- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ : ਵਿਧਾਇਕ ਰੰਧਾਵਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 119ਵੀਂ ਜਨਮ ਜਯੰਤੀ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੀ ਟੀਮ ਸਮੇਤ ਮੁਬਾਰਕਪੁਰ ਵਿਖੇ ਡੀਐੱਸਪੀ ਦਫ਼ਤਰ ਨੇੜੇ ਸਥਿਤ ਇਤਿਹਾਸਕ ਕੋਠੜੀ ਵਿਖੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਨਮਨ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ, ਉਨ੍ਹਾਂ ਦੀ ਸੋਚ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਸਦਾ ਹੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਰਹੇਗੀ। ਮਹਿਜ਼ 23 ਸਾਲ ਦੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਉਛਾਵਰ ਕਰਨ ਵਾਲੇ ਇਸ ਮਹਾਨ ਸ਼ਹੀਦ ਨੇ ਆਪਣੇ ਹੌਸਲੇ, ਜਜ਼ਬੇ ਅਤੇ ਵਿਚਾਰਾਂ ਨਾਲ ਇਤਿਹਾਸ ਵਿਚ ਅਮਿੱਟ ਛਾਪ ਛੱਡੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਅਤੇ ਸੁਖ-ਸ਼ਾਂਤੀ ਦਾ ਜੀਵਨ ਬਤੀਤ ਕਰ ਰਹੇ ਹਾਂ, ਉਸ ਪਿੱਛੇ ਸ਼ਹੀਦ ਭਗਤ ਸਿੰਘ ਸਮੇਤ ਅਣਗਿਣਤ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਹਨ। ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਅੱਜ ਵੀ ਦੇਸ਼ ਦੇ ਨੌਜਵਾਨਾਂ ਅੰਦਰ ਜੋਸ਼, ਹਿੰਮਤ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਭਾਵਨਾ ਪੈਦਾ ਕਰਦਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਸਿਰਫ਼ ਉਨ੍ਹਾਂ ਨੂੰ ਯਾਦ ਕਰਨ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਬਲਕਿ ਉਨ੍ਹਾਂ ਦੀ ਸੋਚ ਤੋਂ ਪ੍ਰੇਰਣਾ ਲੈ ਕੇ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਕੰਮ ਕਰਨਾ ਹੀ ਉਨ੍ਹਾਂ ਨੂੰ ਸੱਚਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਸਮਾਜ ਸੇਵਾ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਸ਼ਕਤੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਉਸਾਰੂ ਸੋਚ ਨਾਲ ਅੱਗੇ ਵਧਣਾ ਚਾਹੀਦਾ ਹੈ।