- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੜਕ ਦੀ ਮਾੜੀ ਹਾਲਤ ਤੋਂ ਅੱਕੇ ਪਿੰਡ ਪਰਾਗਪੁਰ ਦੇ ਵਾਸੀ,

-ਪ੍ਰਸ਼ਾਸਨ ’ਤੇ ਲਗਾਏ ਬੇਧਿਆਨੀ ਦੇ ਦੋਸ਼, ਸਰਕਾਰ ਤੋਂ ਮੁਕੰਮਲ ਮੁਰੰਮਤ ਦੀ ਮੰਗ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪਿੰਡ ਦੇ ਬਿਲਕੁਲ ਨੇੜੇ ਸਥਿਤ ਪਿੰਡ ਪਰਾਗਪੁਰ ਦੀ ਮੁੱਖ ਸੜਕ ਦੀ ਹਾਲਤ ਬੇਹੱਦ ਖ਼ਸਤਾ ਹੋ ਚੁੱਕੀ ਹੈ। ਸੜਕ 'ਤੇ ਥਾਂ-ਥਾਂ ਬਣੇ ਡੂੰਘੇ ਖੱਡੇ ਰੋਜ਼ਾਨਾ ਆਵਾਜਾਈ ਵਿਚ ਵੱਡੀ ਰੁਕਾਵਟ ਬਣ ਰਹੇ ਹਨ, ਜਿਸ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਨਿਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਬੰਧਤ ਵਿਭਾਗ ਇਸ ਸਮੱਸਿਆ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ। ਹਰ ਰੋਜ਼ ਇਸ ਰਸਤੇ ਤੋਂ ਸਕੂਲੀ ਬੱਚੇ, ਬਜ਼ੁਰਗ ਅਤੇ ਨੌਕਰੀਪੇਸ਼ਾ ਲੋਕ ਲੰਘਦੇ ਹਨ, ਜਿਨ੍ਹਾਂ ਲਈ ਇਹ ਰਸਤਾ ਕਿਸੇ ਖ਼ਤਰੇ ਤੋਂ ਘੱਟ ਨਹੀਂ ਹੈ। ਪਿੰਡ ਵਾਸੀਆਂ ਨੇ ਰੋਸ ਜਤਾਉਂਦਿਆਂ ਕਿਹਾ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਪਿੰਡ ਨੇੜੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੇ ਪਿੰਡ ਦੀਆਂ ਬੁਨਿਆਦੀ ਸਹੂਲਤਾਂ ਅਤੇ ਖ਼ਾਸ ਕਰਕੇ ਸੜਕੀ ਆਵਾਜਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਗੁਹਾਰ ਲਗਾਉਣ ਦੇ ਬਾਵਜੂਦ ਵੀ ਹੁਣ ਤੱਕ ਸਿਰਫ਼ ਖੋਖਲੇ ਭਰੋਸੇ ਹੀ ਮਿਲੇ ਹਨ, ਜਦਕਿ ਜ਼ਮੀਨੀ ਪੱਧਰ 'ਤੇ ਕੋਈ ਸੁਧਾਰ ਨਹੀਂ ਹੋਇਆ। ਪਿੰਡ ਵਾਸੀਆਂ ਨੇ ਸਮੂਹਿਕ ਤੌਰ 'ਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਤ ਹਲਕਾ ਵਿਧਾਇਕ ਤੋਂ ਮੰਗ ਕੀਤੀ ਹੈ ਕਿ ਇਸ ਖ਼ਸਤਾਹਾਲ ਸੜਕ ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀ ਖੱਜਲ-ਖੁਆਰੀ ਤੋਂ ਰਾਹਤ ਮਿਲ ਸਕੇ।