸਰਕਾਰ ਨੂੰ ਇਸ ਮਾਮਲੇ 'ਚ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਸਰਕਾਰ ਬੇਅਦਬੀ 'ਤੇ ਕਾਨੂੰਨ ਬਣਾਉਣ ਦਾ ਦਾਅਵਾ ਕਰ ਰਹੀ ਹੈ, ਤਾਂ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਪੀੜਤਾਂ ਨੂੰ ਇਨਸਾਫ਼ ਕਦੋਂ ਮਿਲੇਗਾ।
ਭਾਜਪਾ, ਅਕਾਲੀ ਦਲ ਤੇ 'ਆਪ' 'ਤੇ ਵਿੰਨ੍ਹਿਆ ਨਿਸ਼ਾਨਾ
ਇਸ ਦੌਰਾਨ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਕ੍ਰਮਵਾਰ "ਈਡੀ, ਚਿੱਟਾ ਅਤੇ ਵਿਜੀਲੈਂਸ ਪਾਰਟੀਆਂ" ਹਨ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਕੇਂਦਰ 'ਚ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੈ, ਉਸੇ ਤਰ੍ਹਾਂ ਪੰਜਾਬ 'ਚ ਆਮ ਆਦਮੀ ਪਾਰਟੀ ਵਿਜੀਲੈਂਸ ਦੀ ਦੁਰਵਰਤੋਂ ਕਰ ਰਹੀ ਹੈ। ਵੜਿੰਗ ਨੇ ਕਿਹਾ, "ਜਿਹੜੀ ਦੁਰਵਰਤੋਂ ਭਾਜਪਾ ਕੇਂਦਰੀ ਏਜੰਸੀਆਂ ਦੀ ਕਰਦੀ ਹੈ, ਉਹੀ ਦੁਰਵਰਤੋਂ ਆਮ ਆਦਮੀ ਪਾਰਟੀ ਪੰਜਾਬ 'ਚ ਵਿਜੀਲੈਂਸ ਦੀ ਕਰ ਰਹੀ ਹੈ।"
ਰਵਨੀਤ ਬਿੱਟੂ ਤੇ ਚੋਣ ਰਣਨੀਤੀ 'ਤੇ ਬੋਲੇ ਵੜਿੰਗ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਬਾਰੇ ਪੁੱਛੇ ਗਏ ਸਵਾਲ 'ਤੇ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਸਿਆਸਤ 'ਚ ਹੁਣ ਉਨ੍ਹਾਂ ਦੀ ਕੋਈ ਅਹਿਮੀਅਤ ਨਹੀਂ ਰਹਿ ਗਈ ਹੈ। ਉਨ੍ਹਾਂ ਕਿਹਾ, "ਰਵਨੀਤ ਬਿੱਟੂ ਦੀ ਪੰਜਾਬ 'ਚ ਹੁਣ ਕੋਈ ਰੈਲੋਵੈਂਸ (ਪ੍ਰਸੰਗਿਕਤਾ) ਨਹੀਂ ਹੈ।" ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਰਣਨੀਤੀ ਦੇ ਸਵਾਲ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ 'ਚ ਅਗਲੀ ਚੋਣ ਕਾਂਗਰਸ ਹਾਈਕਮਾਂਡ ਦੀ ਅਗਵਾਈ 'ਚ ਲੜੀ ਜਾਵੇਗੀ। ਉਨ੍ਹਾਂ ਕਿਹਾ, "ਰਾਹੁਲ ਗਾਂਧੀ ਅਤੇ ਖੜਗੇ ਜੀ ਦੀ ਅਗਵਾਈ ਹੇਠ ਪੰਜਾਬ 'ਚ ਚੋਣ ਲੜੀ ਜਾਵੇਗੀ। ਰਾਜਾ ਵੜਿੰਗ ਸਿਰਫ਼ ਇੱਕ ਵਰਕਰ ਹੈ।"