ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ 'ਚ ਸ਼ਾਮਲ ਹੋਣ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਇਹ ਐਲਾਨ ਨਵੇਂ ਬਣੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਨਵੇਂ ਵਿਭਾਗ ਦਾ ਅਹੁਦਾ ਸੰਭਾਲਣ ਮੌਕੇ ਕਹੀ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੇਂ ਮਿਲੇ ਵਿਭਾਗ ਪਰਵਾਸੀ ਭਾਰਤੀ ਮਾਮਲਿਆਂ ਦਾ ਅਹੁਦਾ ਸੰਭਾਲਦਿਆਂ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਨਵੇਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਵੀ ਕੀਤੀ।

ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਹੀ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ ਉਲੀਕੇ ਗਏ ਹਨ ਜਿਹੜੇ ਸਾਲ-ਸਾਲ ਚੱਲਣ ਉਪਰੰਤ ਨਵੰਬਰ ਮਹੀਨੇ ਸਮਾਮਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਲਾਂ ਦਾ ਗਵਾਹ ਬਣਾਉਣ ਲਈ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਨੂੰ ਜੋੜਨ ਲਈ ਫੈਸਲਾ ਕੀਤਾ ਗਿਆ ਹੈ ਕਿ 550 ਐੱਨਆਰਆਈਜ਼ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ 550 ਪਰਵਾਸੀ ਪੰਜਾਬੀਆਂ ਦੇ ਪੰਜਾਬ ਪੁੱਜਣ ਉਪਰੰਤ ਉਨ੍ਹਾਂ ਦਾ ਇੱਥੇ ਰਹਿਣ-ਸਹਿਣ ਅਤੇ ਆਵਾਜਾਈ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਵਾਸੀ ਪੰਜਾਬੀਆਂ ਨੂੰ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਦਰਸ਼ਨ ਕਰਵਾਏ ਜਾਣਗੇ।

ਰਾਣਾ ਸੋਢੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਰਵਾਸੀ ਭਾਰਤੀਆਂ ਨਾਲ ਸਬੰਧਤ ਜਾਇਦਾਦ ਅਤੇ ਵਿਆਹਾਂ ਦੇ ਝਗੜੇ ਦੇ ਕੇਸਾਂ ਨੂੰ ਤਰਜੀਹੀ ਆਧਾਰ 'ਤੇ ਹੱਲ ਕਰਨ ਲਈ ਇਕ ਢੁੱਕਵੀਂ ਕਾਰਜਸ਼ੈਲੀ ਬਣਾਈ ਜਾਵੇ ਜਿਸ ਵਿਚ ਤੁਰੰਤ ਨਿਪਟਾਰੇ ਹੋਣ। ਉਨ੍ਹਾਂ ਕਿਹਾ ਕਿ ਕਿਸੇ ਵੀ ਐੱਨਆਰਆਈ ਨੂੰ ਨਿਆਂ ਮਿਲਣ ਵਿਚ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜਾਇਦਾਦ ਨਾਲ ਸਬੰਧਤ ਮਾਮਲੇ ਮਾਲ ਵਿਭਾਗ ਨਾਲ ਜੁੜੇ ਹੁੰਦੇ ਹਨ ਜਿਸ ਲਈ ਉਹ ਮਾਲ ਵਿਭਾਗ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਦੇ ਅਧਿਕਾਰੀ ਹੇਠਲੇ ਪੱਧਰ 'ਤੇ ਨੋਡਲ ਅਫਸਰ ਵਜੋਂ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਪੱਧਰ ਦੇ ਇਹ ਅਧਿਕਾਰੀ ਸਿਰਫ ਐੱਨਆਰਆਈਜ਼ ਨਾਲ ਸਬੰਧਤ ਜਾਇਦਾਦ ਦੇ ਮਾਮਲਿਆਂ ਦਾ ਨਿਪਟਾਰਾ ਕਰਨਗੇ, ਇਸ ਸਬੰਧੀ ਉਹ ਜਲਦ ਹੀ ਮਾਲ ਵਿਭਾਗ ਨਾਲ ਮਿਲ ਕੇ ਖਾਕਾ ਉਲੀਕਣਗੇ।

ਇਸ ਮੀਟਿੰਗ ਵਿਚ ਵਿਭਾਗ ਦੇ ਵਿਸ਼ੇਸ਼ ਸਕੱਤਰ ਐੱਮਪੀ ਅਰੋੜਾ, ਪੰਜਾਬ ਪੁਲਿਸ ਦੇ ਐੱਨਆਰਆਈ ਵਿੰਗ ਦੇ ਏਡੀਜੀਪੀ ਈਸ਼ਵਰ ਸਿੰਘ, ਪੰਜਾਬ ਸਟੇਟ ਕਮਿਸ਼ਨ ਫਾਰ ਐੱਨਆਰਆਈਜ਼ ਦੇ ਸਕੱਤਰ ਅਮਨਿੰਦਰ ਕੌਰ ਬਰਾੜ ਤੇ ਵਿਭਾਗ ਦੀ ਡਿਪਟੀ ਸਕੱਤਰ ਰੰਜੂ ਬਾਲਾ ਵੀ ਹਾਜ਼ਰ ਸਨ।

Posted By: Seema Anand