ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਹਮੇਸ਼ਾ ਝੂਠ ਬੋਲਦੇ ਹਨ ਪਰ ਲੋਕ ਹੁਣ ਸਭ ਸਮਝ ਚੁੱਕੇ ਹਨ ਅਤੇ ਕੇਜਰੀਵਾਲ ਦਾ ਅਸਲੀ ਚਿਹਰਾ ਹੁਣ ਜੱਗ ਜ਼ਾਹਰ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤਾ।

ਕੇਜਰੀਵਾਲ 'ਤੇ ਕਾਲੇ ਖੇਤੀ ਕਾਨੂੰਨਾਂ ਪ੍ਰਤੀ ਦੋਹਰੇ ਮਾਪਦੰਡ ਅਪਨਾਉਣ ਦਾ ਦੋਸ਼ ਲਾਉਂਦਿਆਂ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਕਿਸੇ ਮੰਤਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਸਵਾਲ ਕੀਤਾ, 'ਕੀ ਕੇਜਰੀਵਾਲ ਉਹ ਪਹਿਲਾ ਵਿਅਕਤੀ ਨਹੀਂ ਸੀ, ਜਿਸ ਨੇ ਇਨ੍ਹਾਂ ਕਾਨੂੰਨਾਂ ਨੂੰ ਦਿੱਲੀ ਵਿਚ ਲਾਗੂ ਕੀਤਾ ਸੀ?' ਧਰਮਸੋਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕੌਮੀ ਰਾਜਧਾਨੀ ਵਿਚ ਕੀਤੇ ਗਏ ਇਸ ਕੰਮ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਵਿਚ ਅਜਿਹੇ ਪਹਿਲੇ ਮੁੱਖ ਮੰਤਰੀ ਸਨ, ਜਿਨ੍ਹਾਂ ਨੇ ਪੰਜਾਬ ਵਿਚ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਾਨੂੰਨ ਪਾਸ ਕੀਤੇ ਸਨ।

ਮੰਤਰੀ ਨੇ ਕਿਹਾ ਕਿ ਕੇਜਰੀਵਾਲ ਕਿਵੇਂ ਪੰਜਾਬ ਦੀ ਸੱਤਾ ਸੰਭਾਲਣ ਦਾ ਸੁੁਪਨਾ ਲੈ ਸਕਦੇ ਹਨ, ਕਿਉਂਕਿ ਉਸ ਨੇ ਪਹਿਲਾਂ ਹੀ ਅਕਾਲੀ ਆਗੂ ਸੁੁਖਬੀਰ ਸਿੰਘ ਬਾਦਲ ਅਤੇ ਉਸ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਕੋਲੋਂ ਮੁੁਆਫੀ ਮੰਗੀ ਸੀ, ਜਿਨ੍ਹਾਂ ਨੂੰ ਲੋਕਾਂ ਨੇ ਬੁੁਰੀ ਤਰ੍ਹਾਂ ਨਕਾਰ ਦਿੱਤਾ ਸੀ। ਧਰਮਸੋਤ ਨੇ ਕਿਹਾ ਕਿ ਹਰ ਪੰਜਾਬੀ ਇਸ ਤੱਥ ਤੋਂ ਪੂਰੀ ਤਰ੍ਹਾਂ ਜਾਣੂ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਠਾਏ ਗਏ ਦਲੇਰਾਨਾ ਕਦਮਾਂ ਕਰਕੇ ਹੀ ਉਨ੍ਹਾਂ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਕਿਹਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਪਣੀਆਂ ਸਿਆਸੀ ਲਾਲਸਾਵਾਂ ਨੂੰ ਪੂਰਾ ਕਰਨ ਲਈ ਕੇਜਰੀਵਾਲ ਕਿਸਾਨ ਪੱਖੀ ਹੋਣ ਦਾ ਢੌਂਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐੱਨਆਈਏ ਨੋਟਿਸ ਭਿਜਵਾ ਕੇ ਕਿਸਾਨਾਂ 'ਤੇ ਦਬਾਅ ਬਣਾਉਣਾ ਚਾਹੁੰਦੇ ਹਨ ਪਰ ਪੰਜਾਬ ਦੇ ਕਿਸਾਨ ਕਿਸੇ ਤੋਂ ਨਹੀਂ ਡਰਦੇ।