- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਵਾਰਸ ਪੰਜਾਬ' ਜਥੇਬੰਦੀ ਦੇ ਪ੍ਰਧਾਨ ਬਾਪੂ ਤਰਸੇਮ ਸਿੰਘ, ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਬਿਆਨਬਾਜ਼ੀ ਭਾਜਪਾ ਦੀ ਦੋਹਰੀ ਨੀਤੀ ਨੂੰ ਬੇਨਕਾਬ ਕਰਦੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਫਿਲਮ 'ਸਤਲੁਜ' ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਨਾ ਹੋਣ ਦੇਣ ਅਤੇ ਡਿਜੀਟਲ ਪਲੇਟਫਾਰਮ ਤੋਂ ਦੋ ਦਿਨਾਂ ਅੰਦਰ ਹਟਾਏ ਜਾਣ ਦੇ ਮਾਮਲੇ ਨੇ ਸਿਆਸੀ ਰੰਗ ਧਾਰ ਲਿਆ ਹੈ। 'ਵਾਰਸ ਪੰਜਾਬ' ਜਥੇਬੰਦੀ ਦੇ ਪ੍ਰਧਾਨ ਬਾਪੂ ਤਰਸੇਮ ਸਿੰਘ, ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਬਿਆਨਬਾਜ਼ੀ ਭਾਜਪਾ ਦੀ ਦੋਹਰੀ ਨੀਤੀ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਫਿਲਮ ਦੀ ਸਮੱਗਰੀ 'ਤੇ ਇਤਰਾਜ਼ ਸਨ ਤਾਂ ਇਹ ਗੱਲ ਸੈਂਸਰ ਪ੍ਰਕਿਰਿਆ ਦੌਰਾਨ ਕਿਉਂ ਨਹੀਂ ਉਠਾਈ ਗਈ।
ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਆਗੂਆਂ ਨੇ ਕਿਹਾ ਕਿ ਪਹਿਲਾਂ ਫਿਲਮ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋਣ ਦਿੱਤਾ ਗਿਆ ਅਤੇ ਬਾਅਦ ਵਿੱਚ ਡਿਜੀਟਲ ਪਲੇਟਫਾਰਮ ਤੋਂ ਵੀ ਹਟਾ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਆਪਣੀ ਭੂਮਿਕਾ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ 'ਦ ਕਸ਼ਮੀਰ ਫਾਈਲਜ਼' ਅਤੇ 'ਦ ਕੇਰਲਾ ਸਟੋਰੀ' ਵਰਗੀਆਂ ਫਿਲਮਾਂ ਪ੍ਰਤੀ ਸਰਕਾਰ ਦਾ ਰਵੱਈਆ ਵੱਖਰਾ ਰਿਹਾ, ਜਦਕਿ ਸਿੱਖ ਇਤਿਹਾਸ ਨਾਲ ਸਬੰਧਤ ਫਿਲਮਾਂ ਲਈ ਵੱਖਰੇ ਮਾਪਦੰਡ ਅਪਣਾਏ ਜਾ ਰਹੇ ਹਨ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਵੀ ਘੇਰਦਿਆਂ ਕਿਹਾ ਕਿ ਜੇ ਇਹ ਮਾਮਲਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜਿਆ ਸੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਕੋਲ ਇਸ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਨਹੀਂ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਦੋਵੇਂ ਸਰਕਾਰਾਂ ਫਿਲਮ ਨੂੰ ਰੋਕਣ ਅਤੇ ਡਿਜੀਟਲ ਪਲੇਟਫਾਰਮ ਤੋਂ ਹਟਾਉਣ ਦੇ ਅਸਲ ਕਾਰਨ ਜਨਤਕ ਕਰਨ।