ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਰਾਜ ਸਭਾ ਮੈਂਬਰ ਅਤੇ ਦਿੱਲੀ ਕਾਂਗਰਸ ਦੇ ਇੰਚਾਰਜ ਸ਼ਕਤੀ ਸਿੰਘ ਗੋਵਿਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬੀਆਂ ਅਤੇ ਕਿਸਾਨਾਂ ਦਾ ਭਲਾ ਕਰਨ ਦਾ ਢੌਂਗ ਰਚਣ ਵਾਲੀਆਂ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਝੂਠ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਨਰਿੰਦਰ ਮੋਦੀ ਨੇ ਉੱਥੇ ਵੱਸਦੇ ਪੰਜਾਬੀ ਸਿੱਖ ਕਿਸਾਨਾਂ ਨੂੰ ਉਜਾੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਸੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨਾਲ ਸਿਰਫ਼ ਝੂਠ ਬੋਲ ਰਹੇ ਹਨ।

ਇੱਥੇ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੋਵਿਲ ਨੇ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਨਰਿੰਦਰ ਮੋਦੀ ਨੇ 1964 ਤੋਂ ਕੱਛ ਵਿੱਚ ਵਸੇ ਕਿਸਾਨਾਂ ਨੂੰ ਤਬਾਹ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜੋ ਅੱਜ ਵੀ ਸੁਪਰੀਮ ਕੋਰਟ ਵਿੱਚ ਆਪਣੇ ਹੱਕਾਂ ਲਈ ਲੜ ਰਹੇ ਹਨ। ਕਿਸਾਨਾਂ ਦੀ ਜ਼ਮੀਨ ਆਪਣੇ ਕੁਝ ਉਦਯੋਗਪਤੀ ਦੋਸਤਾਂ ਨੂੰ ਦੇਣ ਲਈ ਮੋਦੀ ਨੇ ਉਨ੍ਹਾਂ ਨੂੰ ਉਥੋਂ ਉਜਾੜਨ ਦੀ ਕੋਸ਼ਿਸ਼ ਕੀਤੀ ਅਤੇ ਗੁਜਰਾਤ ਹਾਈ ਕੋਰਟ ਦੇ ਕਿਸਾਨਾਂ ਦੇ ਹੱਕ 'ਚ ਦਿੱਤੇ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਚਲੇ ਗਏ।

ਉਨ੍ਹਾਂ ਯਾਦ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਨੇ ਦੇਸ਼ ਦੇ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਅਪਮਾਨਜਨਕ ਅਤੇ ਦੁਖਦਾਈ ਟਿੱਪਣੀ ਕੀਤੀ ਸੀ, ਜਿਨ੍ਹਾਂ ਦੇ ਅਰਥ ਸ਼ਾਸਤਰ ਦਾ ਗਿਆਨ ਵੀ ਕਈ ਦੇਸ਼ ਮੰਨਦੇ ਹਨ, ਮੋਦੀ ਨੇ ਕਿਹਾ ਸੀ ਕਿ ਡਾ: ਮਨਮੋਹਨ ਸਿੰਘ ਦੇ ਸਿਰ 'ਤੇ ਪੱਗ ਹੈ, ਪਰ ਪੱਗ ਥੱਲੇ ਦਿਮਾਗ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇੱਕ ਸਿੱਖ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ, ਜਦਕਿ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਗਿਆਨ ਅਤੇ ਅਹਿਮ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀਆਂ ਬਾਰੇ ਕੀ ਸੋਚਦੇ ਹਨ?

ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਝੂਠ ਦਾ ਵੀ ਪਰਦਾਫਾਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਕੇਜਰੀਵਾਲ ਹੀ ਸੀ ਜਿਸ ਨੇ ਕਿਸਾਨ ਅੰਦੋਲਨ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜੇਲ੍ਹ ਭੇਜਣ ਲਈ ਦਿੱਲੀ ਪੁਲਿਸ ਨੂੰ ਸੂਬਾ ਸਰਕਾਰ ਦੀਆਂ ਬੱਸਾਂ ਮੁਹੱਈਆ ਕਰਵਾਈਆਂ ਸਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਦਿੱਲੀ ਦੇ ਕਿਸਾਨਾਂ ਨੂੰ ਘੋਲ ਮੁਹੱਈਆ ਕਰਾਉਣ ਦਾ ਦਾਅਵਾ ਕਰਨ ਵਾਲੇ ਕੇਜਰੀਵਾਲ ਨੇ ਸਿਰਫ਼ 700 ਕਿਸਾਨਾਂ ਨੂੰ ਘੋਲ ਦੇਣ ਬਾਅਦ ਇਸ਼ਤਿਹਾਰਾਂ 'ਤੇ 16 ਕਰੋੜ ਰੁਪਏ ਖ਼ਰਚ ਕੀਤੇ ਹਨ ਅਤੇ ਇਹ ਗੱਲ ਆਰਟੀਆਈ ਰਾਹੀਂ ਸਾਹਮਣੇ ਆਈ ਹੈ।

ਗੋਵਿਲ ਨੇ ਕਿਹਾ ਕਿ ਉਹ ਇਲਜ਼ਾਮ ਅਤੇ ਜਵਾਬੀ ਇਲਜ਼ਾਮ ਦੀ ਰਾਜਨੀਤੀ ਨਹੀਂ ਕਰ ਰਹੇ, ਸਗੋਂ ਪੰਜਾਬ ਦੇ ਲੋਕਾਂ ਦੇ ਸਾਹਮਣੇ ਉਨ੍ਹਾਂ ਦੀ ਸੱਚਾਈ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਹੈ ਅਤੇ ਪੰਜਾਬ ਦਾ ਭਵਿੱਖ ਕਾਂਗਰਸ ਦੇ ਹੱਥਾਂ ਵਿੱਚ ਸੁਰੱਖਿਅਤ ਹੈ।

Posted By: Jagjit Singh