ਮੇਅਰ ਦੇ ਭਰੋਸੇ ਤੋਂ ਬਾਅਦ 92ਵੇਂ ਦਿਨ ਸਫ਼ਾਈ ਕਰਮਚਾਰੀਆਂ ਦਾ ਧਰਨਾ ਸਮਾਪਤ ਮੇਅਰ ਦੇ ਭਰੋਸੇ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਦਾ ਧਰਨਾ ਸਮਾਪਤ,
Publish Date: Thu, 29 Oct 2026 10:26 PM (IST)
Updated Date: Thu, 29 Oct 2026 10:28 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਮੰਗਾਂ ਨੂੰ ਲੈ ਕੇ ਪੰਜਾਬ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਲਗਾਤਾਰ 92 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਪਖ਼ਾਨੇ ਸਫ਼ਾਈ ਕਰਮਚਾਰੀਆਂ ਨੇ ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਮੰਗਾਂ ਮੰਨਣ ਦੇ ਲਿਖਤੀ ਭਰੋਸੇ ਤੋਂ ਬਾਅਦ ਵੀਰਵਾਰ ਨੂੰ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ (91ਵੇਂ ਦਿਨ) ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਅਤੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਮੌਜੂਦਗੀ ਚ ਯੂਨੀਅਨ ਆਗੂਆਂ ਨਾਲ ਉੱਚ-ਪੱਧਰੀ ਬੈਠਕ ਹੋਈ ਸੀ, ਜਿਸ ਚ ਕਮਿਸ਼ਨਰ ਵੱਲੋਂ ਠੇਕੇਦਾਰੀ ਪ੍ਰਥਾ ਖ਼ਤਮ ਕਰਨ, ਕੱਢੇ ਗਏ ਮੁਲਾਜ਼ਮਾਂ ਨੂੰ ਵਾਪਸ ਲੈਣ ਅਤੇ ਮਹਿਲਾ ਮੁਲਾਜ਼ਮਾਂ ਦਾ ਮਾਨਸਿਕ ਸ਼ੋਸ਼ਣ ਬੰਦ ਕਰਨ ਸਮੇਤ ਕਈ ਮੁੱਦਿਆਂ ਤੇ ਸਕਾਰਾਤਮਕ ਰੁਖ਼ ਦਿਖਾਇਆ ਗਿਆ ਸੀ ਪਰ ਮੇਅਰ ਦੀ ਗ਼ੈਰ-ਮੌਜੂਦਗੀ ਕਾਰਨ ਅੰਤਿਮ ਫ਼ੈਸਲਾ 29 ਅਕਤੂਬਰ ਲਈ ਮੁਲਤਵੀ ਕੀਤਾ ਗਿਆ ਸੀ। ਵੀਰਵਾਰ ਨੂੰ ਨਗਰ ਨਿਗਮ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਯੂਨੀਅਨ ਦੇ ਇਕ ਵਫ਼ਦ ਨੂੰ ਲਿਖਤੀ ਭਰੋਸਾ ਦਿੱਤਾ ਕਿ ਪਖ਼ਾਨੇ ਵਰਕਰਾਂ ਨੂੰ ਜਲਦ ਤੋਂ ਜਲਦ ਕੰਮ ਤੇ ਵਾਪਸ ਲਿਆ ਜਾਵੇਗਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਟਰੇਡ ਵਿੰਗ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਬੈਦਵਾਨ ਅਤੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਨੇ ਖ਼ੁਦ ਧਰਨੇ ਵਾਲੀ ਥਾਂ ਤੇ ਪਹੁੰਚ ਕੇ ਮੰਗਾਂ ਜਲਦ ਹੱਲ ਹੋਣ ਦਾ ਭਰੋਸਾ ਦਿਵਾਇਆ। ਮੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਾਂ ਸਬੰਧੀ ਮਤਾ ਭੇਜਿਆ ਗਿਆ ਸੀ, ਜੋਕਿ ਪਾਸ ਹੋ ਕੇ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਖ਼ਾਨੇ ਵਰਕਰਾਂ ਦਾ ਨਵਾਂ ਟੈਂਡਰ ਜਲਦੀ ਕੱਢਿਆ ਜਾਵੇਗਾ ਅਤੇ ਪੁਰਾਣੀ ਕੰਪਨੀ ਦਾ ਠੇਕਾ ਰੱਦ ਕੀਤਾ ਜਾਵੇਗਾ, ਜਿਸ ਨਾਲ ਪਹਿਲਾਂ ਦੀ ਤਰ੍ਹਾਂ ਪਖ਼ਾਨੇ ਵਰਕਰਾਂ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇਗਾ। ਇਸ ਮੌਕੇ ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਰੇਂਦਰ ਪਾਂਡੇ ਨੇ ਸਪੱਸ਼ਟ ਕੀਤਾ ਕਿ ਜੇਕਰ ਨਿਗਮ ਪ੍ਰਸ਼ਾਸਨ ਵੱਲੋਂ ਮੰਗਾਂ ਨੂੰ ਜਲਦ ਤੋਂ ਜਲਦ ਅਮਲੀ ਰੂਪ ਚ ਲਾਗੂ ਨਾ ਕੀਤਾ ਗਿਆ, ਤਾਂ ਕਰਮਚਾਰੀ ਦੁਬਾਰਾ ਧਰਨਾ ਲਗਾਉਣ ਲਈ ਮਜ਼ਬੂਰ ਹੋਣਗੇ।