ਆਮ ਆਦਮੀ ਪਾਰਟੀ 'ਚ ਬਗਾਵਤ ਤੇਜ਼ ! ਗੁਰਜੀਤ ਔਜਲਾ ਦਾ ਦਾਅਵਾ- ਅਸੰਤੁਸ਼ਟ ਵਿਧਾਇਕ ਤੇ ਆਗੂ ਕਾਂਗਰਸ ਦੇ ਸੰਪਰਕ 'ਚ
ਮੀਟਿੰਗ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਈ ਅਸੰਤੁਸ਼ਟ ਵਿਧਾਇਕ ਅਤੇ ਆਗੂ ਕਾਂਗਰਸ ਦੇ ਸੰਪਰਕ 'ਚ ਹਨ ਅਤੇ ਆਉਣ ਵਾਲੇ ਦਿਨਾਂ 'ਚ ਪਾਰਟੀ 'ਚ ਨਵੀਆਂ ਜੁਆਇਨਿੰਗ ਹੋ ਸਕਦੀਆਂ ਹਨ।
Publish Date: Mon, 02 Nov 2026 01:57 PM (IST)
Updated Date: Mon, 02 Nov 2026 03:37 PM (IST)
ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ 'ਚ ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਪ੍ਰਧਾਨਗੀ ਹੇਠ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਡਾ. ਰਾਜ ਕੁਮਾਰ ਵੇਰਕਾ ਨਾਲ ਮੀਟਿੰਗ ਹੋਈ। ਇਸ ਦੌਰਾਨ 4 ਨਵੰਬਰ ਨੂੰ ਸੰਗਰੂਰ 'ਚ ਹੋਣ ਵਾਲੀ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਅਤੇ ਚੋਣ ਰਣਨੀਤੀ ਬਾਰੇ ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਈ ਅਸੰਤੁਸ਼ਟ ਵਿਧਾਇਕ ਅਤੇ ਆਗੂ ਕਾਂਗਰਸ ਦੇ ਸੰਪਰਕ 'ਚ ਹਨ ਅਤੇ ਆਉਣ ਵਾਲੇ ਦਿਨਾਂ 'ਚ ਪਾਰਟੀ 'ਚ ਨਵੀਆਂ ਜੁਆਇਨਿੰਗ ਹੋ ਸਕਦੀਆਂ ਹਨ।
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਜੇ ਤਾਂ ਆਮ ਆਦਮੀ ਪਾਰਟੀ 'ਚੋਂ ਆਗੂਆਂ ਦਾ ਟੁੱਟਣਾ ਸ਼ੁਰੂ ਹੋਇਆ ਹੈ। ਆਉਣ ਵਾਲੇ ਦਿਨਾਂ 'ਚ ਕਈ ਹੋਰ ਅਸੰਤੁਸ਼ਟ ਆਗੂ ਪਾਰਟੀ ਛੱਡ ਸਕਦੇ ਹਨ। ਕੁਝ 'ਆਪ' ਆਗੂਆਂ ਨੇ ਕਾਂਗਰਸ ਨਾਲ ਸੰਪਰਕ ਕੀਤਾ ਹੈ ਅਤੇ ਜਲਦ ਹੀ ਉਨ੍ਹਾਂ ਦੀ ਜੁਆਇਨਿੰਗ ਵੀ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ 'ਆਪ' ਨੇ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਹਾਸਲ ਕੀਤੀ ਸੀ, ਪਰ ਹੁਣ ਲੋਕ ਸਰਕਾਰ ਦੀ ਅਸਲੀਅਤ ਸਮਝ ਚੁੱਕੇ ਹਨ।
ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ 'ਚ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ 'ਤੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ 'ਚ 20 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਕੋਈ ਠੋਸ ਕਾਰਵਾਈ ਨਹੀਂ ਕਰ ਸਕੀ। ਇਸ ਨਾਲ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਹੁੰਦੇ ਹਨ।
ਕਾਂਗਰਸੀ ਆਗੂਆਂ 'ਤੇ ਈਡੀ ਦੀ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਅਜਿਹੀਆਂ ਕਾਰਵਾਈਆਂ ਰਾਹੀਂ ਭਾਜਪਾ ਦਹਿਸ਼ਤ ਦਾ ਮਾਹੌਲ ਬਣਾਉਣਾ ਚਾਹੁੰਦੀ ਹੈ।
ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਵਿਧਾਇਕਾਂ ਵੱਲੋਂ ਪਾਰਟੀ ਛੱਡਣਾ ਉੱਥੋਂ ਦੇ ਅੰਦਰੂਨੀ ਹਾਲਾਤ ਨੂੰ ਦਰਸਾਉਂਦਾ ਹੈ। ਇਸ ਦਾ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਦੇਣਗੇ। ਡਾ. ਰਾਜ ਕੁਮਾਰ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਸਿਰਫ਼ ਅਜਿਹੇ ਆਗੂਆਂ ਨੂੰ ਹੀ ਪਾਰਟੀ 'ਚ ਸਵੀਕਾਰ ਕਰੇਗੀ, ਜੋ ਪਾਰਟੀ ਦੀ ਵਿਚਾਰਧਾਰਾ ਨਾਲ ਮੇਲ ਖਾਂਦੇ ਹੋਣ।
ਉੱਧਰ, ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਸੰਗਰੂਰ ਰੈਲੀ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਸਾਰੇ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਰਾਹੁਲ ਗਾਂਧੀ ਇਸ ਰੈਲੀ ਦੌਰਾਨ ਪੰਜਾਬ ਨਾਲ ਜੁੜੇ ਅਹਿਮ ਮੁੱਦੇ ਉਠਾਉਣਗੇ। ਇਹ ਰੈਲੀ ਸੂਬੇ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਕਾਂਗਰਸ ਦੀ ਚੋਣ ਮੁਹਿੰਮ ਦਾ ਅਹਿਮ ਪੜਾਅ ਸਾਬਤ ਹੋਵੇਗੀ।