
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

27 ਅਗਸਤ ਨੂੰ ਹੜਤਾਲ 'ਤੇ ਗਏ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਤੋਂ ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਮੰਗੀ ਗਈ ਸੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਵੀ ਲਿਖਿਆ ਗਿਆ ਸੀ। ਜਾਣਕਾਰੀ ਅਨੁਸਾਰ, ਕਰੀਬ 2,500 ਮੁਲਾਜ਼ਮਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜੋ ਬਿਨਾਂ ਛੁੱਟੀ ਦੇ ਹੜਤਾਲ 'ਤੇ ਗਏ ਸਨ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 27 ਅਗਸਤ ਨੂੰ ਹੜਤਾਲ 'ਤੇ ਰਹੇ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਹੈ। ਸ਼ਨੀਵਾਰ ਨੂੰ ਵੜਿੰਗ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਦੇ ਹਨ ਤਾਂ ਇਹ ਉਨ੍ਹਾਂ ਦਾ ਮੁੱਖ ਮੰਤਰੀ ਵਜੋਂ ਆਖਰੀ ਦਿਨ ਸਾਬਤ ਹੋ ਸਕਦਾ ਹੈ। ਸਰਕਾਰ ਨੂੰ ਬਹੁਤ ਸੋਚ-ਸਮਝ ਕੇ ਫੈਸਲਾ ਲੈਣਾ ਹੋਵੇਗਾ।
ਵੜਿੰਗ ਨੇ ਕਿਹਾ ਕਿ ਕਾਨੂੰਨ ਦੇ ਦਾਇਰੇ 'ਚ ਰਹਿੰਦਿਆਂ ਵਿਰੋਧ-ਪ੍ਰਦਰਸ਼ਨ ਕਰਨਾ ਮੁਲਾਜ਼ਮਾਂ ਦਾ ਜਮਹੂਰੀ ਹੱਕ ਹੈ। ਉਨ੍ਹਾਂ ਮੁੱਖ ਮੰਤਰੀ 'ਤੇ ਮੁਲਾਜ਼ਮਾਂ ਨੂੰ ਕਾਰਵਾਈ ਦੀ ਧਮਕੀ ਦੇ ਕੇ ਡਰਾਉਣ ਅਤੇ ਦਬਾਅ ਬਣਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਅਜ਼ਮਾ ਲੈਣਾ ਚਾਹੀਦਾ ਹੈ, ਪਰ ਇਸ ਦੇ ਨਤੀਜੇ ਉਨ੍ਹਾਂ ਦੀ ਕਲਪਨਾ ਤੋਂ ਕਿਤੇ ਜ਼ਿਆਦਾ ਗੰਭੀਰ ਹੋ ਸਕਦੇ ਹਨ।
27 ਅਗਸਤ ਨੂੰ ਹੜਤਾਲ 'ਤੇ ਗਏ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਤੋਂ ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਮੰਗੀ ਗਈ ਸੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਵੀ ਲਿਖਿਆ ਗਿਆ ਸੀ। ਜਾਣਕਾਰੀ ਅਨੁਸਾਰ, ਕਰੀਬ 2,500 ਮੁਲਾਜ਼ਮਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜੋ ਬਿਨਾਂ ਛੁੱਟੀ ਦੇ ਹੜਤਾਲ 'ਤੇ ਗਏ ਸਨ।
ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ 'ਚ ਕਾਂਗਰਸ ਦੇ ਪ੍ਰੋਗਰਾਮ 'ਚ ਸ਼ਾਮਲ ਨਾ ਹੋਣ ਦੇ ਸਵਾਲ 'ਤੇ ਵੜਿੰਗ ਨੇ ਕਿਹਾ ਕਿ ਇਹ ਜ਼ਰੂਰੀ ਨਹੀਂ ਕਿ ਪਾਰਟੀ ਦੇ ਸਾਰੇ ਸੀਨੀਅਰ ਆਗੂ ਹਰ ਪ੍ਰੋਗਰਾਮ 'ਚ ਮੌਜੂਦ ਰਹਿਣ। ਉਨ੍ਹਾਂ ਕਿਹਾ ਕਿ ਕਈ ਹੋਰ ਸੀਨੀਅਰ ਆਗੂ ਵੀ ਇਸ ਪ੍ਰੋਗਰਾਮ ਵਿਚ ਨਹੀਂ ਪਹੁੰਚੇ ਸਨ।
ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਾਰਟੀ 'ਚ 'ਸਲੀਪਰ ਸੈੱਲ' ਅਤੇ 'ਸਮਝੌਤਾ ਕਰਨ ਵਾਲੇ ਆਗੂਆਂ' ਸਬੰਧੀ ਦਿੱਤੇ ਬਿਆਨ 'ਤੇ ਵੜਿੰਗ ਨੇ ਕਿਹਾ ਕਿ ਉਹ ਰੰਧਾਵਾ ਨਾਲ ਮੁਲਾਕਾਤ ਕਰ ਕੇ ਪੁੱਛਣਗੇ ਕਿ ਉਨ੍ਹਾਂ ਦਾ ਇਸ਼ਾਰਾ ਕਿਸ ਵੱਲ ਹੈ।
ਉਨ੍ਹਾਂ ਕਿਹਾ ਕਿ ਹਰ ਪਾਰਟੀ ਵਿੱਚ ਅਜਿਹੇ ਲੋਕ ਹੋ ਸਕਦੇ ਹਨ ਅਤੇ ਉਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਾਹਮਣੇ ਲਿਆਉਣਾ ਜ਼ਰੂਰੀ ਹੈ, ਕਿਉਂਕਿ ਇਹ ਲੋਕ ਵਿਰੋਧੀਆਂ ਨਾਲੋਂ ਜ਼ਿਆਦਾ ਪਾਰਟੀ ਨੂੰ ਨੁਕਸਾਨ ਪਹੁੰਚਾਉਂਦੇ ਹਨ।