ਰਾਜਾ ਵੜਿੰਗ ਦਾ ਮੁੱਖ ਮੰਤਰੀ ਸੈਣੀ ਨੂੰ ਸਿੱਧਾ ਚੈਲੇਂਜ: ਐੱਸ.ਵਾਈ.ਐੱਲ. ਤੇ ਚੰਡੀਗੜ੍ਹ ਦੇ ਮੁੱਦੇ ’ਤੇ ਸਥਿਤੀ ਸਪਸ਼ਟ ਕਰਨ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਪੰਜਾਬ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ, ਖ਼ਾਸ ਕਰਕੇ ਐੱਸ.ਵਾਈ.ਐੱਲ., ਚੰਡੀਗੜ੍ਹ ਦੇ ਤਬਾਦਲੇ ਅਤੇ ਹਰਿਆਣਾ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿਚ ਸ਼ਾਮਲ ਕਰਨ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।
Publish Date: Tue, 09 Jun 2026 08:46 AM (IST)
Updated Date: Tue, 09 Jun 2026 08:48 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਪੰਜਾਬ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ, ਖ਼ਾਸ ਕਰਕੇ ਐੱਸ.ਵਾਈ.ਐੱਲ., ਚੰਡੀਗੜ੍ਹ ਦੇ ਤਬਾਦਲੇ ਅਤੇ ਹਰਿਆਣਾ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿਚ ਸ਼ਾਮਲ ਕਰਨ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।
ਵੜਿੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਸੈਣੀ ਪੰਜਾਬ ਵਿਚ ਭਾਜਪਾ ਲਈ ਦੌਰੇ ਅਤੇ ਚੋਣ ਪ੍ਰਚਾਰ ਕਰ ਰਹੇ ਹਨ, ਉਹ ਦੋਹਰੀ ਸਿਆਸਤ ਕਰਨ ਵਰਗਾ ਹੈ। ਉਨ੍ਹਾਂ ਨੇ ਕਿਹਾ ਕਿ ਸੈਣੀ ਇੱਕੋ ਸਮੇਂ ਹਰਿਆਣਾ ਅਤੇ ਪੰਜਾਬ ਦੇ ਟਕਰਾਉਂਦੇ ਹਿੱਤਾਂ ਪ੍ਰਤੀ ਵਫ਼ਾਦਾਰ ਨਹੀਂ ਰਹਿ ਸਕਦੇ। ਵੜਿੰਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਕੁਝ ਗੰਭੀਰ ਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦੇ ਹਨ।
ਉਨ੍ਹਾਂ ਨੇ ਕਿਹਾ ਕਿ ਹਰ ਸੂਝਵਾਨ ਵਿਅਕਤੀ ਇਹ ਜਾਨਣਾ ਚਾਹੇਗਾ ਕਿ ਸੈਣੀ ਦਾ ਇਨ੍ਹਾਂ ਮੁੱਦਿਆਂ ’ਤੇ ਕੀ ਸਟੈਂਡ ਹੈ। ਉਨ੍ਹਾਂ ਨੇ ਸੈਣੀ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਪੰਜਾਬ ਤੋਂ ਵਾਧੂ ਪਾਣੀ ਦੀ ਆਪਣੀ ਬੇਬੁਨਿਆਦ ਮੰਗ ਛੱਡੋਗੇ ਅਤੇ ਚੰਡੀਗੜ੍ਹ ਨੂੰ ਪੰਜਾਬ ਨੂੰ ਸੌਂਪਣ ਦੀ ਪ੍ਰਕਿਰਿਆ ਵਿੱਚ ਸਹਿਯੋਗ ਦਿਓਗੇ, ਜੋ ਲੰਬੇ ਸਮੇਂ ਤੋਂ ਪੰਜਾਬ ਨੂੰ ਨਹੀਂ ਮਿਲਿਆ ਹੈ?
ਉਨ੍ਹਾਂ ਨੇ ਪੁੱਛਿਆ ਕਿ ਕੀ ਤੁਸੀਂ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ ਖੜ੍ਹੇ ਹੋ ਜਾਂ ਫਿਰ ਪੰਜਾਬ ਦੇ? ਵੜਿੰਗ ਨੇ ਇਹ ਵੀ ਸਵਾਲ ਕੀਤਾ ਕਿ ਜਦੋਂ ਭਾਜਪਾ ਕੋਲ ਪਹਿਲਾਂ ਹੀ ਕਾਂਗਰਸ ਤੋਂ ਆਏ ਕਈ ਸੀਨੀਅਰ ਆਗੂ ਮੌਜੂਦ ਹਨ ਤਾਂ ਫਿਰ ਸੂਬੇ ਅੰਦਰ ਪ੍ਰਚਾਰ ਲਈ ਇੱਕ ਅਜਿਹੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਦੀ ਲੋੜ ਕਿਉਂ ਪਈ ਹੈ, ਜਿਸ ਨਾਲ ਪੰਜਾਬ ਦੇ ਕੁਝ ਵਿਵਾਦਤ ਮੁੱਦੇ ਅਜੇ ਵੀ ਅਣਸੁਲਝੇ ਹਨ।