ਰਾਜਾ ਵੜਿੰਗ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ: ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ, ਪੰਜਾਬ ਸਰਕਾਰ ਬਕਾਇਆ DA ਕਰੇ ਜਾਰੀ
ਕਾਂਗਰਸ ਦੇ ‘ਯੋਧਿਆਂ ਦੇ ਨਾਲ ਸੈਸ਼ਨ-2’ ਦੌਰਾਨ ਵੜਿੰਗ ਨੇ ਕਰਮਚਾਰੀਆਂ ਨੂੰ ਡੀ.ਏ. ਅਤੇ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ.) ਨਾ ਮਿਲਣ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕਾਂਗਰਸ ਉਨ੍ਹਾਂ ਦੇ ਹੱਕਾਂ ਦੀ ਲੜਾਈ ਵਿੱਚ ਮਜ਼ਬੂਤੀ ਨਾਲ ਨਾਲ ਖੜ੍ਹੀ ਹੈ।
Publish Date: Mon, 17 Aug 2026 12:32 PM (IST)
Updated Date: Mon, 17 Aug 2026 12:37 PM (IST)
ਰਾਜ ਬਿਊਰੋ ਜਾਗਰਣ, ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਸ਼ਕਤੀ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।
ਕਾਂਗਰਸ ਦੇ ‘ਯੋਧਿਆਂ ਦੇ ਨਾਲ ਸੈਸ਼ਨ-2’ ਦੌਰਾਨ ਵੜਿੰਗ ਨੇ ਕਰਮਚਾਰੀਆਂ ਨੂੰ ਡੀ.ਏ. ਅਤੇ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ.) ਨਾ ਮਿਲਣ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕਾਂਗਰਸ ਉਨ੍ਹਾਂ ਦੇ ਹੱਕਾਂ ਦੀ ਲੜਾਈ ਵਿੱਚ ਮਜ਼ਬੂਤੀ ਨਾਲ ਨਾਲ ਖੜ੍ਹੀ ਹੈ।
ਵੜਿੰਗ ਨੇ ਕਿਹਾ ਕਿ ਮਾਨ ਸਰਕਾਰ ਇੱਕ ਪਾਸੇ ਰਾਜ ਕੋਲ ਲੋੜੀਂਦਾ ਪੈਸਾ ਹੋਣ ਦਾ ਦਾਅਵਾ ਕਰਦੀ ਹੈ, ਜਦੋਂ ਕਿ ਦੂਜੇ ਪਾਸੇ ਕਰਮਚਾਰੀਆਂ ਨੂੰ ਡੀ.ਏ. ਦੇਣ ਲਈ ਪੈਸੇ ਦੀ ਕਮੀ ਦੱਸਦੀ ਹੈ।
ਉਨ੍ਹਾਂ ਨੇ ਹਾਈ ਕੋਰਟ ਦੇ ਡੀ.ਏ. ਸੰਬੰਧੀ ਹੁਕਮਾਂ ਦੇ ਖ਼ਿਲਾਫ਼ ਸੁਪਰੀਮ ਕੋਰਟ ’ਚ ਅਪੀਲ ਕਰਨ ਦੇ ਸਰਕਾਰ ਦੇ ਫ਼ੈਸਲੇ ’ਤੇ ਵੀ ਸਵਾਲ ਚੁੱਕੇ। ਵੜਿੰਗ ਨੇ ਦੋਸ਼ ਲਾਇਆ ਕਿ ਸਰਕਾਰ ਇਸ਼ਤਿਹਾਰਾਂ ’ਤੇ ਕਰੀਬ ਇੱਕ ਹਜ਼ਾਰ ਕਰੋੜ ਰੁਪਏ ਖਰਚ ਕਰ ਸਕਦੀ ਹੈ ਪਰ ਕਰਮਚਾਰੀਆਂ ਦੇ ਡੀ.ਏ. ਲਈ ਪੈਸਾ ਨਹੀਂ ਹੈ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਲਿਆਉਣ ’ਚ ਅਹਿਮ ਭੂਮਿਕਾ ਨਿਭਾਈ ਸੀ। ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਕਈ ਵਾਅਦੇ ਕੀਤੇ ਪਰ ਬਾਅਦ ’ਚ ਉਨ੍ਹਾਂ ਨੂੰ ਭੁਲਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਸਫ਼ਾਈ ਕਰਮਚਾਰੀ, ਅਧਿਆਪਕ ਅਤੇ ਪੀ.ਐੱਸ.ਪੀ.ਸੀ.ਐੱਲ. ਕਰਮਚਾਰੀ ਸਮੇਤ ਵੱਖ-ਵੱਖ ਵਰਗ ਸਰਕਾਰ ਦੇ ਰਵੱਈਏ ਤੋਂ ਪਰੇਸ਼ਾਨ ਹਨ।
ਵੜਿੰਗ ਨੇ ਪੁਰਾਣੀ ਪੈਨਸ਼ਨ ਯੋਜਨਾ ਨੂੰ ਲੈ ਕੇ ਵੀ ਮੁੱਖ ਮੰਤਰੀ ਤੋਂ ਜਵਾਬ ਮੰਗਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਓ.ਪੀ.ਐੱਸ. ਲਾਗੂ ਕਰਨ ਦਾ ਵਾਅਦਾ ਕੀਤਾ ਅਤੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਪਰ ਇਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਓ.ਪੀ.ਐੱਸ. ਲਾਗੂ ਕੀਤੀ ਹੈ। ਵੜਿੰਗ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਵਿਰੋਧ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਪੁਲਿਸ ਬਲ ਦੀ ਵਰਤੋਂ ਕਰ ਰਹੀਆਂ ਹਨ।