- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Raja Warring ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਮੁੱਖ ਮੰਤਰੀ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਹਨ। ਅਜਿਹੇ 'ਚ ਜੇਕਰ ਕੁਝ ਕਾਂਗਰਸੀ ਆਗੂ ਉਨ੍ਹਾਂ ਦੇ ਘਰ ਮਿਲਦੇ ਹਨ ਤਾਂ ਇਸ 'ਚ ਕੋਈ ਅਜੀਬ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਆਗੂ ਉਨ੍ਹਾਂ ਦੇ ਘਰ ਜਾਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਵੀ ਮੀਟਿੰਗ ਕਰ ਸਕਦੇ ਹਨ, ਇਸ ਦਾ ਮਤਲਬ ਇਹ ਨਹੀਂ ਕਿ ਪਾਰਟੀ 'ਚ ਕੋਈ ਅੰਦਰੂਨੀ ਲੜਾਈ ਚੱਲ ਰਹੀ ਹੈ।

ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਹੋਈ ਮੀਟਿੰਗ ਨੂੰ ਲੈ ਕੇ ਪੈਦਾ ਹੋਏ ਵਿਵਾਦ 'ਤੇ ਪਹਿਲੀ ਵਾਰ ਖੁੱਲ੍ਹ ਕੇ ਪ੍ਰਤੀਕਿਰਿਆ ਦਿੱਤੀ। ਪਾਰਟੀ 'ਚ ਕਿਸੇ ਵੀ ਤਰ੍ਹਾਂ ਦੀ ਧੜੇਬੰਦੀ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਅਗਲੇ ਇਕ-ਦੋ ਦਿਨਾਂ 'ਚ ਸਾਰੇ ਸੀਨੀਅਰ ਆਗੂ ਇਕ ਮੰਚ ’ਤੇ ਨਜ਼ਰ ਆਉਣਗੇ।
ਵੜਿੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਮੁੱਖ ਮੰਤਰੀ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਹਨ। ਅਜਿਹੇ 'ਚ ਜੇਕਰ ਕੁਝ ਕਾਂਗਰਸੀ ਆਗੂ ਉਨ੍ਹਾਂ ਦੇ ਘਰ ਮਿਲਦੇ ਹਨ ਤਾਂ ਇਸ 'ਚ ਕੋਈ ਅਜੀਬ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਆਗੂ ਉਨ੍ਹਾਂ ਦੇ ਘਰ ਜਾਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਵੀ ਮੀਟਿੰਗ ਕਰ ਸਕਦੇ ਹਨ, ਇਸ ਦਾ ਮਤਲਬ ਇਹ ਨਹੀਂ ਕਿ ਪਾਰਟੀ 'ਚ ਕੋਈ ਅੰਦਰੂਨੀ ਲੜਾਈ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪਾਰਟੀ ਹਾਈਕਮਾਂਡ ਚੰਨੀ ਦਾ ਪੂਰਾ ਸਤਿਕਾਰ ਕਰਦੇ ਹਨ। ਚੰਨੀ ਦੀ ਪਾਰਟੀ ਲੀਡਰਸ਼ਿਪ ਨਾਲ ਮੁਲਾਕਾਤ ਵੀ ਇਕ ਆਮ ਪ੍ਰਕਿਰਿਆ ਹੈ ਅਤੇ ਇਸ ਨੂੰ ਕਿਸੇ ਵਿਵਾਦ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ।
ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਪਾਰਟੀ 'ਚ ਅਨੁਸ਼ਾਸਨ ਸਭ ਤੋਂ ਉਪਰ ਹੈ ਅਤੇ ਕੋਈ ਵੀ ਆਗੂ ਭਾਵੇਂ ਉਹ ਸੂਬਾ ਪ੍ਰਧਾਨ ਹੀ ਕਿਉਂ ਨਾ ਹੋਵੇ, ਜਥੇਬੰਦੀ ਤੋਂ ਉਪਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਆਪਣੀ ਹੱਦ ਵਿਚ ਰਹਿਣਾ ਚਾਹੀਦਾ ਹੈ। ਭਾਵੇਂ ਉਨ੍ਹਾਂ ਸਪੱਸ਼ਟ ਕੀਤਾ ਕਿ ਚੰਨੀ ਜਾਂ ਕਿਸੇ ਹੋਰ ਸੀਨੀਅਰ ਆਗੂ ਨੇ ਪਾਰਟੀ ਵਿਰੋਧੀ ਕੋਈ ਕੰਮ ਨਹੀਂ ਕੀਤਾ ਹੈ ਪਰ ਜੇਕਰ ਕੋਈ ਸਾਬਕਾ ਵਿਧਾਇਕ ਜਾਂ ਆਗੂ ਜਨਤਕ ਤੌਰ ’ਤੇ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕਰਦਾ ਹੈ ਜਾਂ ਅਨੁਸ਼ਾਸਨਹੀਣਤਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਰਕਰਾਂ ਨੂੰ ਜਨਤਕ ਬਿਆਨਬਾਜ਼ੀ ਤੋਂ ਬਚਣ ਅਤੇ ਸੰਜਮ ਵਰਤਣ ਦੀ ਅਪੀਲ ਵੀ ਕੀਤੀ।
2027 ਦੀਆਂ ਵਿਧਾਨ ਸਭਾ ਚੋਣਾਂ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਮੰਗ 'ਤੇ ਵੜਿੰਗ ਨੇ ਕਿਹਾ ਕਿ ਇਹ ਫੈਸਲਾ ਕਾਂਗਰਸ ਹਾਈਕਮਾਂਡ ਹੀ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ 'ਤੇ ਸਿਰਫ਼ ਰਾਹੁਲ ਗਾਂਧੀ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਹੀ ਅੰਤਿਮ ਫੈਸਲਾ ਲੈਣਗੇ। ਆਪਣੇ-ਆਪ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਤੋਂ ਬਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਟੀਚਾ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਉਣਾ ਹੈ ਤੇ ਹਾਈਕਮਾਂਡ ਉਨ੍ਹਾਂ ਨੂੰ ਜਿਸ ਵੀ ਆਗੂ ਦੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣਗੇ।
ਵੜਿੰਗ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਵੀ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਰੰਧਾਵਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਹ ਮੀਟਿੰਗ ਪੰਜਾਬ 'ਚ ਅਮਨ-ਕਾਨੂੰਨ, ਗੈਂਗਸਟਰਾਂ ਦੀਆਂ ਗਤੀਵਿਧੀਆਂ ਤੇ ਸਰਹੱਦੀ ਖੇਤਰਾਂ ਨਾਲ ਸਬੰਧਤ ਮੁੱਦਿਆਂ ਬਾਰੇ ਸੀ। ਉਨ੍ਹਾਂ ਕਿਹਾ ਕਿ ਰੰਧਾਵਾ ਕਾਂਗਰਸ ਦੇ ਸਮਰਪਿਤ ਆਗੂ ਹਨ। ਨਾਲ ਹੀ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਕਾਂਗਰਸ ਦੇ ਨਾਲ ਖੜ੍ਹੇ ਹਨ ਤੇ ਭਾਜਪਾ ਨੂੰ ਸੂਬੇ 'ਚ ਸਿਆਸੀ ਜ਼ਮੀਨ ਨਹੀਂ ਮਿਲੇਗੀ।