ਰਾਜਾ ਵੜਿੰਗ ਨੇ 26ਵੇਂ ਖਰੜ ਦੁਸਹਿਰਾ ਮੇਲੇ ’ਚ ਕੀਤੀ ਸ਼ਿਰਕਤ ਰਾਜਾ ਵੜਿੰਗ ਨੇ 26ਵੇਂ ਖਰੜ ਦੁਸਹਿਰਾ ਮੇਲੇ ’ਚ ਕੀਤੀ ਸ਼ਿਰਕਤ,, 7 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ
Publish Date: Tue, 20 Oct 2026 09:51 PM (IST)
Updated Date: Tue, 20 Oct 2026 09:54 PM (IST)
ਮਹਿਰਾ, ਪੰਜਾਬੀ ਜਾਗਰਣ ਖਰੜ : ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 26ਵੇਂ ਖਰੜ ਦੁਸਹਿਰਾ ਮੇਲੇ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਜੈਦਸ਼ਮੀ ਦੇ ਪਵਿੱਤਰ ਤਿਉਹਾਰ ਦੀਆਂ ਇਲਾਕਾ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਖਰੜ ਦੁਸਹਿਰਾ ਕਮੇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਮੇਟੀ ਨੂੰ 7 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਵਿਜੈਦਸ਼ਮੀ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਸੰਦੇਸ਼ ਦਿੰਦਾ ਹੈ ਕਿ ਹਾਲਾਤ ਭਾਵੇਂ ਕਿੰਨੇ ਵੀ ਚੁਣੌਤੀਪੂਰਨ ਕਿਉਂ ਨਾ ਹੋਣ, ਅੰਤ ਵਿਚ ਸੱਚਾਈ ਅਤੇ ਨੇਕੀ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੁਸਹਿਰਾ ਸਿਰਫ਼ ਇਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਇਹ ਸਾਨੂੰ ਆਪਣੇ ਜੀਵਨ ਵਿਚ ਸੱਚਾਈ, ਨਿਆਂ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਪ੍ਰੇਰਨਾ ਵੀ ਦਿੰਦਾ ਹੈ। ਰਾਜਾ ਵੜਿੰਗ ਨੇ ਖਰੜ ਦੁਸਹਿਰਾ ਕਮੇਟੀ ਵੱਲੋਂ ਕੀਤੇ ਜਾ ਰਹੇ ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਮੇਟੀ ਦੁਸਹਿਰਾ ਮੇਲੇ ਦੇ ਆਯੋਜਨ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿਚ ਵੀ ਸ਼ਲਾਘਾਯੋਗ ਯੋਗਦਾਨ ਪਾ ਰਹੀ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਅਜਿਹੇ ਉਪਰਾਲਿਆਂ ਨਾਲ ਸਮਾਜ ਵਿਚ ਆਪਸੀ ਭਾਈਚਾਰਾ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਡੱਬੇ : ਭਲਾਈ ਕਾਰਜਾਂ ਲਈ 7 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ : ਰਾਜਾ ਵੜਿੰਗ ਨੇ ਖਰੜ ਦੁਸਹਿਰਾ ਕਮੇਟੀ ਦੇ ਯਤਨਾਂ ਨੂੰ ਉਤਸ਼ਾਹਤ ਕਰਦਿਆਂ 7 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਮਦਦ ਲਈ ਕੀਤੇ ਜਾਣ ਵਾਲੇ ਕਾਰਜਾਂ ਨੂੰ ਉਤਸ਼ਾਹਤ ਕਰਨਾ ਬੇਹੱਦ ਜ਼ਰੂਰੀ ਹੈ। ਅਜਿਹੀਆਂ ਪਹਿਲਕਦਮੀਆਂ ਨਾਲ ਲੋੜਵੰਦ ਪਰਿਵਾਰਾਂ ਨੂੰ ਸਹਾਰਾ ਮਿਲਦਾ ਹੈ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋਕ ਭਲਾਈ ਦੇ ਕੰਮ ਹੋਰ ਅੱਗੇ ਵਧਾਉਣ ਲਈ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਵਿਚ ਸੱਚਾਈ, ਨਿਆਂ, ਪਿਆਰ ਅਤੇ ਆਪਸੀ ਸਦਭਾਵਨਾ ਵਰਗੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਸਮਾਜ ਵਿਚ ਏਕਤਾ, ਭਾਈਚਾਰੇ ਅਤੇ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਨਾ ਹੈ।