- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੋਟਲਾਂ ਦੇ ਬਾਹਰ ਗ਼ੈਰ-ਕਾਨੂੰਨੀ ਗਤੀਵਿਧੀਆਂ ਤੋਂ ਰਿਹਾਇਸ਼ੀ ਪਰੇਸ਼ਾਨ,

ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਜ਼ੀਰਕਪੁਰ : ਜ਼ੀਰਕਪੁਰ-ਚੰਡੀਗੜ੍ਹ ਮੁੱਖ ਸੜਕ ’ਤੇ ਸਥਿਤ ਹੋਟਲਾਂ ਅਤੇ ਢਾਬਿਆਂ ਦੇ ਆਸ-ਪਾਸ ਕਥਿਤ ਤੌਰ ’ਤੇ ਚੱਲ ਰਹੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਕਾਰਨ ਸਥਾਨਕ ਰਿਹਾਇਸ਼ੀ ਸੁਸਾਇਟੀਆਂ ਅਤੇ ਕਾਲੋਨੀਆਂ ਦੇ ਵਸਨੀਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਰਿਹਾਇਸ਼ੀ ਇਲਾਕਿਆਂ ਦੇ ਲੋਕਾਂ ਨੇ ਇਕਜੁੱਟ ਹੋ ਕੇ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ ਹੈ। ਇਸ ਸਬੰਧੀ ਰੀਟਾ ਸਾਗਰ, ਸੋਨੀ ਗੋਸਵਾਮੀ ਅਤੇ ਰੂਹੀ ਸਮੇਤ ‘ਚੰਡੀਗੜ੍ਹ ਹੋਮਜ਼’ ਸੁਸਾਇਟੀ ਅਤੇ ਆਸ-ਪਾਸ ਦੇ ਵਸਨੀਕਾਂ ਨੇ ਦੋਸ਼ ਲਗਾਇਆ ਕਿ ਇੱਥੇ ਚੱਲ ਰਹੇ ਕੁੱਝ ਹੋਟਲ ਪ੍ਰਬੰਧਕਾਂ ਵੱਲੋਂ ਸ਼ਾਮ ਹੁੰਦਿਆਂ ਹੀ ਸੜਕਾਂ ਦੇ ਕਿਨਾਰਿਆਂ ’ਤੇ ਔਰਤਾਂ ਅਤੇ ਲੜਕੀਆਂ ਨੂੰ ਬਿਠਾਇਆ ਜਾਂਦਾ ਹੈ। ਇਹ ਔਰਤਾਂ ਆਉਂਦੇ-ਜਾਂਦੇ ਰਾਹਗੀਰਾਂ ਨੂੰ ਇਸ਼ਾਰੇ ਕਰ ਕੇ ਹੋਟਲਾਂ ਅੰਦਰ ਬੁਲਾਉਂਦੀਆਂ ਹਨ। ਵਸਨੀਕਾਂ ਅਨੁਸਾਰ ਪੁਲਿਸ ਵੱਲੋਂ ਹੋਟਲਾਂ ਵਿਚ ਚੈਕਿੰਗ ਵਧਾਏ ਜਾਣ ਤੋਂ ਬਾਅਦ ਹੁਣ ਹੋਟਲ ਮਾਲਕਾਂ ਨੇ ਗਾਹਕਾਂ ਨੂੰ ਲਿਆਉਣ ਲਈ ਇਹ ਨਵਾਂ ਤਰੀਕਾ ਅਪਣਾ ਲਿਆ ਹੈ।
ਇਸ ਮੌਕੇ ਸੁਸਾਇਟੀ ਵਾਸੀਆਂ ਦਾ ਕਹਿਣਾ ਹੈ ਕਿ ਸ਼ਾਮ ਅਤੇ ਰਾਤ ਦੇ ਸਮੇਂ ਇਨ੍ਹਾਂ ਗ਼ੈਰ-ਕਾਨੂੰਨੀ ਸਰਗਰਮੀਆਂ ਕਾਰਨ ਪੂਰੇ ਰਿਹਾਇਸ਼ੀ ਇਲਾਕੇ ਦਾ ਮਾਹੌਲ ਬੇਹੱਦ ਖ਼ਰਾਬ ਹੋ ਚੁੱਕਾ ਹੈ। ਇਨ੍ਹਾਂ ਹਾਲਾਤਾਂ ਕਾਰਨ ਪਰਿਵਾਰ, ਔਰਤਾਂ ਅਤੇ ਬੱਚਿਆਂ ਨਾਲ ਘਰੋਂ ਬਾਹਰ ਨਿਕਲਣਾ ਅਤੇ ਸੜਕਾਂ ’ਤੇ ਸੈਰ ਕਰਨਾ ਬੇਹੱਦ ਅਸੁਰੱਖਿਅਤ ਹੋ ਗਿਆ ਹੈ। ਸਥਾਨਕ ਲੋਕਾਂ ਨੇ ਪੁਲਿਸ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਜ਼ੀਰਕਪੁਰ-ਚੰਡੀਗੜ੍ਹ ਰੋਡ ’ਤੇ ਚੱਲ ਰਹੇ ਸਮੁੱਚੇ ਹੋਟਲਾਂ ਅਤੇ ਢਾਬਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਇਲਾਕੇ ਵਿਚ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ, ਨਿਯਮਿਤ ਚੈਕਿੰਗ ਕੀਤੀ ਜਾਵੇ ਅਤੇ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰ ਕੇ ਗ਼ੈਰ-ਕਾਨੂੰਨੀ ਕੰਮਾਂ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਜ਼ੀਰਕਪੁਰ ਦੇ ਐੱਸਐੱਚਓ ਇੰਸਪੈਕਟਰ ਜਸਵੀਰ ਸਿੰਘ ਤੂਰ ਨੇ ਦੱਸਿਆ ਕਿ ਸੁਸਾਇਟੀ ਵਾਸੀਆਂ ਵੱਲੋਂ ਦਿੱਤੀ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।