ਝੋਟਾ ਕਤਲਕਾਂਡ 'ਤੇ ਭੱਖੀ ਸਿਆਸਤ : ਅਕਾਲੀ ਦਲ ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਮੁੱਖ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਜ਼ੋਰਦਾਰ ਮੰਗ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਸ਼ਾ ਤਸਕਰੀ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।
Publish Date: Fri, 23 Oct 2026 12:04 PM (IST)
Updated Date: Fri, 23 Oct 2026 12:06 PM (IST)
ਰੋਹਿਤ ਕੁਮਾਰ, ਚੰਡੀਗੜ੍ਹ - ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਸ਼ਾ ਤਸਕਰੀ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।
ਅਕਾਲੀ ਦਲ ਨੇ ਆਪਣੇ ਮੰਗ ਪੱਤਰ ਵਿੱਚ ਚਾਰ ਪ੍ਰਮੁੱਖ ਮੰਗਾਂ ਰੱਖੀਆਂ। ਪਹਿਲੀ ਮੰਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਹੈ। ਦੂਜੀ ਮੰਗ ਨਸ਼ੇ ਦੇ ਕਾਰੋਬਾਰ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਨੌਕਰਸ਼ਾਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਹੈ। ਪਾਰਟੀ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲਿਆਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਣੀ ਚਾਹੀਦੀ ਹੈ।
ਤੀਜੀ ਮੰਗ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਬੀਬੀ ਮਨਪ੍ਰੀਤ ਕੌਰ ਨੂੰ ਪਹਿਲੀ ਸ਼੍ਰੇਣੀ ਦੀ ਸਰਕਾਰੀ ਨੌਕਰੀ ਅਤੇ ਦੋ ਕਰੋੜ ਰੁਪਏ ਮੁਆਵਜ਼ਾ ਦੇਣ ਦਾ ਪ੍ਰਸਤਾਵ ਰੱਖਿਆ ਗਿਆ। ਹਾਲਾਂਕਿ, ਮੰਗ ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਝੋਟਾ ਦੇ ਪਰਿਵਾਰ ਅਤੇ ਇਸ ਮਾਮਲੇ ਵਿੱਚ ਬਣੀ ਐਕਸ਼ਨ ਕਮੇਟੀ ਨੇ ਅਜਿਹੀ ਕੋਈ ਮੰਗ ਨਹੀਂ ਕੀਤੀ ਹੈ। ਅਕਾਲੀ ਦਲ ਨੇ ਇਸ ਨੂੰ ਮਨੁੱਖੀ ਆਧਾਰ ’ਤੇ ਸਹਾਇਤਾ ਦੇਣ ਦਾ ਪ੍ਰਸਤਾਵ ਦੱਸਿਆ।
CBI ਜਾਂਚ ਦਾ ਘੇਰਾ ਵਧਾਉਣ ਦੀ ਮੰਗ ਅਕਾਲੀ ਦਲ ਨੇ ਝੋਟਾ ਕਤਲਕਾਂਡ ਦੀ CBI ਜਾਂਚ ਦਾ ਘੇਰਾ ਵਧਾ ਕੇ ਦੋ ਹੋਰ ਮਾਮਲਿਆਂ ਨੂੰ ਵੀ ਇਸ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ। ਇਨ੍ਹਾਂ ਵਿੱਚ ਦਿੜ੍ਹਬਾ ਦੇ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਦਾ ਮਾਮਲਾ ਸ਼ਾਮਲ ਹੈ, ਜਿਨ੍ਹਾਂ ਨੇ ਆਪਣੇ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਮ ਲਿਆ ਸੀ।
ਇਸ ਤੋਂ ਇਲਾਵਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਬਿਕਰਮਜੀਤ ਸਿੰਘ ਦੇ ਕਤਲ ਮਾਮਲੇ ਨੂੰ ਵੀ ਜਾਂਚ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ। ਮੰਗ ਪੱਤਰ ਅਨੁਸਾਰ, ਬਿਕਰਮਜੀਤ ਸਿੰਘ ਦਾ ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਵਫ਼ਦ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਮਾਮਲਿਆਂ ਦੀ ਵਿਆਪਕ ਪੱਧਰ ’ਤੇ ਜਾਂਚ ਕਰਵਾਈ ਜਾਵੇ ਅਤੇ ਇਸ ਵਿੱਚ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲਿਆਂ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇ। ਅਕਾਲੀ ਦਲ ਨੇ ਝੋਟਾ ਕਤਲਕਾਂਡ ਨੂੰ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਸੰਘਰਸ਼ ਨਾਲ ਜੋੜਦਿਆਂ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।