ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਦੁਬਾਰਾ ਹੋਵੇਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਦੀ ਚੋਣ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਦੁਬਾਰਾ ਹੋਵੇਗੀ ਚੋਣ
Publish Date: Fri, 02 Jan 2026 07:19 PM (IST)
Updated Date: Fri, 02 Jan 2026 07:20 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗੁ: ਸ੍ਰੀ ਗੁਰੂ ਸਿੰਘ ਸਭਾ, ਫੇਜ਼-1 ਐੱਸਏਐੱਸ ਨਗਰ (ਮੁਹਾਲੀ) ਦੀ ਚੋਣ ਨਵੇਂ ਸਿਰੇ ਤੋਂ ਕਰਵਾਈ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁ. ਸ੍ਰੀ ਅੰਬ ਸਾਹਿਬ ਦੇ ਪ੍ਰਚਾਰਕ (ਕਮ-ਨਿਗਰਾਨ) ਭਾਈ ਰਜਿੰਦਰਪਾਲ ਸਿੰਘ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਾਹਿਬ ਦੀ ਚੋਣ ਕਰਵਾਉਣ ਲਈ ਕਿਹਾ ਗਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰੀਤਮ ਸਿੰਘ ਆਦਿ ਵੱਲੋਂ ਗੁ: ਸ੍ਰੀ ਗੁਰੂ ਸਿੰਘ ਸਭਾ, ਫੇਜ਼-1 ਐੱਸਏਐੱਸ ਨਗਰ (ਮੁਹਾਲੀ) ਦੀ ਚੋਣ ਕਰਵਾਉਣ ਵਾਸਤੇ ਬਣੇ ਚੋਣ ਕਮਿਸ਼ਨ ਦੇ ਮੈਂਬਰ ਅੰਮ੍ਰਿਤਧਾਰੀ ਨਾ ਹੋਣ ਅਤੇ ਪ੍ਰਬੰਧਕ ਕਮੇਟੀ ਦੀ ਚੋਣ ਸੰਵਿਧਾਨ ਮੁਤਾਬਕ ਨਾ ਕਰਵਾਉਣ ਸਬੰਧੀ ਮਾਮਲੇ ਆਪ ਵੱਲੋਂ ਪੜਤਾਲੀਆ ਰਿਪੋਰਟ ਪੁੱਜੀ ਹੈ। ਇਸ ਸਬੰਧੀ ਦਫ਼ਤਰ ਸਕੱਤਰੇਤ, ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਦੀ ਪੱਤ੍ਰਿਕਾ ਨੰ: ਅ:ਤ/25/501 ਮਿਤੀ 12 ਦਸੰਬਰ 2025 ਰਾਹੀਂ ਮਾਨਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਲਿਖਿਆ ਜਾਂਦਾ ਹੈ ਕਿ ਦੋਹਾਂ ਧਿਰਾਂ ਦੇ ਅੰਮ੍ਰਿਤਧਾਰੀ ਨੁਮਾਇੰਦਿਆਂ ’ਤੇ ਆਧਾਰਿਤ ਚੋਣ ਅਬਜ਼ਰਵਰ ਨਿਯੁਕਤ ਕਰਕੇ ਸਮੂਹ ਸੰਗਤ ਦੇ ਸਹਿਯੋਗ ਨਾਲ ਉਕਤ ਗੁਰਦੁਆਰਾ ਸਾਹਿਬ ਦੀ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਈ ਜਾਵੇ। ਪੱਤਰ ਵਿਚ ਕਿਹਾ ਗਿਆ ਹੈ ਕਿ ਇਸ ਆਦੇਸ਼ ਦੀ ਇੰਨਬਿਨ ਪਾਲਣਾ ਕਰ/ਕਰਵਾ ਕੇ ਰਿਪੋਰਟ ਦਫ਼ਤਰ ਵਿਖੇ ਭੇਜੀ ਜਾਵੇ। ਇਸ ਸਬੰਧੀ ਸੰਪਰਕ ਕਰਨ ’ਤੇ ਪ੍ਰਚਾਰਕ ਰਜਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਵੱਲੋਂ ਫੇਜ਼ 1 ਦੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਨੂੰ ਉਪਰੋਕਤ ਪੱਤਰ ’ਤੇ ਜਾਣੂ ਕਰਵਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਕਾਰਵਾਈ ਲਈ 3 ਜਨਵਰੀ ਤੱਕ ਦਾ ਸਮਾਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 3 ਜਨਵਰੀ ਨੂੰ ਫੇਜ਼ 1 ਦੇ ਗੁਰਦੁਆਰਾ ਸਾਹਿਬ ਦੇ ਜਵਾਬ ਦੇ ਆਧਾਰ ’ਤੇ ਅਗਲੀ ਚੋਣ ਕਰਵਾਉਣ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।