- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਨਾਗਰਿਕ ਕਿਵੇਂ ਸੁਰੱਖਿਅਤ ਰਹਿ ਸਕਦਾ ਹੈ। ਉਨ੍ਹਾਂ ਇੱਕ ਅਮਰੀਕੀ ਜਾਂਚ ਏਜੰਸੀ (FBI) ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਡੂੰਘੀ ਮਿਲੀਭੁਗਤ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੋਗਾ ਪੁਲਿਸ ਥਾਣੇ ਵਿੱਚ ਹੋਏ ਤਾਜ਼ਾ ਧਮਾਕੇ ਅਤੇ ਗੈਂਗਸਟਰਾਂ ਨਾਲ ਪੁਲਿਸ ਦੀ ਕਥਿਤ ਮਿਲੀਭੁਗਤ ਦੇ ਮੁੱਦੇ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਸਰਕਾਰ ਖਿਲਾਫ਼ ਵੱਡਾ ਮੋਰਚਾ ਖੋਲ੍ਹ ਦਿੱਤਾ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ।
ਪੁਲਿਸ ਅਤੇ ਗੈਂਗਸਟਰਾਂ ਦੀ ਮਿਲੀਭੁਗਤ ਦੇ ਆਰੋਪ
ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਨਾਗਰਿਕ ਕਿਵੇਂ ਸੁਰੱਖਿਅਤ ਰਹਿ ਸਕਦਾ ਹੈ। ਉਨ੍ਹਾਂ ਇੱਕ ਅਮਰੀਕੀ ਜਾਂਚ ਏਜੰਸੀ (FBI) ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਡੂੰਘੀ ਮਿਲੀਭੁਗਤ ਹੈ। ਵੜਿੰਗ ਨੇ ਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਸੂਬੇ ਦੇ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਅਜਿਹੇ ਅਨਸਰਾਂ ਨੂੰ ਪਨਾਹ ਦੇ ਰਹੇ ਹਨ।
'ਮਹਿਜ਼ ਬਦਲੀਆਂ ਕਰਨਾ ਅੱਖਾਂ ਵਿੱਚ ਘੱਟਾ ਪਾਉਣ ਬਰਾਬਰ'
ਮੋਗਾ ਧਮਾਕੇ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਲਾਈਨ ਭੇਜਣ ਦੀ ਕਾਰਵਾਈ 'ਤੇ ਟਿੱਪਣੀ ਕਰਦਿਆਂ ਵੜਿੰਗ ਨੇ ਕਿਹਾ ਕਿ ਇਹ ਮਹਿਜ਼ ਅਸਲ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਅਜਿਹੇ ਗੰਭੀਰ ਮਾਮਲਿਆਂ ਵਿੱਚ ਛੋਟੇ ਮੁਲਾਜ਼ਮਾਂ 'ਤੇ ਗਾਜ਼ ਡੇਗ ਕੇ ਉੱਚ ਅਧਿਕਾਰੀ ਅਤੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ।
ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਸ਼ਹਿਰੀ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਦੇ ਖ਼ੌਫ਼ ਹੇਠ ਜੀ ਰਿਹਾ ਹੈ। ਵਪਾਰੀ ਅਤੇ ਆਮ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੀ ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਉਨ੍ਹਾਂ ਨੇ ਅੱਜ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਪੰਜਾਬ ਦੇ ਹਾਲਾਤ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।