style="text-align: justify;"> ਸਤਵਿੰਦਰ ਸਿੰਘ ਧੜਾਕ, ਐੱਸਏਐੱਸ ਨਗਰ : ਪੰਜਾਬ ਵਿਧਾਨ ਸਭਾ 'ਚ ਦਰਬਾਰ ਸਾਹਿਬ ਵਿਚ ਬੀਬੀਆਂ ਵੱਲੋਂ ਕੀਰਤਨ ਕਰਨ ਦੇ ਹੱਕ ਸਬੰਧੀ ਪਾਸ ਕੀਤੇ ਗਏ ਮਤੇ 'ਤੇ ਸਵਾਲ ਖੜ੍ਹੇ ਹੋਣ ਲੱਗ ਪਏ ਹਨ। ਧਾਰਮਿਕ ਮਾਮਲਿਆਂ ਵਿਚ ਦਖ਼ਲ ਦੇਣ ਦੇ ਦੋਸ਼ ਲਾ ਕੇ ਸੰਤ ਸਮਾਜ ਨੇ ਇਸ ਮਾਮਲੇ ਵਿਚ ਕਾਂਗਰਸ ਸਰਕਾਰ ਨੂੰ ਬਾਜ਼ ਆਉਣ ਦੀ ਸਲਾਹ ਦਿੱਤੀ ਹੈ। ਮਤੇ ਦਾ ਵਿਰੋਧ ਕਰਦਿਆਂ ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਸੰਤ ਹਰੀ ਸਿੰਘ ਰੰਧਾਵੇ ਵਾਲ਼ਿਆਂ ਤੋਂ ਇਲਾਵਾ ਸੰਤ ਬਲਵਿੰਦਰ ਸਿੰਘ ਰਾੜਾ ਸਾਹਿਬ ਵਾਲ਼ਿਆਂ ਨੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਗੱਲ ਕਹੀ ਹੈ। ਸਮਾਜ ਦੇ ਮੈਂਬਰਾਂ ਨੇ ਸਪੱਸ਼ਟ ਕੀਤਾ ਹੈ ਕਿ ਸਿੱਖ ਧਰਮ ਦੇ ਪਰੰਪਰਿਕ ਮਾਮਲਿਆਂ ਵਿਚ ਦਖ਼ਲ ਦੇਣ ਨਾਲੋਂ ਚੰਗਾ ਹੈ ਕਿ ਸਰਕਾਰ ਬੇਅਦਬੀ ਮਾਮਲਿਆਂ 'ਤੇ ਆਪਣਾ ਧਿਆਨ ਕੇਂਦਰਿਤ ਕਰੇ।ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰਰੀਤ ਸਿੰਘ ਰੰਧਾਵਾ ਵਾਲਿਆਂ ਨੇ ਕਿਹਾ ਕਿ ਸਰਕਾਰ ਭਾਵੇਂ ਕੋਈ ਵੀ ਹੋਵੇ। ਇਸ ਤੋਂ ਪਹਿਲਾਂ ਜਦੋਂ ਬੇਅਦਬੀ ਮਾਮਲੇ ਹੋਏ ਸਨ ਅਤੇ ਬਿਨਾਂ ਮੰਗਿਆਂ ਸਰਸੇ ਵਾਲੇ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ ਸੀ। ਉਸ ਮਾਮਲੇ 'ਚ ਸੰਤ ਸਮਾਜ ਨੇ ਆਪਣਾ ਰੋਲ ਪੂਰੀ ਨਿਡਰਤਾ ਨਾਲ ਨਿਭਾਇਆ ਸੀ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਸਰਕਾਰ ਜਦੋਂ ਸਿਧਾਂਤਕ ਤੌਰ 'ਤੇ ਗ਼ਲਤੀਆਂ ਕਰੇਗੀ ਤਾਂ ਸੰਤ ਸਮਾਜ ਆਪਣੀ ਜ਼ਿੰਮੇਵਾਰਾਨਾ ਭੂਮਿਕਾ ਤੋਂ ਪਿਛਾਂਹ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਾਹਿਬ ਸ੍ਰੀ ਗੁਰੂ ਗ੍ੰਥ ਸਾਹਿਬ ਦੇ 550 ਸਾਲਾ ਗੁਰਪੁਰਬ ਮਨਾਵੇ ਪਰ ਧਾਰਮਿਕ ਮਾਮਲਿਆਂ ਵਿਚ ਦਖ਼ਲ-ਅੰਦਾਜ਼ੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।