- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੀਮਾ ਨੇ ਕਿਹਾ ਕਿ ਬਿਹਾਰ ਵਿਧਾਨ ਸਭਾ ਵਿਚ ਪਹਿਲਾਂ ਪੁਲ਼ ਦਾ ਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ’ਤੇ ਰੱਖਣ ਦਾ ਮਤਾ ਪਾਸ ਕੀਤਾ ਗਿਆ ਸੀ। ਉਸ ਮਤੇ ਤੋਂ ਪਿੱਛੇ ਹਟ ਕੇ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਾਂ ’ਤੇ ਪੁਲ਼ ਦਾ ਨਾਂ ਰੱਖਣਾ ਦੁਖਦਾਈ ਹੈ। ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਬਿਹਾਰ ਸਰਕਾਰ ਵੱਲੋਂ ਕੱਚੀ ਦਰਗਾਹ-ਬਿਦੂਪੁਰ ਛੇ ਮਾਰਗੀ ਪੁਲ਼ ਦਾ ਨਾਂ ‘ਨਿਤੀਸ਼ ਸੇਤੂ’ ਰੱਖਣ ਦੇ ਫ਼ੈਸਲੇ ’ਤੇ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੇ ਇਤਰਾਜ਼ ਪ੍ਰਗਟਾਇਆ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਫ਼ੈਸਲੇ ਨੂੰ ਸਿੱਖ ਭਾਵਨਾਵਾਂ ਦਾ ਅਪਮਾਨ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਦਾ ਮੰਦਭਾਗਾ ਸਿਆਸੀਕਰਨ ਕਰਾਰ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੁਲ਼ ਦਾ ਮੌਜੂਦਾ ਨਾਂ ਨਾਲ ਉਦਘਾਟਨ ਨਾ ਕਰਨ ਅਤੇ ਬਿਹਾਰ ਸਰਕਾਰ ਨੂੰ ਨਾਂ ਬਦਲਣ ਦੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਹਿਣ।
ਚੀਮਾ ਨੇ ਕਿਹਾ ਕਿ ਬਿਹਾਰ ਵਿਧਾਨ ਸਭਾ ਵਿਚ ਪਹਿਲਾਂ ਪੁਲ਼ ਦਾ ਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ’ਤੇ ਰੱਖਣ ਦਾ ਮਤਾ ਪਾਸ ਕੀਤਾ ਗਿਆ ਸੀ। ਉਸ ਮਤੇ ਤੋਂ ਪਿੱਛੇ ਹਟ ਕੇ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਾਂ ’ਤੇ ਪੁਲ਼ ਦਾ ਨਾਂ ਰੱਖਣਾ ਦੁਖਦਾਈ ਹੈ। ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੁਲ਼ ਦਾ ਮੌਜੂਦਾ ਰੂਪ ਵਿਚ ਉਦਘਾਟਨ ਨਾ ਕਰਨ। ਨਾਲ ਹੀ ਉਨ੍ਹਾਂ ਬਿਹਾਰ ਸਰਕਾਰ ਅਤੇ ਅਧਿਕਾਰੀਆਂ ਨੂੰ ਫ਼ੈਸਲੇ ’ਤੇ ਮੁੜ ਵਿਚਾਰ ਕਰ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਪ੍ਰਧਾਨ ਮੰਤਰੀ ਨੂੰ ਪੁਲ਼ ਦਾ ਨਾਂ ਬਦਲਣ ਦੇ ਫ਼ੈਸਲੇ ’ਤੇ ਅੱਗੇ ਨਾ ਵਧਣ ਦੀ ਅਪੀਲ ਕੀਤੀ। ਨਿਤੀਸ਼ ਕੁਮਾਰ ਦਾ ਸਨਮਾਨ ਕਰਨ ਦੇ ਹੋਰ ਵੀ ਕਈ ਤਰੀਕੇ ਹੋ ਸਕਦੇ ਹਨ, ਪਰ ਪੁਲ਼ ਦਾ ਨਾਂ ਪਹਿਲਾਂ ਪਾਸ ਕੀਤੇ ਮਤੇ ਮੁਤਾਬਕ ਦਸਮੇਸ਼ ਪਿਤਾ ਦੇ ਨਾਂ ’ਤੇ ਹੀ ਰੱਖਿਆ ਜਾਣਾ ਚਾਹੀਦਾ ਹੈ।
ਗੁਰੂ ਸਾਹਿਬ ਦੀ ਵਿਰਾਸਤ ਤੋਂ ਉੱਪਰ ਕੋਈ ਨਹੀਂ : ਧਾਲੀਵਾਲ
ਆਪ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਬਿਹਾਰ ਸਰਕਾਰ ਦੇ ਫ਼ੈਸਲੇ ਨੂੰ ਸਿੱਖ ਭਾਵਨਾਵਾਂ ਦਾ ਘੋਰ ਅਪਮਾਨ ਦੱਸਿਆ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨੇੜੇ ਲਗਪਗ 4,300 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪੁਲ਼ ਦਾ ਨਾਂ ਸ਼ੁਰੂ ਵਿਚ ਦਸਵੇਂ ਗੁਰੂ ਸਾਹਿਬ ਦੇ ਨਾਂ ’ਤੇ ਰੱਖਣ ਦਾ ਪ੍ਰਸਤਾਵ ਸੀ। ਕਿਸੇ ਵੀ ਸਿਆਸੀ ਆਗੂ ਦਾ ਯੋਗਦਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਤੋਂ ਵੱਡਾ ਨਹੀਂ ਹੋ ਸਕਦਾ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਇਸ ਮਾਮਲੇ ਵਿਚ ਗੰਭੀਰਤਾ ਨਾਲ ਦਖ਼ਲ ਦੇਣ ਦੀ ਮੰਗ ਕੀਤੀ।