ਦਸਮੇਸ਼ ਨਗਰ ਦੇ ਵਸਨੀਕਾਂ ਦੀਆਂ ਰਣਜੀਤ ਗਿੱਲ ਨੇ ਸੁਣੀਆਂ ਸਮੱਸਿਆਵਾਂ ਦਸਮੇਸ਼ ਨਗਰ ਦੇ ਵਸਨੀਕਾਂ ਦੀਆਂ ਰਣਜੀਤ ਗਿੱਲ ਨੇ ਸੁਣੀਆਂ ਸਮੱਸਿਆਵਾਂ, ਹੱਲ ਦਾ ਦਿੱਤਾ ਭਰੋਸਾ
Publish Date: Mon, 02 Nov 2026 06:12 PM (IST)
Updated Date: Mon, 02 Nov 2026 06:14 PM (IST)
ਮਹਿਰਾ, ਪੰਜਾਬੀ ਜਾਗਰਣ ਖਰੜ : ਖਰੜ ਦੇ ਵਾਰਡ ਨੰ. 5, ਦਸਮੇਸ਼ ਨਗਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ’ਚ ਪਹੁੰਚੇ ਵਾਰਡ ਵਾਸੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਰਣਜੀਤ ਰਾਣਾ ਗਿੱਲ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਕਾਰਨ ਪੰਜਾਬ ਅੱਜ ਮਾੜੇ ਦੌਰ ’ਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਵੀ ਇਕ ਗੰਭੀਰ ਸਵਾਲ ਬਣੀ ਹੋਈ ਹੈ। ਰਾਣਾ ਗਿੱਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਲਕਾ ਖਰੜ ’ਚ ਕੋਈ ਵਿਕਾਸ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਹਰ ਵਾਰ ਨਵੇਂ ਚਿਹਰੇ ਪੇਸ਼ ਕਰਨ ਦੇ ਪ੍ਰਯੋਗ ਕੀਤੇ ਜਾ ਰਹੇ ਹਨ, ਜਦਕਿ ਲੋਕਾਂ ਨੂੰ ਆਪਣੇ ਇਲਾਕਿਆਂ ’ਚ ਸੜਕਾਂ, ਸੀਵਰੇਜ, ਪਾਣੀ ਦੀ ਨਿਕਾਸੀ ਅਤੇ ਸਫ਼ਾਈ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਲੋੜ ਹੈ। ਇਸ ਮੌਕੇ ਵਾਰਡ ਵਾਸੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਤੋਂ ਰਾਣਾ ਗਿੱਲ ਨੂੰ ਜਾਣੂ ਕਰਵਾਇਆ। ਰਾਣਾ ਗਿੱਲ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ, ਕੋ-ਕੈਸ਼ੀਅਰ ਭਾਜਪਾ ਪੰਜਾਬ, ਰਾਜਿੰਦਰ ਸ਼ਰਮਾ ਮੰਡਲ ਪ੍ਰਧਾਨ, ਨਰਿੰਦਰ ਰਾਣਾ, ਕੁਸ਼ ਰਾਜਪੂਤ ਮੰਡਲ ਪ੍ਰਧਾਨ, ਜੱਗੀ ਔਜਲਾ, ਬਲਵਿੰਦਰ ਸਿੰਘ ਬੌਸ, ਬਲਜੀਤ ਕੌਰ, ਸ਼ਮਸ਼ੇਰ ਸਿੰਘ, ਅਰਜੁਨ ਸਿੰਘ, ਅਵਤਾਰ ਸਿੰਘ, ਗੁਰਸ਼ੇਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਾਰਡ ਵਾਸੀ ਹਾਜ਼ਰ ਸਨ।