- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਵਿਧਾਇਕ ਦੇ ਦਫ਼ਤਰ ਬਾਹਰ ਸਫ਼ਾਈ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ

ਫੋਟੋ ਕੈਪਸ਼ਨ: ਵਿਧਾਇਕ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਸਫ਼ਾਈ ਕਰਮਚਾਰੀ। 1ਪੀ
* ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
* ਮੁਲਾਜ਼ਮਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ : ਯੂਨੀਅਨ ਆਗੂ
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ
ਮੁਹਾਲੀ : ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵੱਲੋਂ ਬੁੱਧਵਾਰ ਨੂੰ ਸੈਕਟਰ-79 ਸਥਿਤ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ, ਸਥਾਨਕ ਸਰਕਾਰਾਂ ਵਿਭਾਗ ਤੇ ਨਗਰ ਨਿਗਮ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਸਫ਼ਾਈ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਹਨ ਅਤੇ ਸ਼ਹਿਰ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਘਰ-ਘਰ ਤੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਦੇ ਘਰਾਂ ਦਾ ਕੂੜਾ ਇਕੱਠਾ ਹੋ ਗਿਆ ਤੇ ਸ਼ਹਿਰ ਵਾਸੀ ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਕਾਫ਼ੀ ਪਰੇਸ਼ਾਨ ਹਨ।
ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲਗਾਤਾਰ ਆਵਾਜ਼ ਚੁੱਕਦੇ ਆ ਰਹੇ ਹਨ, ਪਰ ਮੁਹਾਲੀ ਪ੍ਰਸ਼ਾਸਨ ਤੇ ਨਿਗਮ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਰਕੇ ਉਨ੍ਹਾਂ ਨੂੰ ‘ਆਪ’ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਨੇ ਜਲਦੀ ਹੀ ਉਨ੍ਹਾਂ ਨਾਲ ਗੱਲਬਾਤ ਕਰਕੇ ਹੱਕੀ ਮੰਗਾਂ ਨਾ ਮੰਨੀਆਂ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਨਿਗਮ ਪ੍ਰਸ਼ਾਸਨ ਦੀ ਹੋਵੇਗੀ। ਉਧਰ, ਸਫ਼ਾਈ ਕਰਮਚਾਰੀਆਂ ਦੇ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਮੁਹਾਲੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ। ਵਿਧਾਇਕ ਦੇ ਦਫ਼ਤਰ ਦੇ ਅੰਦਰਲੇ ਹਿੱਸੇ ਅਤੇ ਬਾਹਰ ਸੋਹਾਣਾ ਥਾਣੇ ਦੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ।
ਸਫ਼ਾਈ ਕਰਮਚਾਰੀ ਬਿਨਾਂ ਵਜ੍ਹਾ ਲੋਕਾਂ ਨੂੰ ਪਰੇਸ਼ਾਨ ਕਰ ਰਹੇ ਨੇ : ਵਿਧਾਇਕ
‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਬਿਨਾਂ ਵਜ੍ਹਾ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਸਫ਼ਾਈ ਕਾਮਿਆਂ ਦੀ ਹੜਤਾਲ ਨਾਲ ਪੰਜਾਬ ਸਰਕਾਰ ਜਾਂ ਨਗਰ ਨਿਗਮ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਸਫ਼ਾਈ ਕਰਮਚਾਰੀਆਂ ਦਾ ਆਪਸੀ ਵਾਦ-ਵਿਵਾਦ ਹੈ, ਜੋ ਉਨ੍ਹਾਂ ਨੂੰ ਆਪਸ ਵਿਚ ਮਿਲ ਬੈਠ ਕੇ ਸੁਲਝਾ ਲੈਣਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਫ਼ਤਰੀ ਸਟਾਫ਼ ਤੋਂ ਪਹਿਲਾਂ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਪੱਕੇ ਕਰਨ ਤੇ ਉਨ੍ਹਾਂ ਦੀਆਂ ਤਨਖ਼ਾਹਾਂ ਦੁੱਗਣੀਆਂ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਸਫ਼ਾਈ ਕਾਮਿਆਂ ਨੂੰ ਨਿਯਮਾਂ ਤਹਿਤ ਰੈਗੂਲਰ ਕਰਨ ਲਈ ਬਾਕਾਇਦਾ ਨਗਰ ਨਿਗਮ ਨੇ ਮਤਾ ਪਾਸ ਕਰਕੇ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜਿਆ ਗਿਆ ਹੈ।