ਲੱਖਵਿੰਦਰ ਲੱਖਾ ਵੱਲੋਂ ਨੌਜਵਾਨ ਵੋਟਰਾਂ ਨੂੰ ਵੋਟ ਬਣਾਉਣ ਦੀ ਅਪੀਲ ਪੰਜਾਬੀ ਫਿਲਮਾਂ ਦੇ ਉੱਘੇ ਅਦਾਕਾਰ ਲੱਖਵਿੰਦਰ ਲੱਖਾ ਵੱਲੋਂ ਨੌਜਵਾਨ ਵੋਟਰਾਂ ਨੂੰ ਵੋਟ ਬਣਾਉਣ ਦੀ ਅਪੀਲ
Publish Date: Mon, 21 Sep 2026 09:41 PM (IST)
Updated Date: Tue, 22 Sep 2026 04:09 AM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬੀ ਫਿਲਮਾਂ ਦੇ ਉੱਘੇ ਅਦਾਕਾਰ ਲੱਖਵਿੰਦਰ ਲੱਖਾ ਸੋਮਵਾਰ ਨੂੰ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਅਤੇ ਅਜੇ ਤੱਕ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਇਆ, ਉਹ ਆਪਣੀ ਵੋਟ ਜਲਦ ਤੋਂ ਜਲਦ ਬਣਵਾਉਣ। ਲਖਵਿੰਦਰ ਲੱਖਾ ਪੰਜਾਬੀ ਫਿਲਮਾ ਢੋਲ ਰੱਤੀ, 25 ਕਿੱਲੇ, ਮਿੱਟੀ ਨਾ ਫਰੋਲ ਜੋਗੀਆ, ਜੱਟੀ ਪੰਦਰਾਂ ਮੁਰੱਬਿਆਂ ਵਾਲੀ ਅਤੇ ਖਿਡਾਰੀ ਦੇ ਮੇਨ ਹੀਰੋ ਵੱਜੋਂ ਨਾਮਣਾ ਖੱਟ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਦਾ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੁਦ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਪਣੇ ਸਾਥੀਆਂ ਨੂੰ ਵੀ ਵੋਟ ਬਣਵਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਉੱਘੇ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਵਿੱਚ ਸਥਾਪਿਤ ਇਲੈਕਟੋਰਲ ਲਿਟਰੇਸੀ ਕਲੱਬਜ਼ ਨੂੰ ਸਰਗਰਮ ਕਰਦਿਆਂ ਨੌਜਵਾਨਾਂ ਤੱਕ ਵੋਟਰ ਰਜਿਸਟ੍ਰੇਸ਼ਨ ਅਤੇ ਚੋਣੀ ਭਾਗੀਦਾਰੀ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵੀਪ ਟੀਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨੌਜਵਾਨ ਵੋਟਰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਇਸ ਮੌਕੇ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ, ਇਲੈਕਸ਼ਨ ਕਾਨੂੰਗੋ ਸੁਰਿੰਦਰ ਬੱਤਰਾ ਤੋਂ ਇਲਾਵਾ ਸਵੀਪ ਟੀਮ ਦੇ ਮੈਂਬਰ ਵਰਿੰਦਰ ਕੌਰ ਅਤੇ ਗੁਰਮੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।